ਪੁਲਿਸ ਨੇ ਪਾਬੰਦੀਸ਼ੁਦਾ ਚਾਈਨਾ ਡੋਰ ਦੇ 40 ਗੱਟੂਆਂ ਨਾਲ ਇਕ ਵਿਅਕਤੀ ਕੀਤਾ ਗ੍ਰਿਫਤਾਰ - CHINA DOOR RECOVERED
Published : Jan 22, 2025, 9:40 PM IST
ਫਤਿਹਗੜ੍ਹ ਸਾਹਿਬ : ਪੰਜਾਬ ਵਿੱਚ ਪਾਬੰਦੀਸ਼ੁਦਾ ਚਾਈਨਾ ਡੋਰ ਦੇ 40 ਗੱਟੂਆਂ ਨਾਲ ਅਮਲੋਹ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਸ ਸਬੰਧੀ ਡੀਐਸਪੀ ਅਮਲੋਹ ਗੁਰਦੀਪ ਸਿੰਘ ਵੱਲੋਂ ਪ੍ਰੈਸ ਕਾਨਫਰਸ ਕਰਕੇ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦੇ ਹੋਏ ਡੀਐਸਪੀ ਅਮਲੋਹ ਗੁਰਦੀਪ ਸਿੰਘ ਨੇ ਕਿਹਾ ਕਿ ਪਾਬੰਦੀਸ਼ੁਦਾ ਚਾਈਨਾ ਡੋਰ ਦੀ ਵਿੱਕਰੀ ਨੂੰ ਰੋਕਣ ਦੇ ਲਈ ਉਹਨਾਂ ਵੱਲੋਂ ਲਗਾਤਾਰ ਚੈਕਿੰਗ ਜਾਰੀ ਹੈ। ਜਿਸ ਦੇ ਲਈ ਵੱਖ-ਵੱਖ ਟੀਮਾਂ ਦਾ ਗਠਨ ਵੀ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਗੁਪਤ ਸੂਚਨਾ ਮਿਲੀ ਸੀ ਕਿ ਅਮਲੋਹ ਵਿੱਚ ਹਰੀਸ਼ ਕੁਮਾਰ ਨਾਮ ਦਾ ਵਿਅਕਤੀ ਚਾਈਨਾ ਡੋਰ ਵੇਚ ਰਿਹਾ ਹੈ। ਜਿਸ ਤੋਂ ਬਾਅਦ ਉਹਨਾਂ ਵੱਲੋਂ ਜਦੋਂ ਪੜਤਾਲ ਕੀਤੀ ਗਈ ਤਾਂ ਹਰੀਸ਼ ਕੁਮਾਰ ਦੇ ਘਰ ਤੋਂ 40 ਗੱਟੂ ਪਾਬੰਦੀਸ਼ੁਦਾ ਚਾਈਨਾ ਡੋਰ ਦੇ ਮਿਲੇ। ਜਿਸ ਨੂੰ ਪੁਲਿਸ ਨੇ ਕਬਜ਼ੇ ਵਿੱਚ ਲੈ ਕੇ ਮਾਮਲਾ ਦਰਜ ਕੀਤਾ ਅਤੇ ਹਰੀਸ਼ ਕੁਮਾਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ।