ਮੋਹਾਲੀ/ਖਰੜ :ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਨੇ ਮੁਹਾਲੀ ਅਤੇ ਖਰੜ ਵਿੱਚ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਖਰੜ ਵਿਖੇ ਵਕੀਲਾਂ ਵੱਲੋਂ ਕੀਤੀ ਗਈ ਜਨਸਭਾ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਆਮ ਆਦਮੀ ਪਾਰਟੀ 'ਤੇ ਵੱਡਾ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਹੋਵੇ ਜਾਂ ਦਿੱਲੀ, ਆਮ ਆਦਮੀ ਪਾਰਟੀ ਦੇ ਆਗੂ ਨਾ ਤਾਂ ਔਰਤਾਂ ਦਾ ਸਤਿਕਾਰ ਕਰਨਾ ਜਾਣਦੇ ਹਨ ਅਤੇ ਨਾ ਹੀ ਉਹਨਾਂ ਨੂੰ ਕੀਤੇ ਵਾਅਦੇ ਨਿਭਾਉਣਾ ਜਾਣਦੇ ਹਨ। ਇਸ ਦਾ ਇੱਕ ਉਦਾਹਰਣ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਦਿੱਲੀ ਦੇ ਮੁੱਖ ਮੰਤਰੀ ਹਾਊਸ ਵਿੱਚ ਹੀ ਦੁਰਵਿਵਹਾਰ ਹੈ ਅਤੇ ਦੂਜਾ ਪੰਜਾਬ ਦੀਆਂ ਔਰਤਾਂ ਨੂੰ ਅਜੇ ਤੱਕ 1000 ਰੁਪਏ ਪ੍ਰਤੀ ਮਹੀਨਾ ਨਹੀਂ ਮਿਲੀ।
ਚੋਣ ਵਾਅਦੇ ਪੂਰੇ ਕਰਨ ਦਾ ਕੋਈ ਇਰਾਦਾ ਨਹੀਂ:ਡਾ. ਸੁਭਾਸ਼ ਸ਼ਰਮਾ ਨੇ ਦੱਸਿਆ ਕਿ ਸਵਾਤੀ ਮਾਲੀਵਾਲ 13 ਮਈ ਨੂੰ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਗਈ ਸੀ ਅਤੇ ਉੱਥੇ ਮੁੱਖ ਮੰਤਰੀ ਕੇਜਰੀਵਾਲ ਦੇ ਨਿੱਜੀ ਸਕੱਤਰ ਨੇ ਡਰਾਇੰਗ ਰੂਮ 'ਚ ਉਨ੍ਹਾਂ ਨਾਲ ਮਾਰ ਕੁਟਾਈ ਕਿੱਤੀ । ਇਹ ਬਹੁਤ ਹੀ ਸ਼ਰਮਨਾਕ ਘਟਨਾ ਹੈ ਅਤੇ ਇਹ ਜਨਤਾ ਨੂੰ ਸੋਚਣ ਲਈ ਮਜ਼ਬੂਰ ਕਰਦੀ ਹੈ ਕਿ ਜੇਕਰ ਪਾਰਟੀ ਦੇ ਮੁੱਖ ਮੰਤਰੀ ਦੇ ਘਰ ਉਨ੍ਹਾਂ ਦੀ ਹੀ ਪਾਰਟੀ ਦੇ ਸੰਸਦ ਮੈਂਬਰ ਸੁਰੱਖਿਅਤ ਨਹੀਂ ਹਨ ਤਾਂ ਦਿੱਲੀ ਅਤੇ ਪੰਜਾਬ ਦੀਆਂ ਔਰਤਾਂ ਨੂੰ ਆਪਣੇ ਆਪ ਨੂੰ 'ਆਪ' ਦੇ ਰਾਜ ਵਿੱਚ ਕਿਦਾਂ ਸੁਰੱਖਿਅਤ ਸਮਝਣ । ਡਾ: ਸੁਭਾਸ਼ ਸ਼ਰਮਾ ਨੇ ਕਿਹਾ ਕਿ ਮਾਨ ਸਰਕਾਰ ਨੇ ਚੋਣ ਵਾਅਦਾ ਕੀਤਾ ਸੀ ਕਿ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਦਿੱਤੇ ਜਾਣਗੇ ਪਰ ਅੱਜ ਤੱਕ ਇਹ ਵਾਅਦਾ ਪੂਰਾ ਨਹੀਂ ਹੋਇਆ |ਉਨ੍ਹਾਂ ਕਿਹਾ ਕਿ ਅਸਲ 'ਚ ਪੰਜਾਬ ਦੀ ਆਰਥਿਕਤਾ ਢਹਿ ਢੇਰੀ ਹੋ ਚੁਕੀ ਹੈ ਅਤੇ 'ਆਪ' ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਕਰਨ ਲਈ ਮਾਨ ਸਰਕਾਰ ਕੋਲ ਪੈਸੇ ਨਹੀਂ ਹਨ। ਜੇਕਰ ਸਾਰੀਆਂ 1.3 ਕਰੋੜ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣ ਤਾਂ ਇਸ ਲਈ 15,600 ਕਰੋੜ ਰੁਪਏ ਸਾਲਾਨਾ ਦੀ ਲੋੜ ਹੋਵੇਗੀ, ਜਦਕਿ ਅਸਲੀਅਤ ਇਹ ਹੈ ਕਿ ਸਰਕਾਰੀ ਖਜ਼ਾਨਾ ਖਾਲੀ ਹੈ ਅਤੇ ਕਰਜ਼ੇ ਦੀ ਮਾਰ ਹੇਠ ਆਈ 'ਆਪ' ਸਰਕਾਰ ਖਰਚੇ ਪੂਰੇ ਕਰਨ ਲਈ ਕਰਜ਼ਾ ਲੈ ਰਹੀ ਹੈ। ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਭਗਵੰਤ ਮਾਨ ਅਤੇ ਕੇਜਰੀਵਾਲ ਦਾ ਆਪਣੇ ਚੋਣ ਵਾਅਦੇ ਪੂਰੇ ਕਰਨ ਦਾ ਕੋਈ ਇਰਾਦਾ ਨਹੀਂ ਹੈ।