ਬਰਸਾਤੀ ਨਾਲਿਆਂ ਦੀ ਨਹੀਂ ਹੋਈ ਸਫ਼ਾਈ (Etv Bharat (ਰਿਪੋਰਟ - ਪੱਤਰਕਾਰ, ਬਰਨਾਲਾ)) ਬਰਨਾਲਾ:ਬਰਸਾਤ ਦੇ ਮੌਸਮ ਦੀ ਗੱਲ ਕਰੀਏ ਤਾਂ ਆਉਣ ਵਾਲੇ ਦਿਨਾਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪ੍ਰਸ਼ਾਸਨ ਵੱਲੋਂ ਡਰੇਨਾਂ ਦੀ ਸਫ਼ਾਈ ਸਬੰਧੀ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ। ਪਰ ਜ਼ਮੀਨੀ ਤੌਰ 'ਤੇ ਹਾਲਾਤ ਕੁਝ ਹੋਰ ਹੀ ਹਨ। ਬਰਨਾਲਾ ਵਿੱਚ ਬਰਸਾਤੀ ਨਾਲਿਆਂ ਦੀ ਸਫਾਈ ਨਹੀਂ ਹੋਈ। ਧਨੌਲਾ ਬਰਸਾਤੀ ਨਾਲੇ ਦੇ ਨਾਮ ਨਾਲ ਮਸ਼ਹੂਰ ਡਰੇਨ ਬੇਲ ਬੂਟੀਆਂ ਅਤੇ ਦਰੱਖਤਾਂ ਨਾਲ ਭਰੀ ਪਈ ਹੈ। ਜਿਸ ਦੀ ਸਫਾਈ ਵੱਲ ਜ਼ਿਲ੍ਹਾ ਪ੍ਰਸ਼ਾਸਨ ਧਿਆਨ ਨਹੀਂ ਦੇ ਰਿਹਾ।
ਜਿਸ ਕਰਕੇ ਕਿਸਾਨਾਂ ਨੂੰ ਆਉਣ ਵਾਲੇ ਮੀਂਹ ਦੇ ਦਿਨਾਂ ਵਿੱਚ ਆਪਣੀਆਂ ਫਸਲਾਂ ਖਰਾਬ ਹੋਣ ਦਾ ਡਰ ਸਤਾ ਰਿਹਾ ਹੈ। ਜਿਸਦੇ ਚੱਲਦੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਡਰੇਨ ਦੀ ਸਫ਼ਾਈ ਲਈ ਪ੍ਰਸ਼ਾਸਨ ਤੋਂ ਪੁਖਤਾ ਪ੍ਰਬੰਧ ਕਰਨ ਦੀ ਮੰਗ ਕੀਤੀ ਹੈ।
ਕਿਸਾਨਾਂ ਦੇ ਖੇਤਾਂ ਵਿੱਚ ਬੀਜੀ ਫ਼ਸਲ ਬਰਬਾਦ:ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜੱਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਪਿੰਡ ਧੌਲਾ ਨੇੜੇ ਪੈਂਦੀ ਧਨੌਲਾ ਡਰੇਨ ਜੋ ਕਿ ਕਈ ਪਿੰਡਾਂ ਨੂੰ ਜੋੜਦੀ ਹੈ। ਇਸਦੀ ਪਿਛਲੇ ਕੁਝ ਸਮੇਂ ਤੋਂ ਸਫ਼ਾਈ ਨਹੀਂ ਹੋਈ। ਸਫ਼ਾਈ ਨਾ ਹੋਣ ਕਾਰਨ ਡਰੇਨ ਦੇ ਅੰਦਰ ਵੱਡੀ ਪੱਧਰ 'ਤੇ ਪੌਦੇ ਉੱਗ ਚੁੱਕੇ ਹਨ ਪਰ ਪ੍ਰਸ਼ਾਸਨ ਨੇ ਬਰਸਾਤ ਦੇ ਮੌਸਮ ਤੋਂ ਪਹਿਲਾਂ ਕੋਈ ਪੁਖਤਾ ਪ੍ਰਬੰਧ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਜੇਕਰ ਬਰਸਾਤ ਹੁੰਦੀ ਹੈ ਤਾਂ ਬਰਸਾਤੀ ਪਾਣੀ ਨਾਲਿਆਂ ਵਿੱਚ ਵਹਿਣ ਕਾਰਨ ਕਿਸਾਨਾਂ ਦੇ ਖੇਤਾਂ ਵਿੱਚ ਬੀਜੀ ਫ਼ਸਲ ਬਰਬਾਦ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲੇ ਦੀ ਸਫ਼ਾਈ ਨਾ ਹੋਣ ਕਾਰਨ ਬਿਮਾਰੀਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਜਿਸ ਤੋਂ ਬਾਅਦ ਉਹ ਧਰਨਾ ਦੇਣ ਲਈ ਮਜ਼ਬੂਰ ਹੋਣਗੇ।
ਜਲਦ ਤੋਂ ਜਲਦ ਡਰੇਨਾਂ ਦੀ ਸਫ਼ਾਈ: ਉਨ੍ਹਾਂ ਮੰਗ ਕੀਤੀ ਕਿ ਆਸ-ਪਾਸ ਦੀਆਂ ਫੈਕਟਰੀਆਂ ਦਾ ਪਾਣੀ ਵੀ ਇਸ ਡਰੇਨ ਵਿੱਚ ਜਾਂਦਾ ਹੈ। ਜੇਕਰ ਪ੍ਰਸ਼ਾਸਨ ਅਤੇ ਫੈਕਟਰੀਆਂ ਵੱਲੋਂ ਡਰੇਨਾਂ ਦੀ ਸਫ਼ਾਈ ਕਰਵਾਈ ਜਾਵੇ ਤਾਂ ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਵੇਗੀ। ਅਜਿਹੇ 'ਚ ਜਿੱਥੇ ਆਉਣ ਵਾਲੇ ਦਿਨਾਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ। ਉੱਥੇ ਨਾਲਿਆਂ ਦੀ ਸਫ਼ਾਈ ਨਾ ਹੋਣਾ ਆਪਣੇ ਆਪ 'ਚ ਇੱਕ ਵੱਡਾ ਸਵਾਲ ਹੈ। ਇਸ ਲਈ ਪ੍ਰਸ਼ਾਸਨ ਨੂੰ ਜਲਦ ਤੋਂ ਜਲਦ ਡਰੇਨਾਂ ਦੀ ਸਫ਼ਾਈ ਕਰਵਾ ਕੇ ਪਿੰਡ ਵਾਸੀਆਂ ਅਤੇ ਕਿਸਾਨਾਂ ਨੂੰ ਰਾਹਤ ਪ੍ਰਦਾਨ ਕਰਨੀ ਚਾਹੀਦੀ ਹੈ।