ਕਿਸਾਨ ਅੰਦੋਲਨ 'ਤੇ ਹਾਈਕੋਰਟ ਨੇ ਹਰਿਆਣਾ ਅਤੇ ਪੰਜਾਬ ਪੁਲਿਸ ਨੂੰ ਲਗਾਈ ਫਟਕਾਰ, ਸ਼ੁਭਕਰਨ ਮਾਮਲੇ 'ਚ ਪੰਜਾਬ ਸਰਕਾਰ ਨੂੰ ਨੋਟਿਸ ਚੰਡੀਗੜ੍ਹ :ਪੰਜਾਬ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈਕੇ ਬੀਤੇ ਕੁਝ ਦਿਨਾਂ ਸੂਬੇ ਵਿੱਚ ਜੋ ਵੀ ਘਟਨਾਕ੍ਰਮ ਹੋਏ। ਹਰਿਆਣਾ ਪੰਜਾਬ ਬਾਰਡਰਾਂ ਉੱਤੇ ਹਿੰਸਕ ਮਾਹੌਲ ਬਣਿਆ, ਪੁਲਿਸ ਵੱਲੋਂ ਕਿਸਾਨਾਂ ਉੱਤੇ ਅੱਥਰੂ ਗੈਸ ਦੇ ਗੋਲੇ ਸੁੱਟੇ ਗਏ। ਲੋਕ ਜ਼ਖਮੀ ਹੋਏ ਆਦਿ, ਉਨ੍ਹਾਂ ਨਾਲ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਜਿਥੇ ਕਿਸਾਨਾਂ ਦੀਆਂ ਮੌਤਾਂ ਹੋਈਆਂ, ਉਥੇ ਹੀ ਆਮ ਜਨਤਾ ਨੂੰ ਵੀ ਕਾਫੀ ਦਿੱਕਤਾਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਇਸ ਸਭ ਨੂੰ ਲੈਕੇ ਅੱਜ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ ਅਤੇ ਇਸ ਦੌਰਾਨ ਹਾਈਕੋਰਟ ਨੇ ਹਰਿਆਣਾ ਅਤੇ ਪੰਜਾਬ ਪੁਲਿਸ ਨੂੰ ਫਟਕਾਰ ਲਗਾਈ ਹੈ। ਹਾਈਕੋਰਟ ਨੇ ਸਵਾਲ ਕੀਤਾ ਕਿ ਆਖਿਰ ਅਜਿਹੇ ਹਲਾਤ ਕਿਉ ਬਣੇ ਕਿ ਆਮ ਜਨਤਾ ਨੂੰ ਇੰਨੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਹਰਿਆਣਾ ਅਤੇ ਪੰਜਾਬ 'ਚ ਇੰਟਰਨੈੱਟ 'ਤੇ ਪਾਬੰਦੀ 'ਤੇ ਕੋਰਟ ਨੇ ਜਵਾਬ ਮੰਗਿਆ।
ਕਿਸਾਨਾਂ ਦੀ ਤਰਫੋਂ ਜਨਹਿਤ ਪਟੀਸ਼ਨ ਦਾਇਰ ਕਰਨ ਵਾਲੇ ਐਡਵੋਕੇਟ ਉਦੈ ਪ੍ਰਤਾਪ ਸਿੰਘ ਨੇ ਦੱਸਿਆ ਕਿ ਅੱਜ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਕਿਸਾਨ ਅੰਦੋਲਨ ਸਬੰਧੀ ਦਾਇਰ ਜਨਹਿੱਤ ਪਟੀਸ਼ਨ 'ਤੇ ਸੁਣਵਾਈ ਹੋਈ। ਪੰਜਾਬ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਫਟਕਾਰ ਲਗਾਈ ਕਿ ਸ਼ਾਂਤਮਈ ਪ੍ਰਦਰਸ਼ਨਾਂ 'ਤੇ ਅਜਿਹੇ ਯਤਨ ਕਿਉਂ ਕੀਤੇ ਜਾ ਰਹੇ ਹਨ? ਪਾਇਲਟ ਬੰਦੂਕ ਕਿਉਂ ਵਰਤੀ ਜਾ ਰਹੀ ਹੈ? ਇਸ ਸਬੰਧੀ ਜਵਾਬ ਮੰਗਿਆ ਗਿਆ ਹੈ। ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰਨ ਵਿੱਚ ਇੱਕ ਹਫ਼ਤਾ ਕਿਉਂ ਲੱਗਿਆ?
ਸ਼ੁਭਕਰਨ ਮਾਮਲੇ ਨੂੰ ਲੈਕੇ ਵੀ ਚੁੱਕੇ ਸਵਾਲ :ਉਥੇ ਹੀ, ਖਨੌਰੀ ਬਾਰਡਰ ਉੱਤੇ ਸ਼ਹੀਦ ਹੋਏ ਕਿਸਾਨ ਸ਼ੁਭਕਰਨ ਦੀ ਮੌਤ ਤੋਂ ਬਾਅਦ ਅੱਜ ਦਾਇਰ ਕੀਤੀ ਗਈ ਐਫਆਈਆਰ ’ਤੇ ਵੀ ਸਵਾਲ ਉਠਾਏ ਗਏ। ਅਦਾਲਤ ਨੇ ਇਹ ਟਿੱਪਣੀ ਵੀ ਕੀਤੀ ਹੈ ਕਿ ਇਸ ਮਾਮਲੇ ਵਿੱਚ ਦਾਇਰ ਪਟੀਸ਼ਨ ਨੂੰ ਲੈ ਕੇ ਕਿਸਾਨ ਆਗੂ ਅੱਗੇ ਨਹੀਂ ਆ ਰਹੇ। ਕਿਸਾਨ ਆਗੂ ਇਸ ਬਾਰੇ ਕੋਈ ਜਵਾਬ ਨਹੀਂ ਦੇ ਰਹੇ ਹਨ। ਅਦਾਲਤ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਜੋ ਵੀ ਕਾਰਵਾਈ ਹੁੰਦੀ ਹੈ ਉਸ ਨੂੰ ਲੈਕੇ ਕਿਸਾਨਾਂ ਨੂੰ ਅਦਾਲਤ ਦਾ ਹੁਕਮ ਮੰਨਣਾ ਪਵੇਗਾ।
ਸ਼ੁਭਕਰਨ ਦੀ ਮੌਤ ਦੇ ਮਾਮਲੇ ਵਿੱਚ ਐਫਆਈਆਰ ਦਰਜ: ਦੱਸਣਯੋਗ ਹੈ ਕਿ ਖਨੋਰੀ ਸਰਹੱਦ 'ਤੇ ਮਾਰੇ ਗਏ ਕਿਸਾਨ ਸ਼ੁਭਕਰਨ ਦੀ ਮੌਤ ਦੀ ਨਿਆਂਇਕ ਜਾਂਚ ਲਈ ਪਟੀਸ਼ਨ 'ਤੇ ਹਾਈ ਕੋਰਟ 'ਚ ਸੁਣਵਾਈ ਹੋਈ। ਇਸ ਮਾਮਲੇ ਵਿੱਚ ਪੰਜਾਬ,ਹਰਿਆਣਾ ਅਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਗਿਆ ਹੈ। ਇਸ ਦੇ ਨਾਲ ਹੀ, ਅੱਜ ਅਦਾਲਤ ਵਿੱਚ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਸ਼ੁਭਕਰਨ ਦੀ ਮੌਤ ਦੇ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਜਦੋਂ ਅਦਾਲਤ ਵੱਲੋਂ ਇਸ ਨੂੰ ਲੈਕੇ ਵੇਰਵੇ ਮੰਗੇ ਤਾਂ ਕਿਹਾ ਗਿਆ ਕਿ ਅੱਜ ਹੀ ਪੋਸਟਮਾਰਟਮ ਹੋਇਆ ਹੈ ਅਤੇ ਇਸ ਦੀ ਰਿਪੋਰਟ ਆਉਣੀ ਬਾਕੀ ਹੈ।
ਜ਼ਿਕਰਯੋਗ ਹੈ ਕਿ ਕੇਂਦਰ ਵੱਲੋਂ ਕਿਸਾਨਾਂ ਦੀਆਂ ਮਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਕਿਸਾਨ ਆਗੂ ਅੰਦੋਲਨ ਕਰ ਰਹੇ ਹਨ। ਪਰ ਹਰਿਆਣਾ ਪੁਲਿਸ ਵੱਲੋਂ ਬਾਰਡਰ ਉੱਤੇ ਬੈਰੀਕੇਡਿੰਗ ਕਰਕੇ ਕਿਸਾਨਾਂ ਨੂੰ ਦਿੱਲੀ ਕੁਚ ਤੋਂ ਰੋਕਿਆ ਜਾ ਰਿਹਾ ਹੈ। ਇਸ ਦੌਰਾਨ ਕਿਸਾਨਾਂ ਉੱਤੇ ਅੱਥਰੂ ਗੈਸ ਦੇ ਗੋਲੇ ਦਾਗੇ ਗਏ ਅਤੇ ਨਾਲ ਹੀ ਫਾਇਰਿੰਗ ਵੀ ਕੀਤੀ ਗਈ ਜਿਸ ਵਿੱਚ ਨੌਜਵਾਨ ਕਿਸਾਨ ਦੀ ਮੌਤ ਹੋ ਗਈ। ਇਸ ਤੋਂ ਬਾਅਦ ਅੱਜ ਕਈ ਦਿੰਨਾ ਬਾਅਦ ਸ਼ੁਭਕਰਨ ਦਾ ਸਸਕਾਰ ਕੀਤਾ ਜਾ ਰਿਹਾ ਹੈ। ਉਥੇ ਹੀ ਅਣਪਛਾਤਿਆਂ ਖਿਲਾਫ ਐਫ ਆਈ ਆਰ ਵੀ ਦਰਜ ਕੀਤੀ ਗਈ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਅਜੇ ਕਿਸਾਨ ਆਗੂਆਂ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਅੰਦੋਲਨ ਦੀ ਅਗਲੀ ਰਣਨੀਤੀ ਦਾ ਐਲਾਨ ਕਰਨਾ ਬਾਕੀ ਹੈ।