ਚੰਡੀਗੜ੍ਹ/ਅੰਮ੍ਰਿਤਸਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਤਾਲਮੇਲ ਕਰਦਿਆਂ, ਅਜਨਾਲਾ ਤੋਂ ਤਿੰਨ ਕਾਰਕੁੰਨਾਂ ਨੂੰ ਗ੍ਰਿਫਤਕਾਰ ਕਰਕੇ ਅਮਰੀਕਾ ਸਥਿਤ ਤਸਕਰ ਸਰਵਣ ਸਿੰਘ ਉਰਫ਼ ਭੋਲਾ ਹਵੇਲੀਆਂ ਦੀ ਹਮਾਇਤ ਪ੍ਰਾਪਤ ਨਾਰਕੋਟਿਕਸ ਅਤੇ ਸੰਗਠਿਤ ਅਪਰਾਧ ਦੇ ਗਠਜੋੜ ਦਾ ਪਰਦਾਫਾਸ਼ ਕੀਤਾ ਹੈ।
ਇਹ ਬਰਾਮਦਗੀ ਹੋਈ: ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਸ਼ਨੀਵਾਰ ਨੂੰ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਕਰਨਜੀਤ ਸਿੰਘ ਵਾਸੀ ਖਾਲੜਾ, ਤਰਨਤਾਰਨ, ਅਕਾਸ਼ ਸੇਠ ਉਰਫ਼ ਰਘੂ ਅਤੇ ਸੁਖਦੀਪ ਸਿੰਘ ਦੋਵੇਂ ਵਾਸੀ ਰਾਜਾ ਸਾਂਸੀ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ 6 ਪਿਸਤੌਲਾਂ ਜਿਨ੍ਹਾਂ ਚੋਂ 5, 30 ਬੋਰ ਸਟਾਰ ਪਿਸਤੌਲ ਅਤੇ ਇੱਕ 9 ਐਮਐਮ ਗਲਾਕ ਸਮੇਤ 6 ਜਿੰਦਾ ਕਾਰਤੂਸ ਅਤੇ 10 ਮੈਗਜ਼ੀਨ, 200 ਗ੍ਰਾਮ ਹੈਰੋਇਨ ਅਤੇ ਇੱਕ ਵਜ਼ਨ ਤੋਲਣ ਵਾਲੀ ਇਲੈਕਟਰਾਨਿਕ ਮਸ਼ੀਨ ਵੀ ਬਰਾਮਦ ਕੀਤੀ ਹੈ।
ਜ਼ਿਕਰਯੋਗ ਹੈ ਕਿ ਭੋਲਾ ਹਵੇਲੀਆਂ,ਜਿਸ ਦੀ ਗ੍ਰਿਫਤਾਰੀ ’ਤੇ 2 ਲੱਖ ਰੁਪਏ ਦਾ ਇਨਾਮ ਸੀ, ਕਥਿਤ ਨਸ਼ਾ ਤਸਕਰ ਰਣਜੀਤ ਉਰਫ ਚੀਤਾ ਦਾ ਭਰਾ ਹੈ ਅਤੇ 532 ਕਿਲੋ ਹੈਰੋਇਨ ਦੇ ਮਾਮਲੇ ’ਚ ਲੋੜੀਂਦਾ ਸੀ, ਜਿਸ ਦੇ ਸਬੰਧ ਵਿੱਚ ਉਸਨੂੰ ਮਈ 2020 ’ਚ ਗ੍ਰਿਫਤਾਰ ਕੀਤਾ ਗਿਆ ਸੀ। ਰਣਜੀਤ ਚੀਤਾ ਜੁਲਾਈ 2019 ਵਿੱਚ ਆਈਸੀਪੀ ਅਟਾਰੀ ਵਿਖੇ ਕਸਟਮ ਵਿਭਾਗ ਦੁਆਰਾ ਜ਼ਬਤ ਕੀਤੀ ਗਈ ਹੈਰੋਇਨ ਦੇ 532 ਪੈਕੇਟ ਦੀ ਤਸਕਰੀ ਦੇ ਕੇਸ ਵਿੱਚ ਮਾਸਟਰਮਾਈਂਡ ਸੀ, ਜਿਸ ਕੇਸ ਦੀ ਜਾਂਚ ਐਨਆਈਏ ਦੁਆਰਾ ਕੀਤੀ ਜਾ ਰਹੀ ਹੈ।
ਸੂਚਨਾ ਮਿਲਣ ਉੱਤੇ ਹੋਈ ਕਾਰਵਾਈ:ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਖ਼ਤਾ ਇਤਲਾਹ ਮਿਲੀ ਸੀ ਕਿ ਸਰਵਣ ਸਿੰਘ ਦੇ ਸਾਥੀਆਂ ਨੇ ਹਥਿਆਰਾਂ ਦੀ ਖੇਪ ਬਰਾਮਦ ਕੀਤੀ ਹੈ ਅਤੇ ਉਹ ਇਸ ਖੇਪ ਨੂੰ ਕਿਸੇ ਹੋਰ ਨੂੰ ਸੌਂਪਣ ਜਾ ਰਿਹਾ ਹੈ ਜਿਸ ਉੱਤੇ ਤੁਰੰਤ ਕਾਰਵਾਈ ਕਰਦਿਆਂ ਸੀਆਈਏ ਸਟਾਫ਼ ਦੀਆਂ ਪੁਲਿਸ ਟੀਮਾਂ ਨੇ ਅਜਨਾਲਾ ਦੇ ਅਧਿਕਾਰ ਖੇਤਰ ਵਿੱਚ ਵਿਸ਼ੇਸ਼ ਪੁਲਿਸ ਚੈਕਿੰਗ ਕੀਤੀ ਅਤੇ ਤਿੰਨਾਂ ਮੁਲਜ਼ਮਾਂ ਨੂੰ 6 ਪਿਸਤੌਲਾਂ, 10 ਮੈਗਜ਼ੀਨ ਸਣੇ ਗ੍ਰਿਫਤਾਰ ਕੀਤਾ।