ਬਠਿੰਡਾ: ਖਾਲਸਾ ਸਾਜਨਾ ਦਿਵਸ ‘ਵਿਸਾਖੀ’ ਜੋੜ ਮੇਲੇ ਮੌਕੇ ਸਿੱਖ ਕੌਮ ਦੇ ਚੌਥੇ ਤਖ਼ਤ,ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸਾਖੀ ਦਾ ਤਿੰਨ ਰੋਜ਼ਾ ਜੋੜ ਮੇਲਾ ਅੱਜ ਤੋਂ ਸ਼ੁਰੂ ਹੋ ਗਿਆ ਹੈ। ਸੰਗਤਾਂ ਦੀ ਭਾਰੀ ਆਮਦ ਨੂੰ ਦੇਖਦਿਆਂ ਵਿਸਾਖੀ ਮੌਕੇ ਲੱਖਾਂ ਦੀ ਤਦਾਦ ਵਿੱਚ ਪੁੱਜਣ ਵਾਲੀਆਂ ਸੰਗਤਾਂ ਲਈ ਲੰਗਰਾਂ ਅਤੇ ਰਿਹਾਇਸ਼ ਦੇ ਖਾਸ ਪ੍ਰਬੰਧ ਕੀਤੇ ਗਏ ਹਨ।
ਵਿਸਾਖੀ ਦੀਆਂ ਤਿਆਰੀਆਂ ਮੁਕੰਮਲ: ਦੱਸ ਦਈਏ ਕਿ 11 ਤੋਂ 14 ਅਪ੍ਰੈਲ ਤੱਕ ਸਿੱਖ ਕੌਮ ਦੇ ਚੌਥੇ ਤਖ਼ਤ,ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਲੱਗਣ ਵਾਲੇ ਖਾਲਸਾ ਸਾਜਨਾ ਦਿਵਸ ‘ਵਿਸਾਖੀ’ ਜੋੜ ਮੇਲੇ ਲਈ ਸ਼੍ਰੋਮਣੀ ਕਮੇਟੀ ਨੇ ਪੂਰੀਆਂ ਤਿਆਰੀਆਂ ਕਰ ਲਈਆਂ ਹਨ। ਵੱਖ ਵੱਖ ਪਿੰਡਾਂ ਦੀਆਂ ਸੰਗਤਾਂ ਅਤੇ ਸੰਸਥਾਵਾਂ ਵਲੋਂ ਲੰਗਰ ਅਤੇ ਪਾਣੀ ਦੀਆ ਛਬੀਲਾਂ ਲਗਾਈਆਂ ਗਈਆਂ ਹਨ। ਵਿਸਾਖੀ ਮੇਲੇ ਸਬੰਧੀ ਤਖ਼ਤ ਸ੍ਰੀ ਦਮਦਮਾ ਸਾਹਿਬ ਨੂੰ ਫੁੱਲਾ ਨਾਲ ਸਜਾਇਆਂ ਗਿਆ ਹੈ ਤੇ ਰਾਤ ਸਮੇਂ ਰੋਸ਼ਨੀ ਲਈ ਦੀਪਮਾਲਾ ਵੀ ਕੀਤੀ ਜਾਵੇਗੀ।
ਵਿਸਾਖੀ ਮੌਕੇ ਕੇਸਰੀ ਨਿਸ਼ਾਨ ਸਾਹਿਲ ਝੁਲਾਵੇ:ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਹੈਡ ਗ੍ਰੰਥੀ ਬਾਬਾ ਜਗਤਾਰ ਸਿੰਘ ਅਤੇ ਮੈਨੇਜਰ ਰਣਜੀਤ ਸਿੰਘ ਨੇ ਦੱਸਿਆ ਕਿ ਜਿਸ ਤਰ੍ਹਾਂ ਤਖ਼ਤ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ 13 ਅਪ੍ਰੈਲ ਨੂੰ ਸਮੁੱਚੇ ਸਿੱਖ ਜਗਤ ਨੂੰ ਆਦੇਸ਼ ਦਿੱਤੇ ਹਨ ਕਿ ਖਾਲਸਾ ਸਥਾਪਨਾ ਦਿਵਸ ਮੌਕੇ 325 ਸਾਲ ਪੂਰੇ ਹੋਣ 'ਤੇ ਹਰ ਸਿੱਖ ਆਪਣੇ ਘਰ ਉੱਪਰ ਕੇਸਰੀ ਨਿਸ਼ਾਨ ਸਾਹਿਬ ਝੁਲਾਵੇ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੇ।
ਦੇਸ਼ਾਂ ਵਿਦੇਸ਼ਾਂ ਤੋਂ ਨਤਮਸਤਕ ਹੋਣ ਆਉਂਦੀਆਂ ਸੰਗਤਾਂ:ਉਨ੍ਹਾਂ ਦੱਸਿਆ ਕਿ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ 'ਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਪ੍ਰਕਾਸ਼ ਕੀਤੇ ਗਏ ਹਨ ਅਤੇ 13 ਅਪ੍ਰੈਲ ਨੂੰ ਵਿਸਾਖੀ ਵਾਲੇ ਦਿਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ 14 ਤਰੀਕ ਨੂੰ ਨਿਹੰਗ ਸਿੰਘਾਂ ਵੱਲੋਂ ਮਹੱਲਾ ਕੱਢਿਆ ਜਾਵੇਗਾ। ਇਸ ਤਿੰਨ ਰੋਜ਼ਾ ਮੇਲੇ ਦੌਰਾਨ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚਦੀਆਂ ਹਨ। ਲੱਖਾਂ ਦੇ ਇਕੱਠ ਨੂੰ ਵੇਖਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਜਾਂਦੇ ਹਨ। ਇਸ ਦੇ ਨਾਲ ਹੀ ਆਉਣ ਜਾਣ ਵਾਲੀਆਂ ਸੰਗਤਾਂ ਲਈ ਜਗ੍ਹਾ-ਜਗ੍ਹਾ ਸੰਗਤਾਂ ਵੱਲੋਂ ਲੰਗਰ ਅਤੇ ਛਬੀਲਾਂ ਵੀ ਲਗਾਈਆਂ ਜਾਂਦੀਆਂ ਹਨ।