ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਬਠਿੰਡਾ ਪੁਲਿਸ ਨੇ ਕੀਤਾ ਫਲੈਗ ਮਾਰਚ - BATHINDA POLICE FLAG MARCH
Published : Oct 10, 2024, 10:33 PM IST
ਬਠਿੰਡਾ: ਪੰਚਾਇਤੀ ਚੋਣਾਂ ਦਾ ਸਮਾਂ ਜਿਉਂ-ਜਿਉਂ ਨੇੜੇ ਆ ਰਿਹਾ ਹੈ, ਤਿਉਂ-ਤਿਉਂ ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਬਠਿੰਡਾ ਦੇ ਦਿਹਾਤੀ ਪਿੰਡਾਂ ਵਿੱਚ ਪੁਲਿਸ ਵੱਲੋਂ ਫਲੈਗ ਮਾਰਚ ਕੀਤਾ ਗਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਐਸਐਸਪੀ ਬਠਿੰਡਾ ਅਮਨੀਤ ਕੌਂਡਲ ਨੇ ਕਿਹਾ ਕਿ ਪੰਚਾਇਤੀ ਚੋਣਾਂ ਨੂੰ ਅਮਨ-ਅਮਾਨ ਨਾਲ ਨੇਪਰੇ ਚਾੜਨ ਲਈ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਸੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਅੱਜ ਪਿੰਡਾਂ ਵਿੱਚ ਫਲੈਗ ਮਾਰਚ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਵੱਡੀ ਪੱਧਰ 'ਤੇ ਅਸਲਾ ਜਮ੍ਹਾ ਕਰਵਾ ਲਿਆ ਗਿਆ ਹੈ ਅਤੇ ਕੁਝ ਸੰਵੇਦਨਸ਼ੀਲ ਥਾਵਾਂ ਦੀ ਪਹਿਚਾਣ ਕੀਤੀ ਗਈ ਹੈ, ਜਿਨਾਂ 'ਤੇ ਪੁਲਿਸ ਵੱਲੋਂ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਕਿਸੇ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ। ਉਹਨਾਂ ਕਿਹਾ ਕਿ ਆਮ ਪਬਲਿਕ ਨੂੰ ਵੀ ਚਾਹੀਦਾ ਹੈ ਕਿ ਕ੍ਰਾਈਮ ਨੂੰ ਰੋਕਣ ਲਈ ਪੁਲਿਸ ਦਾ ਸਾਥ ਦੇਣ ਅਤੇ ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ ਪੁਲਿਸ ਨੂੰ ਸਮੇਂ-ਸਮੇਂ ਸਿਰ ਜਾਣਕਾਰੀ ਉਪਲਬਧ ਕਰਵਾਉਂਦੇ ਰਹਿਣ।