ਵਧਾਈ ਗਈ ਚੌਕਸੀ ਦੇ ਤਹਿਤ ਖੰਨਾ ਪੁਲਿਸ ਨੂੰ ਮਿਲੀ ਸਫਲਤਾ, ਨਜਾਇਜ ਅਸਲੇ ਸਮੇਤ ਫੜੇ ਦੋ ਬਦਮਾਸ਼ ਲੁਧਿਆਣਾ:ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਵੱਲੋਂ ਵਧਾਈ ਗਈ ਚੌਕਸੀ ਦੇ ਤਹਿਤ ਖੰਨਾ ਪੁਲਿਸ ਨੂੰ ਸਫਲਤਾ ਹਾਸਲ ਹੋਈ ਹੈ। ਪੁਲਿਸ ਨੇ 2 ਜਣਿਆਂ ਨੂੰ ਨਜਾਇਜ ਅਸਲੇ ਸਮੇਤ ਕਾਬੂ ਕੀਤਾ ਜਿਹਨਾਂ ਕੋਲੋਂ ਤਿੰਨ ਪਿਸਤੌਲ ਬਰਾਮਦ ਕੀਤੇ ਗਏ। ਇਨ੍ਹਾਂ ਖਿਲਾਫ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਜ਼ਿਲ੍ਹਾ ਲੁਧਿਆਣਾ ਵਿੱਚ ਖੰਨਾ ਦੇ ਐਸਐਸਪੀ ਅਮਨੀਤ ਕੌਂਡਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਅਪਰਾਧਿਕ ਅਨਸਰਾਂ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਦੋ ਵਿਅਕਤੀਆਂ ਨੂੰ ਨਾਜਾਇਜ਼ ਅਸਲੇ ਸਮੇਤ ਕਾਬੂ ਕੀਤਾ ਗਿਆ। ਇਨ੍ਹਾਂ ਦੇ ਕਬਜ਼ੇ 'ਚੋਂ ਤਿੰਨ ਪਿਸਤੌਲ ਬਰਾਮਦ ਹੋਏ ਹਨ। ਇਨ੍ਹਾਂ ਖ਼ਿਲਾਫ਼ ਥਾਣਾ ਸਦਰ ਵਿੱਚ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ। ਜਾਣਕਾਰੀ ਦਿੰਦਿਆਂ ਡੀਐਸਪੀ ਹਰਜਿੰਦਰ ਸਿੰਘ ਗਿੱਲ ਨੇ ਦੱਸਿਆ ਕਿ 3 ਅਪ੍ਰੈਲ ਨੂੰ ਥਾਣਾ ਸਦਰ ਦੀ ਪੁਲਿਸ ਨੇ ਹਰਪ੍ਰੀਤ ਸਿੰਘ ਵਾਸੀ ਪਿੰਡ ਬੱਲ (ਗੁਰਦਾਸਪੁਰ) ਨੂੰ ਕਾਬੂ ਕੀਤਾ ਸੀ। ਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰਨ ਦਾ ਧੰਦਾ ਕਰਨ ਵਾਲਾ ਹਰਪ੍ਰੀਤ ਲਿਬੜਾ ਵਿਖੇ ਬਲਦੇਵ ਢਾਬਾ ਨੇੜੇ ਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰਨ ਆਇਆ ਸੀ।
ਦੇਸੀ ਪਿਸਤੌਲ ਬਰਾਮਦ ਹੋਇਆ :ਪੁਲਿਸ ਨੇ ਤੁਰੰਤ ਉਥੇ ਛਾਪਾ ਮਾਰ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਉਸ ਦੇ ਕਬਜ਼ੇ ਵਿੱਚੋਂ ਇੱਕ ਪਿਸਟਲ ਅਤੇ ਇੱਕ ਦੇਸੀ ਪਿਸਤੌਲ ਬਰਾਮਦ ਹੋਇਆ ਸੀ। ਉਸ ਦੀ ਪੁੱਛ-ਗਿੱਛ ਤੋਂ ਪਤਾ ਲੱਗਾ ਕਿ ਹਰਪ੍ਰੀਤ ਸਿੰਘ ਨੇ ਪ੍ਰਭਜੋਤ ਸਿੰਘ ਨੂੰ ਨਾਜਾਇਜ਼ ਪਿਸਤੌਲ ਵੇਚਿਆ ਸੀ। ਉਨ੍ਹਾਂ ਦੱਸਿਆ ਕਿ ਪ੍ਰਭਜੋਤ ਸਿੰਘ ਨੂੰ 3 ਅਪਰੈਲ 2024 ਨੂੰ ਦਰਜ ਹੋਏ ਕੇਸ ਵਿੱਚ ਨਾਮਜ਼ਦ ਕੀਤਾ ਗਿਆ। ਜਿਸ ਮਗਰੋਂ ਸੀਆਈਏ ਸਟਾਫ ਦੀ ਟੀਮ ਨੇ ਬਟਾਲਾ ਰੋਡ ਅੰਮ੍ਰਿਤਸਰ ਵਿਖੇ ਰੇਡ ਕਰਕੇ ਉਸ ਨੂੰ ਗ੍ਰਿਫ਼ਤਾਰ ਕੀਤਾ। ਉਸ ਕੋਲੋਂ ਨਾਜਾਇਜ਼ ਪਿਸਤੌਲ ਵੀ ਬਰਾਮਦ ਹੋਇਆ।
ਰਿਮਾਂਡ ਦੌਰਾਨ ਨੈੱਟਵਰਕ ਦੀ ਜਾਂਚ ਕੀਤੀ ਜਾ ਰਹੀ:ਮੁੱਢਲੀ ਜਾਂਚ ਦੌਰਾਨ ਪ੍ਰਭਜੋਤ ਨੇ ਮੰਨਿਆ ਕਿ ਉਸਨੇ ਇਹ ਪਿਸਤੌਲ ਹਰਪ੍ਰੀਤ ਸਿੰਘ ਤੋਂ ਆਪਣੇ ਸ਼ੌਕ ਨੂੰ ਪੂਰਾ ਕਰਨ ਲਈ ਖਰੀਦਿਆ ਸੀ। ਪੁਲਿਸ ਨੇ ਦੋ ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਰਿਮਾਂਡ ਦੌਰਾਨ ਨੈੱਟਵਰਕ ਦੀ ਜਾਂਚ ਕੀਤੀ ਜਾ ਰਹੀ ਹੈ। ਪੰਜਾਬ ਤੋਂ ਬਾਹਰ ਬੈਠੇ ਨਜਾਇਜ਼ ਹਥਿਆਰ ਸਪਲਾਇਰ ਲੋਕਾਂ ਦਾ ਵੀ ਪਤਾ ਲਗਾਇਆ ਜਾ ਰਿਹਾ ਹੈ। ਹਰਪ੍ਰੀਤ ਸਿੰਘ ਨੇ ਪੰਜਾਬ ਵਿੱਚ ਕਿੱਥੇ-ਕਿੱਥੇ ਨਜਾਇਜ਼ ਹਥਿਆਰ ਵੇਚੇ ਹਨ। ਇਸ ਦਾ ਪਤਾ ਲਗਾਉਣ ਤੋਂ ਬਾਅਦ ਇਨ੍ਹਾਂ ਲੋਕਾਂ ਨੂੰ ਵੀ ਕਾਬੂ ਕੀਤਾ ਜਾਵੇਗਾ।