ਕਿਸਾਨਾਂ 'ਤੇ ਤਸ਼ੱਦਦ ਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਕੀਤੇ ਗਏ ਟੋਲ ਪਲਾਜ਼ੇ ਫਰੀ - ਕਿਸਾਨਾਂ ਤੇ ਤਸ਼ੱਦਦ
Published : Feb 17, 2024, 4:24 PM IST
ਬਠਿੰਡਾ: ਪਿਛਲੇ ਦਿਨੀਂ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਦਿੱਲੀ ਜਾਣ ਦੇ ਕੀਤੇ ਕਿ ਐਲਾਨ ਕੀਤਾ ਗਿਆ ਸੀ।ਪਰ ਕਿਸਾਨਾਂ ਨੂੰ ਸ਼ੰਬੂ ਅਤੇ ਖਨੌਰੀ ਬਾਰਡਰ 'ਤੇ ਹੀ ਰੋਕ ਲਿਆ ਗਿਆ ਸੀ ਅਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲੇ ਦਾਗੇ ਗਏ ਸਨ। ਜਿਸ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨਾਂ 'ਤੇ ਹੋ ਰਹੇ ਤਸ਼ੱਦਦ ਦੇ ਖਿਲਾਫ ਜ਼ੋਰਦਾਰ ਸੰਘਰਸ਼ ਕਰਨ ਦਾ ਐਲਾਨ ਕਰਦੇ ਹੋਏ ਅੱਜ ਜਿੱਥੇ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਦੇ ਘਰਾਂ ਦਾ ਘਿਰਾਓ ਕੀਤਾ ਗਿਆ। ਉੱਥੇ ਹੀ ਸੂਬੇ ਭਰ ਦੇ ਟੋਲ ਪਲਾਜ਼ੇ ਫਰੀ ਕੀਤੇ ਗਏ। ਬਠਿੰਡਾ ਦੇ ਲਹਿਰਾ ਬੇਗਾ ਵਿਖੇ ਵੱਡੀ ਗਿਣਤੀ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਵੱਲੋਂ ਟੋਲ ਪਲਾਜ਼ਾ ਫਰੀ ਕਰਦੇ ਹੋਏ ਕੇਂਦਰ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਕਿਸਾਨ ਅੰਦੋਲਨ ਦੌਰਾਨ ਮੰਨੀਆਂ ਹੋਈਆਂ ਮੰਗਾਂ ਨੂੰ ਕੇਂਦਰ ਸਰਕਾਰ ਵੱਲੋਂ ਲਾਗੂ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਕਿਸਾਨਾਂ ਵੱਲੋਂ ਸੰਘਰਸ਼ ਆਰੰਭਿਆ ਗਿਆ ਸੀ। ਪਰ ਹਰਿਆਣਾ ਸਰਕਾਰ ਵੱਲੋਂ ਦਿੱਲੀ ਜਾ ਰਹੇ ਕਿਸਾਨਾਂ 'ਤੇ ਕੀਤੇ ਗਏ ਤਸ਼ੱਦਦ ਦੇ ਵਿਰੋਧ ਵਿੱਚ ਉਹਨਾਂ ਵੱਲੋਂ ਸੂਬੇ ਭਰ ਵਿੱਚ ਇਹ ਪ੍ਰਦਰਸ਼ਨ ਕੀਤੇ ਜਾ ਰਹੇ ਹਨ।