ਰਿਸ਼ਵਤ ਲੈਂਦਾ ACP ਕਾਬੂ (ETV BHARAT) ਲੁਧਿਆਣਾ:ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਚਲਾਈ ਮੁਹਿੰਮ ਤਹਿਤ ਵੀਰਵਾਰ ਨੂੰ ਸਹਾਇਕ ਕਮਿਸ਼ਨਰ ਆਫ ਪੁਲਿਸ (ਏ.ਸੀ.ਪੀ.) ਵਿਮੈਨ ਸੈੱਲ, ਲੁਧਿਆਣਾ ਨਿਰਦੋਸ਼ ਕੌਰ ਅਤੇ ਉਸਦੇ ਰੀਡਰ ਬੇਅੰਤ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਣ ਦੀ ਕੋਸ਼ਿਸ਼ ਕਰਦਿਆਂ ਗ੍ਰਿਫਤਾਰ ਕੀਤਾ ਹੈ।
ਸ਼ਿਕਾਇਤ ਦੇ ਅਧਾਰ 'ਤੇ ਕਾਰਵਾਈ:ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਐਸਐਸਪੀ ਰਵਿੰਦਰ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਦੋਵਾਂ ਪੁਲਿਸ ਮੁਲਾਜ਼ਮਾਂ ਨੂੰ ਬਠਿੰਡਾ ਜ਼ਿਲ੍ਹੇ ਦੇ ਪਿੰਡ ਘੁੱਦਾ ਦੇ ਵਸਨੀਕ ਪ੍ਰਿਤਪਾਲ ਕੁਮਾਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੇ ਬਿਆਨ ਦਰਜ ਕਰਵਾਏ ਹਨ ਕਿ ਪੰਜ ਸਾਲ ਪਹਿਲਾਂ ਉਸ ਦੇ ਭਾਣਜੇ ਅਸ਼ਵਨੀ ਕੁਮਾਰ ਦਾ ਲੁਧਿਆਣਾ ਸ਼ਹਿਰ ਦੀ ਵਸਨੀਕ ਇੱਕ ਲੜਕੀ ਨਾਲ ਵਿਆਹ ਹੋਇਆ ਸੀ।
ਝਗੜਾ ਸੁਲਝਾਉਣ ਲਈ ਮੰਗੀ ਰਿਸ਼ਵਤ:ਉਨ੍ਹਾਂ ਦੱਸਿਆ ਕਿ ਵਿਆਹ ਤੋਂ ਬਾਅਦ ਦੋਵਾਂ ਦੇ ਰਿਸ਼ਤੇ ਤਣਾਅਪੂਰਨ ਹੋ ਗਏ ਅਤੇ ਅਸ਼ਵਨੀ ਦੀ ਪਤਨੀ ਨੇ ਉਸ ਵਿਰੁੱਧ ਵਿਮੈਨ ਸੈੱਲ ਲੁਧਿਆਣਾ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ ਅਤੇ ਕਿਹਾ ਕਿ ਪੜਤਾਲੀਆ ਕਾਰਵਾਈ ਦੌਰਾਨ ਉਕਤ ਮੁਲਜ਼ਮ ਬੇਅੰਤ ਸਿੰਘ ਰੀਡਰ ਨੇ ਉਸ ਦੀ ਜਾਣ-ਪਛਾਣ ਮਹਿਲਾ ਏ.ਸੀ.ਪੀ. ਨਾਲ ਕਰਵਾਈ। ਇਸ ਮੀਟਿੰਗ ਤੋਂ ਬਾਅਦ ਰੀਡਰ ਨੇ ਸ਼ਿਕਾਇਤਕਰਤਾ ਨੂੰ ਕਿਹਾ ਕਿ ਜੇਕਰ ਉਹ ਅਸ਼ਵਨੀ ਕੁਮਾਰ ਵਿਰੁੱਧ ਦਰਜ ਕਰਵਾਈ ਗਈ ਸ਼ਿਕਾਇਤ ਨੂੰ ਪ੍ਰਾਪਤ ਕਰਨਾ ਚਾਹੁੰਦਾ ਹੈ, ਤਾਂ ਉਸ ਨੂੰ ਇੱਕ ਲੱਖ ਰੁਪਏ ਰਿਸ਼ਵਤ ਦੇਣੀ ਪਵੇਗੀ, ਪਰ ਸ਼ਿਕਾਇਤਕਰਤਾ ਵੱਲੋਂ ਵਾਰ-ਵਾਰ ਬੇਨਤੀ ਕਰਨ ’ਤੇ ਰੀਡਰ ਨੇ 60,000 ਰੁਪਏ ਦੀ ਰਿਸ਼ਵਤ ਬਦਲੇ ਇਹ ਕੰਮ ਕਰਵਾਉਣ ਲਈ ਹਾਮੀ ਭਰ ਦਿੱਤੀ।
ਦੋ ਕਿਸ਼ਤਾਂ 'ਚ ਦੇਣੇ ਸੀ ਪੈਸੇ:ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਬੀਤੀ 29 ਜੁਲਾਈ ਨੂੰ ਉਕਤ ਰੀਡਰ ਨੇ ਏ.ਸੀ.ਪੀ. ਦੀ ਹਾਜ਼ਰੀ ਵਿੱਚ ਪਹਿਲੀ ਕਿਸ਼ਤ ਵਜੋਂ 30,000 ਰੁਪਏ ਲੈ ਲਏ ਅਤੇ ਬਾਕੀ ਰਕਮ 01 ਅਗਸਤ ਨੂੰ ਅਦਾ ਕਰਨ ਲਈ ਕਿਹਾ। ਐੱਸ ਐੱਸ ਪੀ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ, ਲੁਧਿਆਣਾ ਰੇਂਜ ਵਿੱਚ ਦੋਵਾਂ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ ਬੀਐਨਐਸ ਐਕਟ ਦੀ ਧਾਰਾ 61(2) ਦੇ ਤਹਿਤ ਐਫਆਈਆਰ ਦਰਜ ਕਰ ਲਈ। ਇਸ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30,000 ਰੁਪਏ ਰਿਸ਼ਵਤ ਦੀ ਦੂਜੀ ਕਿਸ਼ਤ ਲੈਣ ਦੀ ਕੋਸ਼ਿਸ਼ ਕਰਦੇ ਹੋਏ ਦੋਵਾਂ ਪੁਲਿਸ ਮੁਲਜ਼ਮਾਂ ਨੂੰ ਕਾਬੂ ਕਰ ਲਿਆ।