ਚੰਡੀਗੜ੍ਹ: 9 ਨਵੰਬਰ 2019 ਨੂੰ ਭਾਰਤ ਅਤੇ ਪਾਕਿਸਤਾਨ ਨੇ ਇਤਿਹਾਸਕ ਕਦਮ ਚੁੱਕਦਿਆਂ ਪਾਕਿਸਤਾਨ ਵਿਚਲੇ ਇਤਿਹਾਸਕ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਲਈ ਕਰਤਾਰਪੁਰ ਲਾਂਘੇ ਨੂੰ ਖੋਲ੍ਹਿਆ ਗਿਆ ਸੀ।
ਕਰਤਾਰਪੁਰ ਲਾਂਘਾ ਖੁੱਲ੍ਹਣ ਦੇ ਇੱਕ ਸਾਲ ਪੂਰਾ ਹੋਣ 'ਤੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਗਤ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ-ਮੈਂ ਕੋਰੀਡੋਰ ਦੇ ਮੁੜ ਤੋਂ ਖੁੱਲ੍ਹਣ ਦੀ ਉਮੀਦ ਕਰਦਾ ਹਾਂ ਤਾਂ ਜੋ ਸਾਨੂੰ ਇਤਿਹਾਸਕ ਗੁਰਦੁਆਰੇ ਦੇ ਖੁੱਲ੍ਹੇ ਦਰਸ਼ਨ ਦੀਦਾਰ ਹੋ ਸਕਣ।
ਇਸ ਕੋਰੀਡੋਰ ਦਾ ਉਦਘਾਟਨ ਭਾਰਤ ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀਆਂ ਵੱਲੋਂ ਕੀਤਾ ਗਿਆ ਸੀ। ਲਾਂਘਾ ਖੁੱਲ੍ਹਣ ਤੋਂ ਬਾਅਦ ਸ਼ਰਧਾਲੂਆਂ ਵਿੱਚ ਕਾਫ਼ੀ ਉਤਸ਼ਾਹ ਵੀ ਦੇਖਣ ਨੂੰ ਮਿਲਿਆ ਪਰ ਕੋਰੋਨਾ ਵਾਇਰਸ ਦੇ ਕਾਰਨ ਇਹ ਇਸ ਸਾਲ 16 ਮਾਰਚ 2020 ਨੂੰ ਭਾਰਤ ਸਰਕਾਰ ਵੱਲੋਂ ਅਸਥਾਈ ਤੌਰ ਉੱਤੇ ਬੰਦ ਕਰ ਦਿੱਤਾ ਗਿਆ। ਮੰਨ੍ਹਿਆ ਜਾ ਰਿਹਾ ਸੀ ਕਿ ਇਹ ਲਾਂਘਾ ਦੋਵੇਂ ਦੇਸ਼ਾਂ ਦਰਮਿਆਨ ਦੂਰੀਆਂ ਨੂੰ ਘੱਟ ਕਰੇਗਾ ਪਰ ਇਹ 4 ਮਹੀਨੇ ਹੀ ਖੁੱਲ੍ਹ ਪਾਇਆ।