ਕਪੂਰਥਲਾ:ਪੰਜਾਬ ਦੀ ਰਾਜਨੀਤੀ ਅੰਦਰ ਅਕਾਲੀ ਦਲ ਵਿੱਚ ਆਏ ਦਿਨ ਘਰ ਵਾਪਸੀ ਦਾ ਸਿਲਸਿਲਾ ਜਾਰੀ ਹੈ। ਸੁਖਦੇਵ ਸਿੰਘ ਢੀਂਡਸਾ ਦੀ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਤੋਂ ਬਾਅਦ ਹੁਣ ਬੀਬੀ ਜਗੀਰ ਕੌਰ ਨੇ ਵੀ ਘਰ ਵਾਪਸੀ ਕਰ ਲਈ ਹੈ। ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਪੂਰਥਲਾ ਦੇ ਬੇਗੋਵਾਲ ਪਿੰਡ ਵਿੱਚ ਬੀਬੀ ਜਾਗੀਰ ਕੌਰ ਦੇ ਘਰ ਪੁੱਜ ਕੇ ਉਹਨਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ। ਇਸ ਮੌਕੇ ਕਈ ਹੋਰ ਸੀਨੀਅਰ ਅਕਾਲੀ ਆਗੂ ਵੀ ਮੌਜੂਦ ਰਹੇ।
ਉਲੇਖਯੋਗ ਹੈ ਕਿ ਪਿਛਲੇ ਸਾਲ ਅਕਤੂਬਰ ਵਿੱਚ ਬੀਬੀ ਜਗੀਰ ਕੌਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ। ਇਹ ਕਾਰਵਾਈ ਉਸ ਸਮੇਂ ਹੋਈ ਜਦੋਂ ਜਲੰਧਰ ਲੋਕ ਸਭਾ ਜ਼ਿਮਨੀ ਚੋਣਾਂ ਸਿਰ ’ਤੇ ਸਨ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵੱਲੋਂ ਬੀਬੀ ਜਗੀਰ ਕੌਰ ਨੂੰ ਕਾਰਨ ਦੱਸੋ ਨੋਟਿਸ ਵੀ ਦਿੱਤਾ ਗਿਆ ਸੀ ਪਰ ਨਾ ਤਾਂ ਉਨ੍ਹਾਂ ਅਪਣਾ ਪੱਖ ਪੇਸ਼ ਕੀਤਾ ਅਤੇ ਨਾ ਹੀ ਅਨੁਸ਼ਾਸਨੀ ਕਮੇਟੀ ਅੱਗੇ ਪੇਸ਼ ਹੋਏ। ਇਸ ਮਗਰੋਂ ਵੀ ਬੀਬੀ ਜਗੀਰ ਕੌਰ ਕਈ ਵਾਰ ਕਹਿ ਚੁੱਕੇ ਸਨ ਕਿ ਉਨ੍ਹਾਂ ਨੇ ਕਦੇ ਵੀ ਪਾਰਟੀ ਨਹੀਂ ਛੱਡੀ ਸਗੋਂ ਪਾਰਟੀ ਨੇ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਸੀ।
ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹੁਣ ਅਕਾਲੀ ਦਲ ਪਰਿਵਾਰ ਪੂਰੀ ਤਰ੍ਹਾਂ ਇਕੱਠਾ ਹੋ ਗਿਆ ਹੈ। ਅੱਜ ਬੀਬੀ ਜਾਗੀਰ ਕੌਰ ਪਾਰਟੀ ਵਿੱਚ ਸ਼ਾਮਿਲ ਹੋਏ, ਜੋ ਪਾਰਟੀ ਦੇ ਪਰਿਵਾਰ ਨੂੰ ਪੂਰਾ ਕਰਨ ਵਿੱਚ ਇੱਕ ਅਹਿਮ ਕਦਮ ਹੈ। ਉਹਨਾਂ ਆਮ ਆਦਮੀ ਪਾਰਟੀ ਵੱਲੋਂ ਅੱਜ ਜਾਰੀ ਕੀਤੀ ਗਈ ਲੋਕ ਲੱਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਲਿਸਟ ਬਾਰੇ ਕਿਹਾ ਕਿ ਜਿਸ ਤਰ੍ਹਾਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦਾ ਐਲਾਨ ਹੋਇਆ ਹੈ, ਉਸ ਤੋਂ ਪਤਾ ਲੱਗਦਾ ਹੈ ਕਿ ਆਮ ਆਦਮੀ ਪਾਰਟੀ ਕੋਲ ਹੁਣ ਕੋਈ ਵੀ ਉਮੀਦਵਾਰ ਆਮ ਆਦਮੀ ਵਿੱਚੋਂ ਨਹੀਂ ਹੈ।