ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਨੂੰ ਸਮਰਪਿਤ ਕੱਢੀ ਗਈ ਇਨਸਾਫ਼ ਯਾਤਰਾ - ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ
Published : Feb 17, 2024, 9:36 PM IST
ਅੰਮ੍ਰਿਤਸਰ: ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਨੂੰ ਸਮਰਪਿਤ ਸਿੱਖ ਸਦਭਾਵਨਾ ਦਲ ਦੇ ਮੁਖੀ ਭਾਈ ਬਲਦੇਵ ਸਿੰਘ ਵਡਾਲਾ ਦੀ ਅਗਵਾਈ ਵਿੱਚ ਸਰਦਾਰ ਖਾਲੜਾ ਅਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਵਿਸ਼ਾਲ ਇਨਸਾਫ਼ ਯਾਤਰਾ ਕੱਢੀ ਗਈ। ਜੋ ਜਸਵੰਤ ਸਿੰਘ ਖਾਲੜਾ ਜੀ ਦੇ ਜੱਦੀ ਪਿੰਡ ਖਾਲੜਾ ਦੇ ਗੁਰਦੁਆਰਾ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਤੋਂ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਰਦਾਸ ਕਰਕੇ ਆਰੰਭ ਕੀਤੀ ਗਈ। ਇਸ ਵਿੱਚ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਸੰਗਤਾਂ ਅਤੇ ਸਿੱਖ ਸਦਭਾਵਨਾ ਦਲ ਦੀਆਂ ਸੰਗਤਾਂ ਸ਼ਾਮਲ ਹੋਈਆਂ। ਇਹ ਇਨਸਾਫ਼ ਯਾਤਰਾ ਖਾਲੜਾ ਨਗਰ ਦੀ ਪਰਕਰਮਾ ਕਰਦੇ ਹੋਈ ਭਿੱਖੀਵਿੰਡ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਵਿਖੇ ਸਮਾਪਤ ਹੋਈ। ਇਸ ਮੌਕੇ ਭਾਈ ਬਲਦੇਵ ਸਿੰਘ ਵਡਾਲਾ ਨੇ ਕਿਹਾ ਕਿ ਇਹ ਇਨਸਾਫ਼ ਯਾਤਰਾ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਨੂੰ ਸਮਰਪਿਤ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਮੌਕੇ ਦੀਆਂ ਸਰਕਾਰਾਂ ਨੂੰ ਜਗਾਉਣ ਲਈ ਕੱਢੀ ਜਾ ਰਹੀ ਹੈ। ਉਹਨਾਂ ਕਿਹਾ ਕਿ ਸ਼ਹੀਦ ਜਸਵੰਤ ਸਿੰਘ ਖਾਲੜਾ ਨੇ 25 ਹਜ਼ਾਰ ਲਵਾਰਸ ਲਾਸ਼ਾਂ ਦਾ ਸੱਚ ਸਾਹਮਣੇ ਲਿਆਉਣ ਲਈ ਜੋ ਨਿਸ਼ਾਨਾ ਰੱਖਿਆ ਸੀ, ਉਸ ਨੂੰ ਪੂਰਾ ਕਰਨ ਲਈ ਅੱਜ ਸਾਨੂੰ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਸੋਚ ਨਾਲ ਤੁਰਨਾ ਪਵੇਗਾ।