ਚੰਡੀਗੜ੍ਹ: ਸੁਖਬੀਰ ਬਾਦਲ ਦੇ ਅਸਤੀਫੇ ਨੂੰ ਲੈ ਕੇ ਕੀਤੀ ਗਈ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਬੈਠਕ ਵਿੱਚ ਕੋਈ ਫੈਸਲਾ ਨਹੀਂ ਆਇਆ। ਪਾਰਟੀ ਪ੍ਰਧਾਨ ਅਤੇ ਹੋਰਨਾਂ ਸੀਨੀਅਰ ਆਗੂਆਂ ਨੇ ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਨੂੰ ਅਜੇ ਹੋਲਡ ਕਰਕੇ ਰੱਖਿਆ ਹੈ। ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਮੀਡੀਆ ਦੇ ਰੂਬਰੂ ਹੁੰਦਿਆਂ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਬਾਰੇ ਅਜੇ ਕੋਈ ਫ਼ੈਸਲਾ ਨਹੀਂ ਲਿਆ ਗਿਆ ਹੈ, ਇਸ ਬਾਰੇ ਜ਼ਿਲ੍ਹਾ ਤੇ ਹਲਕਾ ਪੱਧਰ ਦੀਆਂ ਮੀਟਿੰਗਾਂ ਕੀਤੀਆਂ ਜਾਣਗੀਆਂ।
ਜ਼ਿਲ੍ਹਾ ਪ੍ਰਧਾਨਾਂ ਦੀ ਲਈ ਜਾਵੇਗੀ ਰਾਏ
ਸੁਖਬੀਰ ਦੇ ਅਸਤੀਫ਼ੇ 'ਤੇ ਫੈਸਲੇ ਸਬੰਧੀ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਪਾਰਟੀ ਦੇ ਵਰਕਿੰਗ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ, ਹੁਣ ਜਿਲ੍ਹਾ ਅਤੇ ਹਲਕਾ ਪੱਧਰੀ ਮੀਟਿੰਗਾਂ ਹੋਣਗੀਆਂ ਅਤੇ ਮੀਟਿੰਗਾਂ ਤੋਂ ਬਾਅਦ ਹੀ ਕੋਈ ਫ਼ੈਸਲਾ ਅਸਤੀਫ਼ੇ ਬਾਰੇ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਵੱਲੋਂ ਹੁਣ ਤੱਕ ਕਈ ਪਾਰਟੀਆਂ ਨਾਲ ਮੱਥਾ ਲਾਉਂਦੇ ਹੋਏ ਡਟੇ ਰਹੇ ਹਨ। ਉਨ੍ਹਾਂ ਦੀ ਰਹਿਨੁਮਾਈ ਹੇਠ ਪੰਜਾਬ ਦੇ ਬਹੁਤ ਸਾਰੇ ਕੰਮ ਸੁਖਬੀਰ ਬਾਦਲ ਵੱਲੋਂ ਕੀਤੇ ਹੋਏ ਹਨ। ਇਸ ਲਈ ਇਨਾਂ ਜਲਦ ਹੀ ਉਹਨਾਂ ਦੇ ਅਸਤੀਫੇ ਨੂੰ ਮਨਜ਼ੂਰ ਕਰਨਾ ਸੌਖਾ ਨਹੀਂ ਹੈ। ਇਸ ਲਈ ਉਨ੍ਹਾਂ ਦਾ ਅਸਤੀਫ਼ਾ ਹਾਲੇ ਪ੍ਰਵਾਨ ਨਹੀਂ ਕੀਤਾ ਗਿਆ।