ਬੰਦੀ ਸਿੰਘਾਂ ਦੀ ਰਿਹਾਈ ਲਈ ਸਿੱਖ ਜਥੇਬੰਦੀਆਂ ਵੱਲੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੋਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੱਕ ਕੱਢਿਆ ਗਿਆ ਪੈਦਲ ਮਾਰਚ - release of captive Singh
Published : Jun 29, 2024, 2:37 PM IST
ਸ੍ਰੀ ਫਤਿਹਗੜ੍ਹ ਸਾਹਿਬ : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੱਜ ਫਤਿਹਗੜ੍ਹ ਸਾਹਿਬ ਦੇ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਤੋਂ ਅਰਦਾਸ ਕਰਕੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੱਕ ਪੈਦਲ ਮਾਰਚ ਕੀਤਾ ਗਿਆ ।ਜਿਸ ਵਿੱਚ ਵੱਖ-ਵੱਖ ਸਿੱਖ ਜਥੇਬੰਦੀਆਂ ਸ਼ਾਮਿਲ ਹੋਈਆਂ।ਇਸ ਮੌਕੇ ਗੱਲਬਾਤ ਕਰਦੇ ਹੋਏ ਐਸਜੀਪੀਸੀ ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਕਿਹਾ ਕਿ ਅੱਜ ਉਹਨਾਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਤੋਂ ਅਰਦਾਸ ਕਰਕੇ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਤੱਕ ਪੈਦਲ ਮਾਰਚ ਕੱਢਿਆ ਜਾ ਰਿਹਾ ਹੈ। ਉਹਨਾਂ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਦੇ ਨਾਲ 200 ਤੋਂ ਵੱਧ ਬੰਦੀ ਸਿੰਘ ਜੇਲ੍ਹਾਂ ਵਿੱਚ ਬੰਦ ਹਨ। ਜਿਹਨਾਂ ਦੀ ਰਿਹਾਈ ਲਈ ਅੱਜ ਉਹਨਾਂ ਵੱਲੋਂ ਪੈਦਲ ਮਾਰਚ ਕੱਢਿਆ ਜਾ ਰਿਹਾ ਹੈ। ਕਰਨੈਲ ਸਿੰਘ ਪੰਜੋਲੀ ਨੇ ਕਿਹਾ ਕਿ ਬਹੁਤ ਸਾਰੇ ਬੰਦੀ ਸਿੰਘ ਅਜਿਹੇ ਨੇ ਜੋ ਆਪਣੀ ਸੁਣਾਈ ਗਈ ਸਜ਼ਾ ਨੂੰ ਵੀ ਪੂਰਾ ਕਰ ਚੁੱਕੇ ਹਨ ਪਰ ਉਹਨਾਂ ਨੂੰ ਰਿਹਾਅ ਨਹੀਂ ਕੀਤਾ ਗਿਆ। ਕਰਨੈਲ ਸਿੰਘ ਪੰਜੋਲੀ ਨੇ ਅਕਾਲੀ ਦਲ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਹਨਾਂ ਨੂੰ ਭਾਈ ਅੰਮ੍ਰਿਤਪਾਲ ਸਿੰਘ ਦੀ ਵੋਟਾਂ ਸਮੇਂ ਹਮਾਇਤ ਕਰਨੀ ਚਾਹੀਦੀ ਸੀ ਨਾ ਕੇ ਵਿਰੋਧ। ਉੱਥੇ ਹੀ ਉਹਨਾਂ ਨੇ ਅਕਾਲ ਤਖਤ ਦੇ ਜਥੇਦਾਰ ਨੂੰ ਕਿਹਾ ਕਿ ਜਥੇਦਾਰ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਰਣਨੀਤੀ ਤਿਆਰ ਨਹੀਂ ਕੀਤੀ ਗਈ ਜੋ ਕਿ ਬਹੁਤ ਜ਼ਰੂਰੀ ਸੀ ਜਿਸਦੇ ਵਿੱਚ ਸਾਰੇ ਸਿੱਖ ਜਥੇਬੰਦੀਆਂ ਉਹਨਾਂ ਦਾ ਸਾਥ ਦਿੰਦੀਆਂ।