ਚੰਡੀਗੜ੍ਹ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ 'ਚ ਸੰਗਠਿਤ ਅਪਰਾਧ ਦੇ ਖ਼ਾਤਮੇ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਵੱਡੀ ਸਫਲਤਾ ਹਾਸਿਲ ਕਰਦਿਆਂ ਫਾਲੋ-ਅੱਪ ਆਪ੍ਰੇਸ਼ਨ ਦੌਰਾਨ ਵਿਦੇਸ਼ ਅਧਾਰਿਤ ਮਾਸਟਰਮਾਈਂਡ ਇਕਬਾਲਪ੍ਰੀਤ ਸਿੰਘ ਉਰਫ਼ ਬੁਚੀ ਵੱਲੋਂ ਸੰਚਾਲਿਤ ਅੱਤਵਾਦੀ ਮਾਡਿਊਲ ਦੇ ਦੋ ਹੋਰ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਕਿੱਥੇ ਦੇ ਨੇ ਗ੍ਰਿਫਤਾਰ ਕੀਤੇ ਵਿਅਕਤੀ:ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਸਿਮਰਜੋਤ ਸਿੰਘ ਵਾਸੀ ਲੁਧਿਆਣਾ ਅਤੇ ਅਰਸ਼ਪ੍ਰੀਤ ਸਿੰਘ ਉਰਫ ਅਰਸ਼ ਵਾਸੀ ਪਟਿਆਲਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ 'ਚੋਂ ਦੋ ਪਿਸਤੌਲਾਂ-.30 ਬੋਰ ਅਤੇ .32 ਬੋਰ- ਸਮੇਤ 11 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਇਹ ਗ੍ਰਿਫ਼ਤਾਰੀ 14 ਮਈ, 2024 ਨੂੰ ਇਸ ਮਾਡਿਊਲ ਦੇ ਮੁੱਖ ਸੰਚਾਲਕ ਗੁਰਵਿੰਦਰ ਸਿੰਘ ਉਰਫ਼ ਸ਼ੇਰਾ ਸਮੇਤ ਚਾਰ ਮੈਂਬਰਾਂ ਦੀ ਤਿੰਨ ਪਿਸਤੌਲਾਂ ਅਤੇ 13 ਜਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰੀ ਤੋਂ ਬਾਅਦ ਹੋਈ ਹੈ। ਜ਼ਿਕਰਯੋਗ ਹੈ ਕਿ ਇਕਬਾਲਪ੍ਰੀਤ ਬੁਚੀ, ਰਮਨਦੀਪ ਬੱਗਾ ਉਰਫ ਕੈਨੇਡੀਅਨ, ਜੋ ਕਿ 2016-2017 ਦੌਰਾਨ ਮਿੱਥ ਕੇ ਕਤਲ ਦੀਆਂ ਹੋਈਆਂ ਸੱਤ ਵਾਰਦਾਤਾਂ ਦਾ ਮੁੱਖ ਸ਼ੂਟਰ ਸੀ ਅਤੇ ਇਸ ਸਮੇਂ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਦੇ ਦੋਸ਼ਾਂ ਤਹਿਤ ਤਿਹਾੜ ਜੇਲ੍ਹ ਵਿੱਚ ਬੰਦ ਹੈ, ਦਾ ਨਜ਼ਦੀਕੀ ਸਾਥੀ ਹੈ।