ਅੰਮ੍ਰਿਤਸਰ: ਗੁਪਤ ਸੂਚਨਾ ਦੇ ਅਧਾਰ ਉੱਤੇ ਅੰਮ੍ਰਿਤਸਰ ਪੁਲਿਸ ਨੇ ਤਿੰਨ ਨਸ਼ਾ ਤਸਕਰ ਕਾਬੂ ਕੀਤੇ ਹਨ। ਅੰਮ੍ਰਿਤਸਰ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਜਾਣਕਾਰੀ ਸਾਂਝੀ ਕਰਦਿਆਂ ਆਖਿਆ ਕਿ ਨਸ਼ਾ ਤਸਕਰਾਂ ਦੇ ਬਾਰਡਰ ਪਾਰ ਪਾਕਿਸਤਾਨ ਵਿੱਚ ਮੌਜੂਦ ਨਸ਼ਾ ਤਸਕਰਾਂ ਨਾਲ ਸਿੱਧੇ ਸੰਪਰਕ ਹਨ। ਇਹ ਮੁਲਜ਼ਮ ਬਾਰਡਰ ਪਾਰ ਤੋਂ ਡ੍ਰੋਨ ਰਾਹੀਂ ਲਿਆਂਦੀ ਗਈ ਹੈਰੋਇਨ ਨੂੰ ਪੰਜਾਬ ਵਿੱਚ ਵੱਖ-ਵੱਖ ਥਾਵਾਂ ਉੱਤੇ ਸਪਲਾਈ ਕਰਕੇ ਵੇਚਦੇ ਸਨ।
5 ਕਿੱਲੋ ਹੈਰੋਇਨ ਅਤੇ ਡਰੱਗ ਮਨੀ ਸਮੇਤ ਤਿੰਨ ਤਸਕਰ ਕਾਬੂ (ETV BHARAT PUNJAB (ਰਿਪੋਟਰ,ਅੰਮ੍ਰਿਤਸਰ)) ਹੈਰੋਇਨ,ਡਰੱਗ ਮਨੀ ਅਤੇ ਵਾਹਨ ਬਰਾਮਦ
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਮੁਤਾਬਿਕ ਕਾਰਵਾਈ ਦੌਰਾਨ ਨਸ਼ਾ ਤਸਕਰਾਂ ਕੋਲੋਂ ਕਰੋੜਾਂ ਰੁਪਏ ਦੀ ਕੀਮਤ ਵਾਲੀ 5 ਕਿੱਲੋ ਹੈਰੋਇਨ, ਲਗਭਗ 4 ਲੱਖ ਰੁਪਏ ਡਰੱਗ ਮਨੀ,ਇੱਕ ਕਾਰ ਅਤੇ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲਿਸ ਮੁਤਾਬਿਕ ਅਲੀ ਨਾਮ ਦਾ ਇੱਕ ਨਸ਼ਾ ਤਸਕਰ ਪਾਕਿਸਤਾਨ ਤੋਂ ਇਨ੍ਹਾਂ ਨੂੰ ਹੈਰੋਇਨ ਸਪਲਾਈ ਕਰ ਰਿਹਾ ਸੀ, ਉਨ੍ਹਾਂ ਆਖਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮਾਂ ਤੋਂ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।
ਡੀਜੀਪੀ ਪੰਜਾਬ ਨੇ ਜਾਣਕਾਰੀ ਕੀਤੀ ਸਾਂਝੀ
ਦੱਸ ਦਈਏ ਨਸ਼ੇ ਦੇ ਇਸ ਨੈਕਸਸ ਨੂੰ ਕਾਬੂ ਕਰਨ ਸਬੰਧੀ ਜਾਣਕਾਰੀ ਡਾਇਰੈਕਟਰ ਜਨਰਲ ਆਫ ਪੰਜਾਬ ਪੁਲਿਸ ਗੌਰਵ ਯਾਦਵ ਨੇ ਵੀ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸਰਹੱਦ ਪਾਰ ਨਸ਼ਿਆਂ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਅਤੇ ਡਰੱਗ ਮਨੀ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਅੰਮ੍ਰਿਤਸਰ ਪੁਲਿਸ ਨੇ 3.95 ਲੱਖ ਰੁਪਏ ਦੀ ਕਰੀਬ 5 ਕਿਲੋ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕੀਤੀ ਹੈ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਐਕਸ 'ਤੇ ਇੱਕ ਪੋਸਟ ਰਾਹੀਂ ਇਹ ਸਾਰੀ ਜਾਣਕਾਰੀ ਨੂੰ ਸਾਂਝਾ ਕੀਤਾ ਹੈ।
ਦੱਸ ਦਈਏ ਪਿਛਲੇ ਸਮੇਂ ਦੌਰਾਨ ਫ਼ਿਰੋਜ਼ਪੁਰ ਵਿੱਚ ਵੀ ਪੁਲਿਸ ਨੇ ਗਸ਼ਤ ਦੌਰਾਨ ਗੁਪਤ ਸੂਚਨਾ ਦੇ ਅਧਾਰ ਉੱਤੇ ਹੈਰੋਇਨ ਸਮੇਤ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਮਤਾਬਿਕ ਫੜ੍ਹੇ ਗਏ ਦੋਵੇਂ ਨਸ਼ਾ ਤਸਕਰਾਂ ਕੋਲੋਂ 45 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ ਜਿਨ੍ਹਾਂ ਖ਼ਿਲਾਫ਼ ਐੱਨਡੀਪੀਐੱਸ ਦੇ ਤਹਿਤ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਗਈ। ਪੁਲਿਸ ਮੁਤਾਬਿਕ ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਮਾਮਲੇ ਦਰਜ ਸਨ।