ਬਰਨਾਲਾ:ਬਰਨਾਲਾ ਟਰੱਕ ਯੂਨੀਅਨ ਵਿਖੇ ਟ੍ਰੈਫਿਕ ਪੁਲਿਸ ਵਲੋਂ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਟ੍ਰੈਫਿਕ ਪੁਲਿਸ ਵਲੋਂ ਟਰੱਕ ਆਪਰੇਟਰਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਟਰੱਕ ਆਪਰੇਟਰਾਂ ਨੇ ਜਿੱਥੇ ਪੁਲਿਸ ਨੂੰ ਟ੍ਰੈਫਿਕ ਸਬੰਧੀ ਹਰ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਥੇ ਆਪਣੀਆਂ ਸਮੱਸਿਆਵਾਂ ਵੀ ਪੁਲਿਸ ਨੂੰ ਦੱਸੀਆਂ, ਪੁਲਿਸ ਪ੍ਰਸ਼ਾਸ਼ਨ ਨੇ ਸਮੱਸਿਆਵਾਂ ਦੇ ਹੱਲ ਦਾ ਭਰੋਸਾ ਦਿਵਾਇਆ। ਇਸ ਮੌਕੇ ਡੀਐਸਪੀ ਟ੍ਰੈਫਿਕ ਮਨਜੀਤ ਸਿੰਘ ਨੇ ਕਿਹਾ ਐਸਐਸਪੀ ਬਰਨਾਲਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਲੋਕਾਂ ਨੂੰ ਟ੍ਰੈਫਿ਼ਕ ਅਤੇ ਨਸ਼ਿਆਂ ਸਬੰਧੀ ਜਾਗਰੂਕ ਕਰ ਰਹੇ ਹਾਂ। ਇਸੇ ਤਹਿਤ ਅੱਜ ਬਰਨਾਲਾ ਦੇ ਟਰੱਕ ਯੂਨੀਅਨ ਵਿੱਚ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ ਹੈ।
ਟ੍ਰੈਫਿਕ ਪੁਲਿਸ ਵਲੋਂ ਲਗਾਤਾਰ ਲੋਕਾਂ ਨੂੰ ਘਰ ਘਰ ਤੱਕ ਪਹੁੰਚ ਕਰਕੇ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਟਰੱਕ ਆਪਰੇਟਰਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਹੈ ਕਿ ਨਸ਼ੇ ਦਾ ਸੇਵਨ ਕਰਕੇ ਡਰਾਈਵਿੰਗ ਕਰਨ ਨਾਲ ਸੜਕ ਹਾਦਸੇ ਵਾਪਰ ਰਹੇ ਹਨ। ਇਸ ਲਈ ਕਿਸੇ ਵੀ ਕਿਸਮ ਦਾ ਨਸ਼ਾ ਕਰਕੇ ਕੋਈ ਵੀ ਕਿਸੇ ਤਰ੍ਹਾਂ ਦੀ ਡਰਾਈਵਿੰਗ ਨਾ ਕੀਤੀ ਜਾਵੇ। ਉਹਨਾਂ ਕਿਹਾ ਕਿ ਟਰੱਕ ਆਪਰੇਟਰਾਂ ਨੂੰ ਟ੍ਰੈਫਿਕ ਸਬੰਧੀ ਵੀ ਜਾਗਰੂਕ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਟਰੱਕ ਆਪਰੇਟਰਾਂ ਤੋਂ ਟ੍ਰੈਫਿਕ ਨਿਯਮਾਂ ਸਬੰਧੀ ਹਾਂ ਪੱਖੀ ਹੁੰਗਾਰਾ ਮਿਲਿਆ ਹੈ ਅਤੇ ਅੱਗੇ ਵੀ ਇਸ ਤਰ੍ਹਾਂ ਦੇ ਪ੍ਰੋਗਰਾਮ ਜਾਰੀ ਰਹਿਣਗੇ।