ਸੁਖਬੀਰ ਬਾਦਲ, ਪ੍ਰਧਾਨ ਅਕਾਲੀ ਦਲ ਮਾਨਸਾ: ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਭਰ ਦੇ ਵਿੱਚ ਪੰਜਾਬ ਬਚਾਓ ਯਾਤਰਾ ਕੱਢੀ ਜਾ ਰਹੀ ਹੈ, ਅੱਜ ਪੰਜਾਬ ਬਚਾਓ ਯਾਤਰਾ ਜਿਲ੍ਹਾ ਮਾਨਸਾ ਦੇ ਵਿੱਚ ਦਾਖਲ ਹੋਈ, ਜਿਸ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵੱਲੋਂ ਕੀਤੀ ਗਈ। ਇਸ ਦੌਰਾਨ ਪੰਜਾਬ ਬਚਾਓ ਯਾਤਰਾ ਵਿੱਚ ਵੱਡੀ ਤਾਦਾਦ 'ਚ ਕਿਸਾਨ ਟਰੈਕਟਰ-ਟਰਾਲੀਆਂ ਸਮੇਤ ਸ਼ਾਮਿਲ ਹੋਏ।
ਇਸ ਮੌਕੇ ਯਾਤਰਾ ਨੂੰ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਨੂੰ ਦਿੱਲੀ ਦੀਆਂ ਨੈਸ਼ਨਲ ਪਾਰਟੀਆਂ ਤੋਂ ਬਚਾਉਣ ਦੀ ਲੋੜ ਹੈ ਕਿਉਂਕਿ ਹਰ ਪਾਰਟੀ ਪੰਜਾਬ ਨੂੰ ਲੁੱਟਣ ਦੀ ਕੋਸ਼ਿਸ਼ ਕਰ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੈ, ਜੋ ਪੰਜਾਬ ਦੇ ਹਿੱਤਾਂ ਦੀ ਗੱਲ ਕਰਦੀ ਹੈ, ਪੰਜਾਬ ਦੀ ਕਿਸਾਨੀ ਨੂੰ ਬਚਾਉਣ ਦੀ ਗੱਲ ਕਰਦੀ ਹੈ ਅਤੇ ਪੰਜਾਬ ਨੂੰ ਤਰੱਕੀ ਦੇ ਰਾਹ ਤੇ ਲਿਜਾਣ ਦੀ ਗੱਲ ਕਰਦੀ ਹੈ।
ਉਹਨਾਂ ਕਿਹਾ ਕਿ ਪੰਜਾਬ ਦੇ ਵਿੱਚ ਜਦੋਂ ਵੀ ਵਿਕਾਸ ਹੋਇਆ ਹੈ ਤਾਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਦੌਰਾਨ ਹੋਇਆ ਹੈ ਪਰ ਅੱਜ ਪੰਜਾਬ ਨੂੰ ਇਕ ਲੱਖ ਕਰੋੜ ਰੁਪਏ ਦਾ ਕਰਜਾਈ ਕਰ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਅੱਜ ਪੰਜਾਬ ਨੂੰ ਭਾਰਤੀ ਜਨਤਾ ਪਾਰਟੀ, ਕਾਂਗਰਸ ਅਤੇ ਦਿੱਲੀ ਦੀ ਆਮ ਆਦਮੀ ਪਾਰਟੀ ਤੋਂ ਬਚਾਉਣ ਦੀ ਲੋੜ ਹੈ। ਉਹਨਾਂ ਮੁੱਖ ਮੰਤਰੀ ਭਗਵੰਤ ਮਾਨ ਤੇ ਤੰਜ ਕਸਦਿਆਂ ਕਿਹਾ ਕਿ ਮੁੱਖ ਮੰਤਰੀ ਦੇ ਇਲਾਕੇ ਵਿੱਚ ਜ਼ਹਿਰੀਲੀ ਸ਼ਰਾਬ ਦੇ ਨਾਲ 21 ਮੌਤਾਂ ਹੋ ਚੁੱਕੀਆਂ ਹਨ ਜਦੋਂ ਕਿ ਵੱਡੀ ਤਾਦਾਦ ਦੇ ਵਿੱਚ ਨਜਾਇਜ਼ ਸ਼ਰਾਬ ਵੀ ਫੜੀ ਗਈ ਹੈ, ਪਰ ਮੁੱਖ ਮੰਤਰੀ ਦਿੱਲੀ ਦੇ ਮੁੱਖ ਮੰਤਰੀ ਨੂੰ ਬਚਾਉਣ ਦੇ ਵਿੱਚ ਰੁੱਝਿਆ ਹੈ ਪਰ ਪੰਜਾਬ ਵਿੱਚ ਹੋਈਆਂ ਇਨਾਂ ਮੌਤਾਂ ਦਾ ਆਖਿਰਕਾਰ ਜਿੰਮੇਵਾਰ ਕੌਣ ਹੈ?
ਇਸ ਦੌਰਾਨ ਹੀ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਦਿੱਲੀ ਦੀਆਂ ਪਾਰਟੀਆਂ ਪੰਜਾਬ ਦੀਆਂ ਵਫ਼ਾਦਾਰ ਨਹੀਂ। ਇਹ ਪੰਜਾਬ ਨੂੰ ਲੁੱਟਣ ਆਉਂਦੀਆਂ ਹਨ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਭਾਈਚਾਰਕ ਸਾਂਝ ਅਤੇ ਅਮਨ ਸ਼ਾਂਤੀ ਦੇ ਨਾਲ ਪੰਜਾਬ ਨੂੰ ਤਰੱਕੀ ਦੇ ਰਾਹ ਲਿਆਂਦਾ। ਜੇਕਰ ਤੁਸੀ ਤਰੱਕੀ ਅਤੇ ਭਾਈਚਾਰਕ ਸਾਂਝ ਚਾਹੁੰਦੇ ਹੋ ਤਾਂ ਫਿਰ ਭਰੋਸੇ ਵਾਲੀ ਤੱਕੜੀ ਦਾ ਸਾਥ ਦਿਓ ਤਾਂ ਕਿ ਪੰਜਾਬ ਦੀ ਤਰੱਕੀ ਹੋ ਸਕੇ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸ਼ਰਾਬ ਦਾ ਘੁਟਾਲਾ ਕਰਕੇ ਪੰਜਾਬ ਨੂੰ ਲੁੱਟਿਆ ਹੈ।