ਵਿਜੀਲੈਂਸ ਬਿਊਰੋ ਨੇ 50,000 ਰੁਪਏ ਦੀ ਰਿਸ਼ਵਤ ਲੈਂਦਾ ਸਿਵਲ ਹਸਪਤਾਲ ਦਾ SMO ਕੀਤਾ ਕਾਬੂ ਤਰਨ ਤਾਰਨ:ਸੂਬਾ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁਧ ਸਖਤ ਕਾਰਵਾਈ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਕੋਈ ਵੀ ਸਰਕਾਰ ਗੈਰ ਸਰਕਾਰੀ ਅਧਿਕਾਰੀ ਰਿਸ਼ਵਤ ਲੈਂਦਾ ਹੈ ਤਾਂ ਉਸ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪਰ ਬਾਵਜੂਦ ਇਸ ਦੇ ਕਈ ਅਜਿਹੇ ਅਧਿਕਾਰੀ ਹਨ ਜੋ ਕਿ ਰਿਸ਼ਵਤ ਲੈਣ ਤੋਂ ਬਾਜ਼ ਨਹੀਂ ਆਉਂਦੇ ।ਅਜਿਹਾ ਹੀ ਮਾਮਲਾ ਸਾਹਮਣੈ ਆਇਆ ਹੈ ਤਰਨ ਤਾਰਨ ਤੋਂ, ਜਿਥੇ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਸਰਕਾਰੀ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਸੀਨੀਅਰ ਮੈਡੀਕਲ ਅਫਸਰ (ਐਸ.ਐਮ.ਓ.) ਵੱਜੋਂ ਤਾਇਨਾਤ ਡਾਕਟਰ ਕੰਵਲਜੀਤ ਸਿੰਘ ਨੂੰ 50,000 ਰੁਪਏ ਦੀ ਰਿਸ਼ਵਤ ਦੀ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਧਰਮਬੀਰ ਸਿੰਘ ਮਲਹਾਰ ਵਾਸੀ ਲਾਚੋ ਵਾਲੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਅਫਸਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਕੰਟੀਨ ਦੀ ਮਿਆਦ ਵਧਾਉਣ ਲਈ ਮੰਗੀ ਰਿਸ਼ਵਤ :ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਹ ਹਸਪਤਾਲ ਦੇ ਅੰਦਰ ਠੇਕੇ 'ਤੇ ਕੰਟੀਨ ਚਲਾ ਰਿਹਾ ਹੈ। ਪਰ ਉਕਤ ਐਸ.ਐਮ.ਓ. ਕੰਟੀਨ ਦੀ ਸਫ਼ਾਈ ਅਤੇ ਖਾਣੇ ਦੀ ਗੁਣਵੱਤਾ ਆਦਿ ਦੇ ਬਹਾਨੇ ਬਣਾਕੇ ਉਸ ਨੂੰ ਤੰਗ-ਪ੍ਰੇਸ਼ਾਨ ਕਰ ਰਿਹਾ ਹੈ। ਸ਼ਿਕਾਇਤਕਰਤਾ ਨੇ ਇਹ ਵੀ ਇਲਜ਼ਾਮ ਲਾਇਆ ਕਿ ਐੱਸ.ਐੱਮ.ਓ. ਨੇ ਰਿਸ਼ਵਤ ਦੀ ਰਕਮ ਨਾ ਦੇਣ ਦੀ ਸੂਰਤ ਵਿੱਚ ਕੰਟੀਨ ਦਾ ਠੇਕਾ ਖਤਮ ਕਰਨ ਦੀ ਧਮਕੀ ਵੀ ਦਿੱਤੀ ਹੈ।
50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ : ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਜਾਲ ਵਿਛਾਇਆ ਗਿਆ, ਜਿਸ ਵਿੱਚ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਉਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਐਸ.ਐਮ.ਓ. ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਜ਼ਿਕਰਯੋਗ ਹੈ ਕਿ ਕਾਬੂ ਕੀਤੇ ਗਏ ਅਫਸਰ ਉਤੇ ਪਹਿਲਾਂ ਵੀ ਕਈ ਮਾਮਲੇ ਦਰਜ ਹਨ ਜਿਸ ਸਬੰਧੀ ਉਹ ਪਹਿਲਾਂ ਵੀ ਤਰੀਕਾਂ ਭੁਗਤ ਰਿਹਾ ਹੈ।