ਨਵੀਂ ਦਿੱਲੀ:ਦੇਸ਼ ਦੇ ਪੰਜ ਰਾਜਾਂ ਛੱਤੀਸਗੜ੍ਹ, ਮੱਧ ਪ੍ਰਦੇਸ਼, ਰਾਜਸਥਾਨ, ਤੇਲੰਗਾਨਾ ਅਤੇ ਮਿਜ਼ੋਰਮ ਵਿੱਚ ਇਸ ਸਾਲ ਦੇ ਅੰਤ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਨ੍ਹਾਂ 5 ਰਾਜਾਂ ਵਿੱਚੋਂ ਤਿੰਨ ਰਾਜਾਂ ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਰਾਜਸਥਾਨ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਅਤੇ ਕਾਂਗਰਸ ਵਿਚਾਲੇ ਸਿੱਧਾ ਮੁਕਾਬਲਾ ਹੈ। ਪਰ ਦਿੱਲੀ ਅਤੇ ਪੰਜਾਬ ਵਾਂਗ ਆਮ ਆਦਮੀ ਪਾਰਟੀ ਇਸ ਵਾਰ ਇਨ੍ਹਾਂ ਤਿੰਨਾਂ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਫੀ ਗੰਭੀਰ ਹੈ। ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਗਾਤਾਰ ਇਨ੍ਹਾਂ ਚੋਣ ਸੂਬਿਆਂ ਦਾ ਦੌਰਾ ਕਰ ਰਹੇ ਹਨ। ਉਹ ਉੱਥੇ ਵੱਖ-ਵੱਖ ਵਰਗਾਂ ਦੇ ਲੋਕਾਂ ਨਾਲ ਗੱਲਬਾਤ ਕਰ ਰਹੇ ਹਨ। ਪਿਛਲੇ ਐਤਵਾਰ ਮੱਧ ਪ੍ਰਦੇਸ਼ ਦੇ ਰੀਵਾ ਵਿੱਚ ਵੀ ਆਮ ਆਦਮੀ ਪਾਰਟੀ ਨੇ ਮੱਧ ਪ੍ਰਦੇਸ਼ ਦੇ ਲੋਕਾਂ ਲਈ 10 ਗਾਰੰਟੀਆਂ ਦਾ ਐਲਾਨ ਕੀਤਾ।
ਅਰਵਿੰਦ ਕੇਜਰੀਵਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮਿਲ ਕੇ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਵਿੱਚ ਤਿੰਨ-ਤਿੰਨ ਰੈਲੀਆਂ ਕਰ ਚੁੱਕੇ ਹਨ ਅਤੇ ਇਸ ਮਹੀਨੇ ਦੇ ਅੰਤ ਵਿੱਚ ਅਤੇ ਅਕਤੂਬਰ ਵਿੱਚ ਰਾਜਸਥਾਨ ਵਿੱਚ ਵੀ ਵਿਸ਼ਾਲ ਚੋਣ ਮੀਟਿੰਗਾਂ ਅਤੇ ਰੈਲੀਆਂ ਨੂੰ ਸੰਬੋਧਨ ਕਰਨਗੇ। ਆਮ ਆਦਮੀ ਪਾਰਟੀ ਇੰਡੀਅਨ ਨੈਸ਼ਨਲ ਡਿਵੈਲਪਮੈਂਟ ਇਨਕਲੂਸਿਵ ਅਲਾਇੰਸ (ਇੰਡੀਆ) ਦਾ ਹਿੱਸਾ ਹੋਣ ਦੇ ਬਾਵਜੂਦ ਛੱਤੀਸਗੜ੍ਹ, ਮੱਧ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਆਪਣੇ ਆਪ ਨੂੰ ਕਾਂਗਰਸ ਅਤੇ ਭਾਜਪਾ ਨਾਲੋਂ ਬਿਹਤਰ ਵਿਕਲਪ ਵਜੋਂ ਪੇਸ਼ ਕਰ ਰਹੀ ਹੈ। ਵਿਰੋਧੀ ਧਿਰ ਦੇ ਦਲਾ ਵਿੱਚ ਇੰਡੀਆ ਗਠਜੋੜ ਦੇ ਗਠਨ ਤੋਂ ਬਾਅਦ ਆਗਾਮੀ ਲੋਕ ਸਭਾ ਚੋਣਾਂ 'ਚ ਸੀਟਾਂ ਦੀ ਵੰਡ ਨੂੰ ਲੈ ਕੇ ਗੱਲਬਾਤ ਚੱਲ ਰਹੀ ਹੈ, ਅਜੇ ਤੱਕ ਇਸ ਤੇ ਕੋਈ ਫੈਸਲਾ ਨਹੀਂ ਹੋਇਆ ਹੈ।
ਆਮ ਆਦਮੀ ਪਾਰਟੀ ਦੇ ਐੱਮਪੀ ਸੰਦੀਪ ਪਾਠਕ ਦਾ ਬਿਆਨ: ਇਨ੍ਹਾਂ ਚੋਣਾਂ ਵਾਲੇ ਸੂਬਿਆਂ 'ਚ ਭਾਜਪਾ ਅਤੇ ਕਾਂਗਰਸ ਵਿਚਾਲੇ ਰੱਸਾਕਸ਼ੀ ਚੱਲ ਰਹੀ ਹੈ। ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਦਾ ਕਹਿਣਾ ਹੈ ਕਿ ਵਿਧਾਨ ਸਭਾ ਚੋਣਾਂ ਲੜਨ ਦੀ ਰਣਨੀਤੀ ਪਾਰਟੀ ਵੱਲੋਂ ਚੋਣ ਰਾਜਾਂ ਲਈ ਤਿਆਰ ਕੀਤੀ ਗਈ ਯੋਜਨਾ ਅਨੁਸਾਰ ਬਣਾਈ ਗਈ ਹੈ। ਪਾਰਟੀ ਇਸ ਰਣਨੀਤੀ ਦੇ ਤਹਿਤ ਹੀ ਛੱਤੀਸਗੜ੍ਹ, ਮੱਧ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਚੋਣ ਮੀਟਿੰਗਾਂ ਕਰ ਰਹੀ ਹੈ।
ਰਾਜਸਥਾਨ ਵਿੱਚ ਡੋਰ-ਟੂ-ਡੋਰ ਪ੍ਰੋਗਰਾਮ: ਆਮ ਆਦਮੀ ਪਾਰਟੀ ਦੇ ਰਾਜਸਥਾਨ ਦੇ ਇੰਚਾਰਜ ਅਤੇ ਦਿੱਲੀ ਦੇ ਵਿਧਾਇਕ ਵਿਨੈ ਮਿਸ਼ਰਾ ਨੇ ਇਸ ਸਮੇਂ ਰਾਜਸਥਾਨ ਵਿੱਚ ਡੇਰੇ ਲਾਏ ਹੋਏ ਹਨ। ਉਹ ਬੁੱਧਵਾਰ ਯਾਨੀ ਅੱਜ ਤੋਂ ਅਲਵਰ ਵਿੱਚ ਪਾਰਟੀ ਦੀ ਘਰ-ਘਰ ਜਨ ਸੰਪਰਕ ਮੁਹਿੰਮ ਸ਼ੁਰੂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮਹੀਨੇ ਦੇ ਅੰਤ ਵਿੱਚ ਰਾਜਸਥਾਨ ਵਿੱਚ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਚੋਣ ਮੀਟਿੰਗ ਹੋਵੇਗੀ। ਇਸ ਤੋਂ ਬਾਅਦ ਅਗਲੇ ਮਹੀਨੇ ਯਾਨੀ ਅਕਤੂਬਰ ਮਹੀਨੇ ਵੱਡੇ ਨੇਤਾਵਾਂ ਦੇ ਦੌਰੇ ਅਤੇ ਮੀਟਿੰਗਾਂ ਹੋਣਗੀਆਂ। ਉਨ੍ਹਾਂ ਕਿਹਾ ਕਿ ਕਈ ਪਾਰਟੀਆਂ ਵੱਖ-ਵੱਖ ਰਾਜਾਂ ਵਿੱਚ ਇੱਕ-ਦੂਜੇ ਖ਼ਿਲਾਫ਼ ਚੋਣਾਂ ਲੜਦੀਆਂ ਹਨ। ਉੱਤਰ ਪ੍ਰਦੇਸ਼ ਵਿੱਚ ਸਮਾਜਵਾਦੀ ਪਾਰਟੀ ਅਤੇ ਕਾਂਗਰਸ ਇੱਕ ਦੂਜੇ ਦੇ ਖਿਲਾਫ ਚੋਣਾਂ ਲੜਦੀਆਂ ਹਨ। ਪੱਛਮੀ ਬੰਗਾਲ ਵਿੱਚ ਤ੍ਰਿਣਮੂਲ ਕਾਂਗਰਸ, ਕਾਂਗਰਸ ਅਤੇ ਲੈਫ਼ਟ ਪਾਰਟੀਆਂ ਇੱਕ-ਦੂਜੇ ਦੇ ਖਿਲਾਫ ਲੜਦੀਆਂ ਹਨ। ਆਮ ਆਦਮੀ ਪਾਰਟੀ ਰਾਜਸਥਾਨ ਦੇ ਲੋਕਾਂ ਨੂੰ ਵੱਖਰਾ ਵਿਕਲਪ ਦੇਣ ਦੀ ਗੱਲ ਕਰ ਰਹੀ ਹੈ। ਹੁਣ ਫੈਸਲਾ ਕਰਨਾ ਰਾਜਸਥਾਨ ਦੇ ਲੋਕਾਂ ਦੇ ਹੱਥ ਵਿੱਚ ਹੈ।
ਅਲਕਾ ਲਾਂਬਾ ਦਾ ਬਿਆਨ: ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਜਦੋਂ ਸੀਨੀਅਰ ਕਾਂਗਰਸੀ ਆਗੂ ਅਲਕਾ ਲਾਂਬਾ ਤੋਂ ਪੁੱਛਿਆ ਗਿਆ ਕਿ ਚੋਣ ਰਾਜਾਂ ਵਿੱਚ ਆਮ ਆਦਮੀ ਪਾਰਟੀ ਨਾਲ ਗੱਠਜੋੜ ਬਾਰੇ ਉਨ੍ਹਾਂ ਦਾ ਕੀ ਕਹਿਣਾ ਹੈ ਤਾਂ ਉਨ੍ਹਾਂ ਸਪੱਸ਼ਟ ਕਿਹਾ ਕਿ ਇਸ ਬਾਰੇ ਫੈਸਲਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮਲਿਕਾਅਰਜੁਨ ਖੜਗੇ ਕਰਨਗੇ। ਆਮ ਆਦਮੀ ਪਾਰਟੀ ਗਠਜੋੜ ਵਿੱਚ ਸ਼ਾਮਲ ਹੈ ਅਤੇ ਉਨ੍ਹਾਂ ਨਾਲ ਕੀ ਕਰਨਾ ਹੈ, ਇਸ ਬਾਰੇ ਫੈਸਲਾ ਸੂਬਾ ਇਕਾਈ ਨਾਲ ਸਲਾਹ ਕਰਕੇ ਹੀ ਲਿਆ ਜਾਵੇਗਾ।
ਜ਼ੋਰਦਾਰ ਪ੍ਰਚਾਰ ਕਰ ਰਹੇ ਹਨ ਕੇਜਰੀਵਾਲ ਅਤੇ ਭਗਵੰਤ ਮਾਨ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਦੇ ਚੋਣ ਦੌਰੇ ਦੌਰਾਨ ਖੁੱਲ੍ਹ ਕੇ ਕਹਿ ਰਹੇ ਹਨ, ਕਿ ਉਹ ਛੋਟੇ ਅਤੇ ਆਮ ਲੋਕ ਹਨ। ਉਹ ਗਾਲ੍ਹਾਂ, ਰਾਜਨੀਤੀ ਅਤੇ ਨੇਤਾਗਿਰੀ ਨਹੀਂ ਜਾਣਦੇ। ਉਹ ਸਿਰਫ ਤੁਹਾਡੇ ਘਰ, ਤੁਹਾਡੇ ਪਰਿਵਾਰ ਅਤੇ ਤੁਹਾਡੇ ਬੱਚਿਆਂ ਦੇ ਅਧਿਕਾਰਾਂ ਦੀ ਗੱਲ ਕਰਦੇ ਹਨ। ਉਹ ਹਵਾਈ ਗੱਲਾ ਨਹੀਂ ਕਰਦੇ, ਦਿੱਲੀ ਅਤੇ ਪੰਜਾਬ ਵਿੱਚ ਇਸ ਨੂੰ ਲਾਗੂ ਕਰ ਕਿ ਆਏ ਹਨ। ਆਉਣ ਵਾਲੀਆਂ ਚੋਣਾਂ ਵਿੱਚ ਵੋਟ ਪਾਉਣ ਤੋਂ ਪਹਿਲਾਂ ਉਥੋਂ ਦੇ ਲੋਕਾਂ ਨੂੰ ਪੁੱਛਣ ਤੋਂ ਬਾਅਦ ਹੀ ਕੋਈ ਫੈਸਲਾ ਲਓ।