ਪੰਚਾਇਤੀ ਚੋਣਾਂ ਨੂੰ ਲੈ ਕੇ ਫਾਜ਼ਿਲਕਾ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੇ ਗਏ ਸੁਰੱਖਿਆ ਦੇ ਪੁਖਤਾ ਪ੍ਰਬੰਧ - PANCHAYAT ELECTIONS 2024
Published : Oct 15, 2024, 8:04 AM IST
ਜਿਲ੍ਹਾ ਫਾਜ਼ਿਲਕਾ ਵਿੱਚ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਐਸ.ਐਸ.ਪੀ ਫਾਜ਼ਿਲਕਾ ਵੱਲੋਂ ਅੱਜ ਪੰਚਾਇਤੀ ਚੋਣਾਂ ਲਈ ਕੀਤੇ ਗਏ ਸੁਰੱਖਿਆ ਬੰਦੋਬਸਤ ਦਾ ਜਾਇਜ਼ਾ ਲੈਣ ਲਈ ਸਾਰੇ GOs ਅਤੇ SHOs ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦਾ ਮੁੱਖ ਉਦੇਸ਼ ਚੋਣਾਂ ਦੌਰਾਨ ਕਾਨੂੰਨ ਅਤੇ ਵਿਵਸਥਾ ਕਾਇਮ ਰੱਖਣ ਲਈ ਪੂਰੇ ਜ਼ਿਲ੍ਹੇ ਵਿੱਚ ਮਜ਼ਬੂਤ ਸੁਰੱਖਿਆ ਪ੍ਰਬੰਧ ਕਰਨ ਦੀ ਰਣਨੀਤੀ ਬਣਾਉਣਾ ਸੀ। ਐਸ.ਐਸ.ਪੀ ਨੇ ਪੁਲਿਸ ਅਧਿਕਾਰੀਆਂ ਨੂੰ ਸਪੱਸ਼ਟ ਦਿਸ਼ਾ-ਨਿਰਦੇਸ਼ ਦਿੱਤੇ ਕਿ ਚੋਣਾਂ ਦੇ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਕਦੇ ਵੀ ਚੌਕਸੀ ਵਿੱਚ ਕਮੀ ਨਾ ਹੋਵੇ। ਉਨ੍ਹਾਂ ਨੇ ਵਿਸ਼ੇਸ਼ ਤੌਰ 'ਤੇ ਸਮੇਂ ਸਿਰ ਹਲਾਤਾਂ ਨੂੰ ਸਮਝਣ ਅਤੇ ਸੁਚੇਤ ਰਹਿਣ ਦੇ ਮਾਮਲੇ ਵਿੱਚ ਹਰੇਕ ਅਧਿਕਾਰੀ ਦੀ ਜ਼ਿੰਮੇਵਾਰੀ ਤੇ ਜ਼ੋਰ ਦਿੱਤਾ। ਇਸ ਤੋਂ ਇਲਾਵਾ, ਮੀਟਿੰਗ ਵਿੱਚ ਸੰਵੇਦਨਸ਼ੀਲ ਅਤੇ ਸੰਭਾਵਿਤ ਹੰਗਾਮੇ ਵਾਲੇ ਖੇਤਰਾਂ ਵਿੱਚ ਵਧੇਰੇ ਪੁਲਿਸ ਫੋਰਸ ਤੈਨਾਤ ਕਰਨ, ਅਤੇ ਚੋਣ ਪ੍ਰਕਿਰਿਆ ਦੌਰਾਨ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਤਰਜੀਹ ਦੇਣ ਦੇ ਮਾਮਲਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਐਸਐਸਪੀ ਫਾਜ਼ਿਲਕਾ ਵਰਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪੰਚਾਇਤੀ ਚੋਣਾਂ ਨੂੰ ਸ਼ਾਂਤੀਪੂਰਵਕ ਸੰਪੰਨ ਕਰਵਾਉਣ ਲਈ ਪੁਲਿਸ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ ਹੈ ਜਿਸ ਵਿੱਚ ਉਨ੍ਹਾਂ ਵੱਲੋਂ ਪੁਲਿਸ ਅਧਿਕਾਰੀਆਂ ਨੂੰ ਚੋਣਾਂ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਨੂੰ ਹਰ ਹਾਲਤ ਇਥੇ ਬਰਕਰਾਰ ਰੱਖਣ ਦੇ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ।