ਪੰਜਾਬ ਵਿੱਚ ਮੋਦੀ ਦਾ ਹੋਵੇਗਾ ਵਿਰੋਧ (ETV Bharat Bathinda) ਬਠਿੰਡਾ :ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲੋਂ ਗੱਠਜੋੜ ਟੁੱਟਣ ਤੋਂ ਬਾਅਦ ਪੰਜਾਬ ਵਿੱਚ ਇਕੱਲਿਆਂ ਲੋਕ ਸਭਾ ਸੀਟ ਲੜ ਰਹੀ ਭਾਜਪਾ ਦੀਆਂ ਮੁਸ਼ਕਿਲਾਂ ਹੁਣ ਹੋਰ ਵੱਧਦੀਆਂ ਹੋਈਆਂ ਨਜ਼ਰਾਂ ਆ ਰਹੀਆਂ ਹਨ। ਭਾਜਪਾ ਦੇ ਉਮੀਦਵਾਰਾਂ ਦੇ ਹੱਕ ਵਿੱਚ ਪੰਜਾਬ ਵਿੱਚ ਚੋਣ ਰੈਲੀਆਂ ਨੂੰ 23 ਮਈ ਤੋਂ ਸੰਬੋਧਨ ਕਰਨ ਪਹੁੰਚ ਰਹੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਿਸਾਨ ਜਥੇਬੰਦੀਆਂ ਵੱਲੋਂ ਜ਼ਬਰਦਸਤ ਵਿਰੋਧ ਕਰਨ ਦਾ ਐਲਾਨ ਕੀਤਾ ਗਿਆ ਹੈ ਅਤੇ ਇਸ ਵਿਰੋਧ ਪ੍ਰਦਰਸ਼ਨ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਅਗੇਤੀਆਂ ਤਿਆਰੀਆਂ ਆਰੰਭ ਦਿੱਤੀਆਂ ਹਨ ਅਤੇ ਬੈਠਕਾਂ ਦਾ ਦੌਰ ਲਗਾਤਾਰ ਜਾਰੀ ਹੈ।
ਕਿਸਾਨ ਅੰਦੋਲਨ ਦੌਰਾਨ ਮੰਨੀਆਂ ਹੋਈਆਂ ਮੰਗਾਂ ਲਾਗੂ ਨਾ ਕੀਤੇ ਜਾਣ ਲਖਮੀਰਪੁਰ ਖੀਰੀ ਦੀ ਘਟਨਾ ਦਾ ਇਨਸਾਫ ਨਾ ਦੇਣ ਅਤੇ ਹੋਰਨਾਂ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਪੰਜਾਬ ਵਿੱਚ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਦੇ ਉਮੀਦਵਾਰਾਂ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਗਿਆ ਸੀ ਅਤੇ ਇਸੇ ਲੜੀ ਤਹਿਤ ਪੰਜਾਬ ਭਰ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਭਾਜਪਾ ਦੇ ਉਮੀਦਵਾਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਕਈ ਥਾਈ ਕਿਸਾਨਾਂ ਉੱਪਰ ਵਿਰੋਧ ਪ੍ਰਦਰਸ਼ਨ ਦੇ ਚਲਦਿਆਂ ਲਾਠੀ ਚਾਰਜ ਜਿਹੀਆਂ ਘਟਨਾਵਾਂ ਵੀ ਸਾਹਮਣੇ ਆਈਆਂ ਸਨ।
ਵਿਰੋਧ ਦਾ ਐਲਾਨ: ਪੰਜਾਬ ਭਾਜਪਾ ਦੇ ਉਮੀਦਵਾਰਾਂ ਦੇ ਚੋਣ ਪ੍ਰਚਾਰ ਲਈ 23 ਮਈ ਨੂੰ ਪਹੁੰਚ ਰਹੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪਟਿਆਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਜਬਰਦਸਤ ਵਿਰੋਧ ਕਰਨ ਦਾ ਐਲਾਨ ਕੀਤਾ ਗਿਆ ਹੈ ਅਤੇ ਇਸ ਵਿਰੋਧ ਪ੍ਰਦਰਸ਼ਨ ਦੀ ਰਣਨੀਤੀ ਨੂੰ ਲੈ ਕੇ ਬਰਨਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸੂਬਾ ਪੱਧਰੀ ਕਮੇਟੀ ਵੱਲੋਂ ਵਿਸ਼ੇਸ਼ ਬੈਠਕ ਕੀਤੀ ਗਈ ਇਸ ਬੈਠਕ ਦੌਰਾਨ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਕਿਸਾਨ ਅੰਦੋਲਨ ਦੀਆਂ ਮੰਨੀਆਂ ਹੋਈਆਂ ਮੰਗਾਂ ਲਾਗੂ ਨਾ ਕਰਨ ਅਤੇ ਹੋਰਨਾਂ ਮੰਗਾਂ ਨੂੰ ਲੈ ਕੇ ਜਿੱਥੇ ਭਾਜਪਾ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ, ਉੱਥੇ ਹੀ ਇਸੇ ਲੜੀ ਤਹਿਤ ਚੋਣ ਪ੍ਰਚਾਰ ਲਈ ਆ ਰਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਬਰਦਸਤ ਵਿਰੋਧ ਕੀਤਾ ਜਾਵੇਗਾ ਵੱਖ-ਵੱਖ ਜਿਲਿਆਂ ਤੋਂ ਜਥੇਬੰਦੀ ਦੇ ਵਰਕਰ ਵੱਡੀ ਗਿਣਤੀ ਵਿੱਚ ਆਪਣੇ ਆਪਣੇ ਸਾਧਨਾਂ ਅਤੇ ਬੱਸਾਂ ਰਾਹੀਂ ਪਟਿਆਲਾ ਵਿਖੇ ਨਰਿੰਦਰ ਮੋਦੀ ਦੀ ਰੈਲੀ ਦਾ ਵਿਰੋਧ ਕਰਨ ਲਈ ਪਹੁੰਚਣਗੇ ਅਗਰ ਪ੍ਰਸ਼ਾਸਨ ਵੱਲੋਂ ਉਹਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹ ਆਪਣੇ ਢੰਗ ਤਰੀਕੇ ਨਾਲ ਨਰਿੰਦਰ ਮੋਦੀ ਦਾ ਵਿਰੋਧ ਕਰਨਗੇ।
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਧਨੇਰ ਦੇ ਆਗੂ ਅਮਰਜੀਤ ਸਿੰਘ ਨੇ ਕਿਹਾ ਕਿ ਦਿੱਲੀ ਕਿਸਾਨ ਆੰਦੋਲਨ ਦੀਆਂ ਰਹਿੰਦੀਆਂ ਮੰਗਾਂ ਲਖਮੀਰਪੁਰ ਖੀਰ ਦੀ ਘਟਨਾ ਪੰਜਾਬ ਦੇ ਬਾਰਡਰਾਂ ਤੇ ਬੈਠੇ ਕਿਸਾਨਾਂ 'ਤੇ ਗੋਲੀ ਚਲਾਉਣੀ ਅਤੇ ਕਿਸਾਨ ਸ਼ੁਭ ਕਰਨ ਸਿੰਘ ਗੋਲੀ ਮਾਰਨ ਵਾਲੇ ਅਧਿਕਾਰੀਆਂ ਤੇ ਕਾਰਵਾਈ ਨਾ ਕਰਨਾ ਆਦਿ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਲਗਾਤਾਰ ਭਾਜਪਾ ਦਾ ਵਿਰੋਧ ਕੀਤਾ ਜਾ ਰਿਹਾ ਹੈ। ਹੁਣ ਪੰਜਾਬ ਵਿੱਚ ਭਾਜਪਾ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਆ ਰਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵੀ ਜਬਰਦਸਤ ਵਿਰੋਧ ਕੀਤਾ ਜਾਵੇਗਾ ਅਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਬਣਾਈ ਗਈ ਰਣਨੀਤੀ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਿਰੋਧ ਕੀਤਾ ਜਾਵੇਗਾ।
ਸਰਹੱਦਾਂ ਉੱਤੇ ਡਟੇ ਕਿਸਾਨ: ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਆਗੂ ਰੇਸ਼ਮ ਸਿੰਘ ਯਾਤਰੀ ਨੇ ਕਿਹਾ ਕਿ ਫਰਵਰੀ ਮਹੀਨੇ ਤੋਂ ਲਗਾਤਾਰ ਕਿਸਾਨਾਂ ਵੱਲੋਂ ਪੰਜਾਬ ਦੇ ਬਾਰਡਰਾਂ 'ਤੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਇਹਨਾਂ ਕਿਸਾਨਾਂ ਨੂੰ ਭਾਜਪਾ ਦੀ ਸ਼ੈਅ ਉੱਪਰ ਦਿੱਲੀ ਜਾਣ ਤੋਂ ਰੋਕਿਆ ਜਾ ਰਿਹਾ ਹੈ। ਹੁਣ ਜਦੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਜਪਾ ਦੇ ਉਮੀਦਵਾਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਪੰਜਾਬ ਆ ਰਹੇ ਹਨ ਤਾਂ ਸੰਯੁਕਤ ਕਿਸਾਨ ਮੋਰਚਾ ਰਾਜਨੀਤਿਕ ਵੱਲੋਂ ਇਹਨਾਂ ਦਾ ਵਿਰੋਧ ਕੀਤਾ ਜਾਵੇਗਾ, ਕਿਉਂਕਿ ਇਹਨਾਂ ਵੱਲੋਂ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਤੇ ਅਥਰੂ ਗੈਸ ਦੇ ਗੋਲੇ ਅਤੇ ਗੋਲੀਆਂ ਚਲਵਾਈਆਂ ਗਈਆਂ ਅਤੇ ਦੇਸ਼ ਦੇ ਕਿਸਾਨਾਂ ਨੂੰ ਆਪਣੀ ਹੀ ਰਾਜਧਾਨੀ ਵਿੱਚ ਜਾਣ ਤੋਂ ਰੋਕਿਆ ਗਿਆ। ਅਜਿਹੇ ਵਿੱਚ ਕਿਸਾਨਾਂ ਵੱਲੋਂ ਭਾਜਪਾ ਦਾ ਜਿੱਥੇ ਵਿਰੋਧ ਕੀਤਾ ਜਾ ਰਿਹਾ ਹੈ, ਉਥੇ ਹੀ ਦੇਸ਼ ਦੇ ਪ੍ਰਧਾਨ ਮੰਤਰੀ ਜੋ ਚੋਣ ਪ੍ਰਚਾਰ ਲਈ ਪੰਜਾਬ ਆ ਰਹੇ ਹਨ, ਉਹਨਾਂ ਦਾ ਵੀ ਜਬਰਦਸਤ ਵਿਰੋਧ ਕੀਤਾ ਜਾਵੇਗਾ।
ਪਹਿਲਾ ਵੀ ਹੋਇਆ ਸੀ ਵਿਰੋਧ: ਇਥੇ ਦੱਸਣ ਯੋਗ ਹੈ ਕਿ 5 ਜਨਵਰੀ 2022 ਨੂੰ ਪੰਜਾਬ ਦੇ ਫਿਰੋਜ਼ਪੁਰ ਵਿਖੇ ਰੈਲੀ ਨੂੰ ਸੰਬੋਧਨ ਕਰਨ ਲਈ ਜਾ ਰਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਿਸਾਨਾਂ ਵੱਲੋਂ ਜ਼ਬਰਦਸਤ ਵਿਰੋਧ ਕੀਤਾ ਗਿਆ ਸੀ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਾਫਲਾ ਕਿਸਾਨਾਂ ਵੱਲੋਂ ਸੜਕ ਜਾਮ ਕਰਕੇ ਫਿਰੋਜ਼ਪੁਰ ਤੋਂ ਕੁਝ ਦੂਰੀ ਤੇ ਪਹਿਲਾਂ ਹੀ ਰੋਕ ਲਿਆ ਗਿਆ ਸੀ ਜਿਸ ਕਾਰਨ ਪ੍ਰਧਾਨ ਮੰਤਰੀ ਦਾ ਕਾਫਲਾ ਵਾਪਸ ਹਵਾਈ ਅੱਡਾ ਬਠਿੰਡਾ ਪਰਤਿਆ ਸੀ ਅਤੇ ਫਿਰੋਜ਼ਪੁਰ ਵਿਖੇ ਰੈਲੀ ਨੂੰ ਸੰਬੋਧਨ ਨਹੀਂ ਕਰ ਸਕੇ ਸਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ।