ਅੰਮ੍ਰਿਤਸਰ:ਸੰਨ 1947 ’ਚ ਭਾਰਤ-ਪਾਕਿਸਤਾਨ ਦੀ ਵੰਡ ਦੌਰਾਨ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਯਾਦ ਕੀਤਾ ਗਿਆ। ਇਸ ਸਬੰਧੀ ਵਿਸ਼ੇਸ਼ ਤੌਰ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ ਹੋਇਆ। ਜਿਸ ਵਿੱਚ ਦੇਸ਼ ਦੀ ਵੰਡ ਦੌਰਾਨ ਮਾਰੇ ਗਏ ਲੱਖਾਂ ਲੋਕਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜੱਥਿਆਂ ਨੇ ਗੁਰਬਾਣੀ ਕੀਰਤਨ ਕੀਤਾ।
ਪੰਜਾਬ ਅਤੇ ਬੰਗਾਲ ਦੇ ਲੋਕਾਂ ਨੇ ਸਭ ਤੋਂ ਵੱਧ ਕੀਤਾ ਸੰਘਰਸ਼:ਅਰਦਾਸ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿ 1947 ਦੀ ਦੇਸ਼ ਵੰਡ ਮੌਕੇ ਸਭ ਤੋਂ ਵੱਧ ਨੁਕਸਾਨ ਪੰਜਾਬੀਆਂ ਨੂੰ ਸਹਿਣਾ ਪਿਆ। ਇਸ ਤੋਂ ਇਲਾਵਾ ਬੰਗਾਲੀਆਂ ਨੂੰ ਵੀ ਵੱਡੀ ਮਾਰ ਝੱਲਣੀ ਪਈ। ਅੰਗਰੇਜ਼ਾਂ ਖਿਲਾਫ ਪੰਜਾਬ ਅਤੇ ਬੰਗਾਲ ਦੇ ਲੋਕਾਂ ਨੇ ਸਭ ਤੋਂ ਵੱਧ ਜੱਦੋ-ਜਹਿੱਦ ਕੀਤੀ। ਆਪਣੀਆਂ ਜਾਇਦਾਦਾਂ ਕੁਰਕ ਕਰਵਾਈਆਂ ਅਤੇ ਕੁਰਬਾਨੀਆਂ ਦਿੱਤੀਆਂ। ਪਰੰਤੂ ਆਜ਼ਾਦੀ ਸਮੇਂ ਇਨ੍ਹਾਂ ਦੋਹਾਂ ਸੂਬਿਆਂ ਨੂੰ ਹੀ ਤੋੜ ਦਿੱਤਾ ਗਿਆ।