ਜਲੰਧਰ: ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਵਿਚ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇਕ ਹੋਰ ਖੁਫੀਆ ਮੁਹਿੰਮ ਦੌਰਾਨ ਖ਼ਤਰਨਾਕ ਗੈਂਗਸਟਰ ਲਖਬੀਰ ਸਿੰਘ ਲੰਡਾ ਦੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਤਿੰਨ ਨੂੰ ਗਿਰਫਤਾਰ ਕਰਕੇ 17 ਹੱਥਿਆਰ ਅਤੇ 33 ਮੈਗਜ਼ੀਨ ਬਰਾਮਦ ਕੀਤੇ ਹਨ।
ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗੈਂਗਸਟਰ ਲਖਬੀਰ ਸਿੰਘ ਲੰਡਾ ਦੇ ਤਿੰਨ ਸਾਥੀ ਕਾਬੂ - ਗੈਂਗਸਟਰ ਲਖਬੀਰ ਲੰਡਾ ਦੇ ਸਾਥੀ ਕਾਬੂ
ਜਲੰਧਰ ਕਮਿਸ਼ਨਰੇਟ ਪੁਲਿਸ ਨੇ ਲੰਡਾ ਗੈਂਗ ਦੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਹਥਿਆਰਾਂ ਦੀ ਤਸਕਰੀ ਵਿਚ ਸ਼ਾਮਿਲ ਗੈਂਗਸਟਰ ਲਖਬੀਰ ਸਿੰਘ ਲੰਡਾ ਦੇ ਤਿੰਨ ਸਾਥੀ ਕਾਬੂ ਕੀਤੇ ਹਨ। ਪੁਲਿਸ ਨੇ ਹਵਾਲਾ ਪੈਸਿਆਂ ਰਾਹੀਂ ਪ੍ਰਾਪਤ ਕੀਤੇ 17 ਹਥਿਆਰ ਅਤੇ 33 ਮੈਗਜ਼ੀਨ ਵੀ ਬਰਾਮਦ ਕੀਤੇ ਹਨ।
Published : Feb 26, 2024, 9:51 AM IST
7 ਦਿਨ ਚੱਲਿਆ ਸਰਚ ਅਪ੍ਰੇਸ਼ਨ: ਮਾਮਲੇ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਇਹ ਬਹੁਤ ਹੀ ਭਰੋਸੇਯੋਗ ਸੂਤਰਾਂ ਤੋਂ ਮਿਲੀ ਸੂਚਨਾ ਦੇ ਆਧਾਰ 'ਤੇ ਸੱਤ ਦਿਨਾਂ ਤੱਕ ਆਪ੍ਰੇਸ਼ਨ ਚੱਲਿਆ ਸੀ। ਉਨ੍ਹਾਂ ਕਿਹਾ ਕਿ ਪੁਲਿਸ ਨੇ ਇਸ ਰੈਕੇਟ ਦਾ ਪਰਦਾਫਾਸ਼ ਕਰਨ ਲਈ ਜਾਲ ਵਿਛਾਇਆ ਸੀ। ਜਿਸ ਤਹਿਤ ਤਿੰਨ ਅਪਰਾਧੀਆਂ ਜਿਹਨਾਂ ਦੀ ਪਛਾਣ ਕੁਨਾਲ, ਗੁਰਲਾਲ ਅਤੇ ਪਰਵੇਜ਼ ਵੱਜੋਂ ਹੋਈ ਹੈ। ਇਹਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸਵਪਨ ਸ਼ਰਮਾ ਨੇ ਦੱਸਿਆ ਕਿ ਕੁਨਾਲ ਨਾਮ ਦਾ ਨੌਜਵਾਨ ਫਿਰੋਜ਼ਪੁਰ ਦਾ ਵਸਨੀਕ ਹੈ ਅਤੇ ਉਸ ਖ਼ਿਲਾਫ਼ ਅਸਲਾ ਐਕਟ, ਕਤਲ ਦੀ ਕੋਸ਼ਿਸ਼ ਅਤੇ ਨਸ਼ਾ ਤਸਕਰੀ ਦੇ ਸੱਤ ਮੁਕੱਦਮੇ ਪੈਂਡਿੰਗ ਹਨ, ਉਨ੍ਹਾਂ ਦੱਸਿਆ ਕਿ ਗੁਰਲਾਲ ਅਤੇ ਪਰਵੇਜ਼ ਪੱਟੀ ਵਾਸੀ ਚਚੇਰੇ ਭਰਾ ਹਨ ਅਤੇ 20 ਸਾਲਾਂ ਦੇ ਕਰੀਬ ਹਨ।
ਗੈਂਗਸਟਰ ਲਖਬੀਰ ਸਿੰਘ ਲੰਡਾ ਨਾਲ ਨੇੜਤਾ:ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਹਥਿਆਰਾਂ ਦੀ ਸਪਲਾਈ ਮੱਧ ਪ੍ਰਦੇਸ਼ ਦੇ ਇੰਦੌਰ ਵਾਸੀ ਕੁਨਾਲ ਵੱਲੋਂ ਕੀਤੀ ਜਾਂਦੀ ਸੀ। ਉਨ੍ਹਾਂ ਅੱਗੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਗੁਰਲਾਲ ਦਾ ਭਰਾ ਸ਼ਰਨਜੀਤ, ਜੋ ਇਸ ਸਮੇਂ ਜੇਲ 'ਚ ਬੰਦ ਹੈ, ਦੀ ਅਮਰੀਕਾ ਰਹਿੰਦੇ ਗੈਂਗਸਟਰਾਂ ਗੁਰਦੇਵ ਗਿੱਲ ਅਤੇ ਲਖਬੀਰ ਸਿੰਘ ਲੰਡਾ ਨਾਲ ਨੇੜਤਾ ਹੈ, ਜੋ ਕਿ ਫਿਰੌਤੀ ਅਤੇ ਅੱਤਵਾਦੀ ਗਤੀਵਿਧੀਆਂ 'ਚ ਸ਼ਾਮਲ ਹਨ। ਸਵਪਨ ਸ਼ਰਮਾ ਨੇ ਦੱਸਿਆ ਕਿ ਲੰਡਾ ਅਤੇ ਗਿੱਲ ਇਸ ਰੈਕੇਟ ਦੇ ਹੈਂਡਲਰ ਹਨ ਅਤੇ ਕਿਹਾ ਕਿ ਇੰਦੌਰ ਦੇ ਕੁਨਾਲ ਨੂੰ ਉਨ੍ਹਾਂ ਵੱਲੋਂ ਹਵਾਲਾ ਚੈਨਲ ਰਾਹੀਂ ਦੇਸੀ ਹਥਿਆਰ ਖਰੀਦਣ ਲਈ ਪੈਸੇ ਦਿੱਤੇ ਗਏ ਸਨ।
ਫਿਰੋਜ਼ਪੁਰ ਜ਼ਿਲ੍ਹਿਆਂ ਵਿੱਚ ਵੱਖ-ਵੱਖ ਥਾਵਾਂ ਤੋਂ ਜ਼ਬਤ ਕੀਤੇ ਹਥਿਆਰ: ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੇ.32 ਬੋਰ ਦੇ 12 ਪਿਸਤੌਲ, 5.34 ਬੋਰ ਦੇ ਪੰਜ ਪਿਸਤੌਲ, 33 ਮੈਗਜ਼ੀਨ ਅਤੇ 20 ਜਿੰਦਾ ਕਾਰਤੂਸ ਬਰਾਮਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਹ ਹਥਿਆਰ ਤਰਨਤਾਰਨ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿੱਚ ਵੱਖ-ਵੱਖ ਥਾਵਾਂ ਤੋਂ ਜ਼ਬਤ ਕੀਤੇ ਗਏ ਹਨ ਅਤੇ ਇਹ ਹਥਿਆਰ ਮੋਗਾ, ਫਿਰੋਜ਼ਪੁਰ ਅਤੇ ਤਰਨਤਾਰਨ ਜ਼ਿਲ੍ਹਿਆਂ ਵਿੱਚ ਫੈਲੇ ਲੰਡਾ ਦੇ ਸਾਥੀਆਂ ਲਈ ਸਨ। ਸਵਪਨ ਸ਼ਰਮਾ ਨੇ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।