ਚੰਡੀਗੜ੍ਹ:ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੂਬੇ ਦੇ ਸੈਰ-ਸਪਾਟਾ ਖੇਤਰ ਨੂੰ ਕੌਮਾਂਤਰੀ ਪੱਧਰ ‘ਤੇ ਹੋਰ ਪ੍ਰਫੁੱਲਤ ਕਰਨ ਲਈ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ। ਸੈਕਟਰ 38 ਵਿਖੇ ਪੰਜਾਬ ਹੈਰੀਟੇਜ ਅਤੇ ਟੂਰਿਜ਼ਮ ਪ੍ਰਮੋਸ਼ਨ ਬੋਰਡ ਦੇ ਦਫਤਰ ਵਿਖੇ ਸੈਰ ਸਪਾਟਾ ਤੇ ਸੱਭਿਆਚਾਰ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੌਰਾਨ ਸੌਂਦ ਨੇ ਨਿਰਦੇਸ਼ ਦਿੱਤੇ ਕਿ ਪੰਜਾਬ ਵਿਚ ਸੈਰ-ਸਪਾਟੇ ਦੇ ਖੇਤਰ ਵਿੱਚ ਅਸੀਮ ਸੰਭਾਵਨਾਂਵਾਂ ਹਨ ਅਤੇ ਧਾਰਮਿਕ ਖੇਤਰ ਦੇ ਨਾਲ-ਨਾਲ ਹੋਰਨਾਂ ਖੇਤਰਾਂ ਵਿੱਚ ਵੀ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਦੀ ਨੀਤੀ ਜਲਦ ਤਿਆਰ ਕੀਤੀ ਜਾਵੇ।
ਪੰਜਾਬ ਵਿਲੇਜ਼ ਟੂਰਿਜ਼ਮ ਨੂੰ ਹੁੰਗਾਰਾ
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ‘ਵਿਲੇਜ਼ ਟੂਰਿਜ਼ਮ’ ਨੂੰ ਹੋਰ ਜ਼ਿਆਦਾ ਵਧਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਲੱਗਣ ਵਾਲੇ ਮੇਲਿਆਂ ਅਤੇ ਤਿਉਹਾਰਾਂ ਮੌਕੇ ਵੀ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਖਾਸ ਯਤਨ ਕੀਤੇ ਜਾ ਸਕਦੇ ਹਨ। ਸੌਂਦ ਨੇ ਕਿਹਾ ਕਿ ਪੰਜਾਬ ਦੇ ਪਿੰਡਾਂ ਦੀ ਜ਼ਿੰਦਗੀ ਦਾ ਤਜ਼ਰਬਾ ਲੈਣ ਵਾਲਿਆਂ ਲਈ ‘ਬੈੱਡ ਐਂਡ ਬ੍ਰੇਕਫਾਸਟ’ ਯੋਜਨਾ ਨੂੰ ਹੋਰ ਵੱਡੇ ਪੱਧਰ ‘ਤੇ ਪ੍ਰਚਾਰਿਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦਾ ਖਾਣਾ ਦੁਨੀਆਂ ਭਰ ਵਿੱਚ ਮਸ਼ਹੂਰ ਹੈ ਅਤੇ ਬਹੁਤ ਸਾਰੇ ਸ਼ਹਿਰਾਂ ਵਿੱਚ ਲਜੀਜ਼ ਖਾਣ-ਪੀਣ ਦਾ ਜ਼ਾਇਕਾ ਚੱਖਿਆ ਜਾ ਸਕਦਾ ਹੈ। ਇਸ ਲਈ ‘ਫੂਡ ਟੂਰਿਜ਼ਮ’ ਦੇ ਖੇਤਰ ਵਿਚਲੀਆਂ ਸੰਭਾਵਨਾਂਵਾਂ ਨੂੰ ਵੀ ਤਲਾਸ਼ਿਆਂ ਜਾਣਾ ਚਾਹੀਦਾ ਹੈ।
ਮਸ਼ਹੂਰ ਤਿਉਹਾਰਾਂ ਅਤੇ ਮੇਲਿਆਂ ਨੂੰ ਮਨਾਉਣ ਦਾ ਖਾਕਾ
ਸੌਂਦ ਨੇ ਅੱਗੇ ਕਿਹਾ ਕਿ ਪੰਜਾਬ ਦੇ ਤਿਉਹਾਰ ਅਤੇ ਮੇਲੇ ਸਮਾਜਿਕ ਪੱਧਰ ‘ਤੇ ਖਾਸ ਸਥਾਨ ਰੱਖਦੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਦੇ ਮਸ਼ਹੂਰ ਤਿਉਹਾਰਾਂ ਅਤੇ ਮੇਲਿਆਂ ਨੂੰ ਵੱਡੀ ਪੱਧਰ ‘ਤੇ ਮਨਾਉਣ ਦਾ ਖਾਕਾ ਤਿਆਰ ਕੀਤਾ ਜਾਵੇ ਤਾਂ ਜੋ ਇਸ ਮੌਕੇ ਵੱਧ ਤੋਂ ਵੱਧ ਸੈਲਾਨੀਆਂ ਨੂੰ ਵੀ ਪੰਜਾਬ ਆਉਣ ਲਈ ਆਕਰਸ਼ਿਤ ਕੀਤਾ ਜਾ ਸਕੇ। ਉਨ੍ਹਾਂ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰ ਨੂੰ ਆਨ ਲਾਈਨ ਅਤੇ ਸ਼ੋਸ਼ਲ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ ‘ਤੇ ਵੱਧ ਤੋਂ ਵੱਧ ਪ੍ਰਚਾਰਨ ਦੀਆਂ ਵੀ ਹਦਾਇਤਾਂ ਦਿੱਤੀਆਂ।