ਚੰਡੀਗੜ੍ਹ:ਪੰਜਾਬ ਸਰਕਾਰ ਦੇ ਮੰਤਰੀ ਮੰਡਲ ਵਿੱਚ ਫੇਰਬਦਲ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਜਾਣਕਾਰੀ ਮੁਤਾਬਿਕ ਮੰਤਰੀ ਮੰਡਲ ਦਾ ਵਿਸਥਾਰ ਅੱਜ ਸ਼ਾਮ ਤੱਕ ਹੋ ਸਕਦਾ ਹੈ। ਮੀਡੀਆ ਰਿਪੋਰਟਾਂ ਮੁਤਾਬਿਕ ਇਸ ਸਬੰਧੀ ਗਵਰਨਰ ਹਾਊਸ ਤੋਂ ਵੀ ਇਜਾਜ਼ਤ ਮੰਗੀ ਗਈ ਹੈ। ਹਾਲਾਂਕਿ ਹੁਣ ਤੱਕ ਪਾਰਟੀ ਆਗੂ ਕੁਝ ਵੀ ਕਹਿਣ ਤੋਂ ਗੁਰੇਜ਼ ਕਰ ਰਹੇ ਹਨ। ਮੀਡੀਆ ਰਿਪੋਰਟਾਂ ਮੁਤਾਬਕ, ਚਾਰ ਮੰਤਰੀਆਂ ਨੂੰ ਕੱਢਣਾ ਤੈਅ ਮੰਨਿਆ ਜਾ ਰਿਹਾ ਹੈ, ਜਦਕਿ ਪੰਜ ਨਵੇਂ ਚਿਹਰੇ ਸ਼ਾਮਿਲ ਕੀਤੇ ਜਾ ਸਕਦੇ ਹਨ।
ਲੰਬੇ ਸਮੇਂ ਤੋਂ ਚੱਲ ਰਹੀ ਸੀ ਫੇਰਬਦਲ ਦੀ ਚਰਚਾ
ਕਾਫੀ ਸਮੇਂ ਤੋਂ ਚਰਚਾ ਸੀ ਕਿ ਪੰਜਾਬ ਮੰਤਰੀ ਮੰਡਲ ਵਿੱਚ ਫੇਰਬਦਲ ਹੋ ਸਕਦਾ ਹੈ, ਕਿਉਂਕਿ ਕੁਝ ਸਮਾਂ ਪਹਿਲਾਂ ਹੋਈਆਂ ਲੋਕ ਸਭਾ ਚੋਣਾਂ ਵਿੱਚ ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਐਮ.ਪੀ ਬਣ ਚੁੱਕੇ ਹਨ। ਉਨ੍ਹਾਂ ਨੇ ਆਪਣੇ ਪੱਤਰ ਨਾਲ ਅਸਤੀਫਾ ਦੇ ਦਿੱਤਾ ਸੀ। ਉਹ ਖੇਡ ਮੰਤਰੀ ਸਮੇਤ ਸਰਕਾਰ ਵਿੱਚ ਕਈ ਅਹੁਦਿਆਂ ਦੀ ਜ਼ਿੰਮੇਵਾਰੀ ਸੰਭਾਲ ਰਹੇ ਸਨ। ਅਜਿਹੇ 'ਚ ਹੁਣ ਉਨ੍ਹਾਂ ਦੀ ਜਗ੍ਹਾ ਕਿਸੇ ਨਵੇਂ ਚਿਹਰੇ ਨੂੰ ਮੰਤਰੀ ਮੰਡਲ 'ਚ ਸ਼ਾਮਿਲ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਚਾਰ ਹੋਰ ਮੰਤਰੀ ਬਣਾਏ ਜਾ ਸਕਦੇ ਹਨ।