ਨਵੀਂ ਦਿੱਲੀ: ਕਿਸਾਨਾਂ ਵੱਲੋਂ ਭਾਰਤ ਬੰਦ ਦੇ ਸੱਦੇ ਦੌਰਾਨ ਆਮ ਆਦਮੀ ਪਾਰਟੀ ਨੇ ਦਿੱਲੀ ਪੁਲਿਸ 'ਤੇ ਵੱਡਾ ਦੋਸ਼ ਲਾਇਆ ਹੈ। ਆਮ ਆਦਮੀ ਪਾਰਟੀ ਨੇ ਦੋਸ਼ ਲਾਉਂਦਿਆਂ ਕਿਹਾ ਕਿ ਆਪ ਮੁਖੀ ਅਰਵਿੰਦ ਕੇਜਰੀਵਾਲ ਨੂੰ ਉਨ੍ਹਾਂ ਦੇ ਘਰ 'ਚ ਨਜ਼ਰਬੰਦ ਕਰ ਦਿੱਤਾ ਗਿਆ ਹੈ।
ਦਿੱਲੀ ਪੁਲਿਸ ਨੇ ਦਿੱਤੀ ਸਫਾਈ ਇਸ ਦੇ ਉਲਟ ਦਿੱਲੀ ਪੁਲਿਸ ਨੇ ਬਿਆਨ ਜਾਰੀ ਕਰਦਿਆਂ ਅਰਵਿੰਦ ਕੇਜਰੀਵਾਲ ਨੂੰ ਨਜ਼ਰਬੰਦ ਕਰਨ ਦੇ ਸਾਰੇ ਦੋਸਾਂ ਨੂੰ ਖ਼ਾਰਜ ਕੀਤਾ ਹੈ। ਦਿੱਲੀ ਪੁਲਿਸ ਦਾ ਕਹਿਣਾ ਹੈ ਕਿ ਕੇਜਰੀਵਾਲ ਨੂੰ ਨਜ਼ਰਬੰਦ ਨਹੀਂ ਕੀਤਾ ਗਿਆ ਉਹ ਕੀਤੇ ਵੀ ਆ ਜਾ ਸਕਦੇ ਹਨ।
ਦੂਜੇ ਪਾਸੇ ਦਿੱਲੀ ਦੇ ਸਿਹਤ ਮੰਤਰੀ ਸਤਿੰਦਰ ਜੈਨ ਨੇ ਵੀ ਟਵੀਟ ਕਰ ਭਾਜਪਾ ਸਰਕਾਰ ਦੀ ਨਿਖੇਦੀ ਕੀਤੀ ਹੈ ਅਤੇ ਕਿਹਾ ਕਿ ਮੁੱਖ ਮੰਤਰੀ ਕੇਜਰੀਵਾਲ ਨੂੰ ਨਜ਼ਰਬੰਦ ਕਰਨ ਦਾ ਮਤਲਬ ਹੈ ਕਿ ਸਰਕਾਰ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ।
ਆਪ ਦਾ ਦੋਸ਼ ਹੈ ਕਿ ਦਿੱਲੀ ਪੁਲਿਸ ਨੇ ਭਾਜਪਾ ਦੀ ਮਦਦ ਨਾਲ ਮੁੱਖ ਮੰਤਰੀ ਕੇਜਰੀਵਾਲ ਨੂੰ ਘਰ 'ਚ ਨਜ਼ਰਬੰਦ ਕੀਤਾ ਹੈ। ਸਿੰਘੂ ਬਾਰਡਰ ਤੋਂ ਵਾਪਸ ਆਉਣ ਤੋਂ ਬਾਅਦ ਹੀ ਬੀਤੇ ਦਿਨ ਤੋਂ ਨਜ਼ਰਬੰਦ ਜਿਹੇ ਹਾਲਾਤ ਬਣੇ ਹੋਏ ਸਨ। ਮੁੱਖ ਮੰਤਰੀ ਕੇਜਰੀਵਾਲ ਦੀਆਂ ਸਾਰੀਆਂ ਬੈਠਕਾਂ ਰੱਦ ਹੋ ਗਈਆਂ ਹਨ।
ਆਮ ਆਦਮੀ ਪਾਰਟੀ ਨੇ ਦੋਸ਼ ਲਾਉਂਦਿਆਂ ਕਿਹਾ ਕਿ ਗ੍ਰਹਿ ਮੰਤਰਾਲੇ ਦੇ ਹੁਕਮਾਂ 'ਤੇ ਪੁਲਿਸ ਨੇ ਦਿੱਲੀ ਨਗਰ ਨਿਗਮ ਦੇ ਤਿੰਨ ਮੇਅਰਾਂ ਨੂੰ ਮੁੱਖ ਮੰਤਰੀ ਅਰਵਿੰਦ ਕੇਰਜੀਵਾਲ ਦੇ ਘਰ ਦੇ ਮੁੱਖ ਗੇਟ ਦੇ ਬਾਹਰ ਬਿਠਾ ਦਿੱਤਾ ਗਿਆ ਹੈ। ਇਸੇ ਗੱਲ ਦਾ ਬਹਾਨਾ ਬਣਾ ਪੁਲਿਸ ਨੇ ਮੁਖ ਮੰਤਰੀ ਦੇ ਘਰ ਦੇ ਬਾਹਰ ਬੈਰੀਕੇਡਿੰਗ ਕਰ ਦਿੱਤੀ ਹੈ। ਜਿਸ ਕਾਰਨ ਕੇਜਰੀਵਾਲ ਨੂੰ ਨਾ ਤਾਂ ਕੋਈ ਮਿਲਣ ਆ ਸਕਦਾ ਹੈ ਅਤੇ ਨਾ ਹੀ ਕੋਈ ਬਾਹਰ ਜਾ ਸਕਦਾ ਹੈ। ਆਪ ਦਾ ਕਹਿਣਾ ਹੈ ਕਿ ਅੱਜ ਭਾਰਤ ਬੰਦ ਦੇ ਚੱਲਦੇ ਗ੍ਰਹਿ ਮੰਤਰਾਲੇ ਦੇ ਨਿਰਦੇਸ਼ 'ਤੇ ਦਿੱਲੀ ਪੁਲਿਸ ਨੇ ਇਹ ਕੰਮ ਕੀਤਾ ਹੈ।