ਪੁਲਿਸ ਨੂੰ ਦੇਖ ਕੇ ਭੱਜੇ ਲੋਕ, ਪਰਾਲੀ ਨੂੰ ਲੱਗੀ ਅੱਗ ਬੁਝਾਉਣ ਖੁਦ ਖੇਤਾਂ 'ਚ ਪਹੁੰਚੇ ਡੀਸੀ ਤੇ ਐਸਐਸਪੀ - PADDY STRAW
Published : Nov 20, 2024, 3:58 PM IST
ਮੋਗਾ: ਮੋਗਾ ਜ਼ਿਲ੍ਹਾ ਪ੍ਰਸ਼ਾਸਨ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਰੋਕਣ ਲਈ ਹਰ ਸੰਭਵ ਯਤਨ ਕਰ ਰਿਹਾ ਹੈ। ਇਸ ਲੜੀ ਤਹਿਤ ਅੱਜ ਜਦੋਂ ਮੋਗਾ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੂੰ ਪਿੰਡ ਲੋਹਗੜ੍ਹ ਵਿਖੇ ਇੱਕ ਕਿਸਾਨ ਵੱਲੋਂ ਪਰਾਲੀ ਨੂੰ ਅੱਗ ਲਾਉਣ ਦੀ ਸੂਚਨਾ ਮਿਲੀ ਤਾਂ ਉਹ ਖੁਦ ਐਸਐਸਪੀ ਅਜੇ ਗਾਂਧੀ ਸਮੇਤ ਮੌਕੇ 'ਤੇ ਪਹੁੰਚੇ। ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਦੇ ਹੁਕਮਾਂ ’ਤੇ ਫਾਇਰ ਬ੍ਰਿਗੇਡ ਦੀ ਗੱਡੀ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਸ਼ਵੇਸ਼ ਸਾਰੰਗਲ ਅਤੇ ਐਸਐਸਪੀ ਅਜੇ ਗਾਂਧੀ ਨੇ ਅੱਜ ਪਿੰਡ ਲੁਹਾਰਾ ਅਤੇ ਆਸ-ਪਾਸ ਦੇ ਇਲਾਕਿਆਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਕਣਕ ਦੀ ਸਿੱਧੀ ਬਿਜਾਈ ਲਈ ਪ੍ਰੇਰਿਤ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਪਿੰਡ ਲੋਹਗੜ੍ਹ ਨੇੜੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾ ਦਿੱਤੀ ਗਈ ਹੈ। ਦੋਵੇਂ ਅਧਿਕਾਰੀ ਤੁਰੰਤ ਮੌਕੇ ’ਤੇ ਪਹੁੰਚੇ ਅਤੇ ਅੱਗ ਨੂੰ ਪਹਿਲਾਂ ਖੇਤ ਵਿੱਚ ਹੀ ਬੁਝਾਇਆ ਗਿਆ।