ਚੰਡੀਗੜ੍ਹ: ਮੁੱਖ ਵਿਰੋਧੀ ਧਿਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕਾਂ ਨੇ ਸੂਬੇ ’ਚ ਡੀ.ਏ.ਪੀ ਖਾਦ ਦੇ ਗਹਿਰਾਏ ਸੰਕਟ ਨੂੰ ਲੈ ਕੇ ਕੇਂਦਰ ਦੀ ਮੋਦੀ ਅਤੇ ਪੰਜਾਬ ਦੀ ਚੰਨੀ ਸਰਕਾਰ ਵਿਰੁੱਧ ਰੋਸ ਮਾਰਚ ਕੀਤਾ। ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਸਥਾਨਕ ਸੈਕਟਰ- 4 ਸਥਿਤ ਐਮ.ਐਲ.ਏ. ਹੋਸਟਲ ਵਿੱਚ ਬੈਠਕ ਕਰਨ ਉਪਰੰਤ ‘ਆਪ’ ਵਿਧਾਇਕਾਂ ਨੇ ਪੈਦਲ ਹੀ ਵਿਧਾਨ ਸਭਾ ਵੱਲ ਕੂਚ ਕੀਤਾ। ‘ਆਪ’ ਵਿਧਾਇਕਾਂ ’ਚ ਕੁਲਤਾਰ ਸਿੰਘ ਸੰਧਵਾਂ, ਵਿਰੋਧੀ ਧਿਰ ਦੀ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ, ਅਮਨ ਅਰੋੜਾ, ਮੀਤ ਹੇਅਰ, ਪਿ੍ਰੰਸੀਪਲ ਬੁੱਧਰਾਮ, ਕੁਲਵੰਤ ਸਿੰਘ ਪੰਡੋਰੀ, ਮਨਜੀਤ ਸਿੰਘ ਬਿਲਾਸਪੁਰ, ਜੈ ਸਿੰਘ ਰੋੜੀ ਅਤੇ ਅਮਰਜੀਤ ਸਿੰਘ ਸੰਦੋਆ ਪ੍ਰਮੁੱਖ ਸਨ।
ਹੱਥਾਂ ਵਿੱਚ ਚੰਨੀ ਅਤੇ ਮੋਦੀ ਸਰਕਾਰ ਖਿਲਾਫ਼ ਤਖ਼ਤੀਆਂ ਅਤੇ ਡੀ.ਏ.ਪੀ. ਖਾਦ ਦੇ ਖਾਲੀ ਥੈਲੇ ਫੜ੍ਹ ਕੇ ‘ਆਪ’ ਵਿਧਾਇਕਾਂ ਨੇ ਜਿੱਥੇ ਕੇਂਦਰ ਦੀ ਮੋਦੀ ਸਰਕਾਰ ਉਤੇ ਪੰਜਾਬ ਦੇ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਦੇ ਦੋਸ਼ ਲਾਏ, ਉਥੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹੁਣ ਤੱਕ ਦਾ ਸਭ ਤੋਂ ਕਮਜ਼ੋਰ ਮੁੱਖ ਮੰਤਰੀ ਕਰਾਰ ਦਿੱਤਾ ਅਤੇ ਦੋਸ਼ ਲਾਇਆ ਕਿ ਚੰਨੀ ਨੇ ਕੁਰਸੀ ਅਤੇ ਕਮਜੋਰੀ ਕਾਰਨ ਕੇਂਦਰ ਦੀ ਮੋਦੀ ਸਰਕਾਰ ਮੂਹਰੇ ਆਤਮ ਸਮਰਪਣ ਕਰ ਦਿੱਤਾ ਹੈ।
ਮੀਡੀਆ ਨਾਲ ਗੱਲਬਾਤ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਦੋਂ ਕੇਂਦਰ ਦੀ ਸਰਕਾਰ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਨਾਲ ਬਦਲੇ ਦੀ ਭਾਵਨਾ ’ਚ ਸ਼ਰੇਆਮ ਕਿੜ੍ਹ ਕੱਢ ਰਹੀ ਹੈ, ਤਾਂ ਚੰਨੀ ਸਰਕਾਰ ਕੀ ਕਰ ਰਹੀ ਹੈ? ਚੀਮਾ ਨੇ ਕਿਹਾ ਕੇਂਦਰ ਦੀਆਂ ਜ਼ਿਆਦਤੀਆਂ ਮੂਹਰੇ ਗੋਡੇ ਟੇਕ ਕੇ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਨਹੀਂ ਕੀਤੀ ਜਾ ਸਕਦੀ। ਇਸ ਲਈ ਪੰਜਾਬ ਨੂੰ ਇੱਕ ਮਜ਼ਬੂਤ ਅਤੇ ਸਥਿਰ ਸਰਕਾਰ ਦੀ ਜ਼ਰੂਰਤ ਹੈ, ਜੋ ਸਿਰਫ਼ ਆਮ ਆਦਮੀ ਪਾਰਟੀ ਹੀ ਦੇ ਸਕਦੀ ਹੈ।
ਇਸ ਮੌਕੇ ਕੁਲਤਾਰ ਸਿੰਘ ਸੰਧਵਾਂ ਅਤੇ ਅਮਨ ਅਰੋੜਾ ਨੇ ਕਿਹਾ ਕਿ ਅੱਜ ਕਣਕ ਦੀ ਬਿਜਾਈ ਦਾ ਸਮਾਂ ਸਿਖ਼ਰਾਂ ’ਤੇ ਹੈ, ਪ੍ਰੰਤੂ ਸੂਬੇ ਦੀਆਂ ਸਹਿਕਾਰੀ ਸਭਾਵਾਂ ਅਤੇ ਪ੍ਰਾਈਵੇਟ ਡੀਲਰਾਂ ਨੂੰ ਅਜੇ ਤੱਕ 40- 42 ਫ਼ੀਸਦੀ ਹੀ ਡੀ.ਏ.ਪੀ ਖਾਦ ਦੀ ਸਪਲਾਈ ਪ੍ਰਾਪਤ ਹੋਈ ਹੈ। ‘ਆਪ’ ਵਿਧਾਇਕਾਂ ਨੇ ਦੋਸ਼ ਲਾਇਆ ਕਿ ਕੇਂਦਰ ਦੀ ਮੋਦੀ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਲਈ ਪੰਜਾਬ ਨੂੰ ਡੀ.ਏ.ਪੀ ਖਾਦ ਦੀ ਸਪਲਾਈ ’ਚ ਜਾਣਬੁੱਝ ਕੇ ਰੁਕਾਵਟਾਂ ਪਾ ਰਹੀ ਹੈ, ਜਦੋਂ ਕਿ ਗੁਆਂਢੀ ਸੂਬਿਆਂ ਹਰਿਆਣਾ, ਰਾਜਸਥਾਨ, ਅਤੇ ਉਤਰ ਪ੍ਰਦੇਸ਼ ਵਿੱਚ ਪੰਜਾਬ ਨਾਲੋਂ ਦੁਗਣੀ- ਚੌਗੁਣੀ ਸਪਲਾਈ ਕੀਤੀ ਜਾ ਰਹੀ ਹੈ। ਪ੍ਰੰਤੂ ਐਨਾ ਧੱਕਾ ਹੋਣ ਦੇ ਬਾਵਜੂਦ ਚੰਨੀ ਸਰਕਾਰ ਹੱਥ ’ਤੇ ਹੱਥ ਧਰੀ ਬੈਠੀ ਹੈ, ਜਿਸ ਕਾਰਨ ਸੂਬੇ ਦੇ ਕਿਸਾਨਾਂ ’ਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ।
ਇਸ ਦੌਰਾਨ ਹਾਈਕੋਰਟ ਚੌਂਕ ’ਤੇ ਚੰਡੀਗੜ੍ਹ ਪੁਲੀਸ ਵੱਲੋਂ ਕੀਤੀ ਬੈਰੀਕੇਡਿੰਗ ਉਤੇ ਪੁਲੀਸ ਨੇ ‘ਆਪ’ ਵਿਧਾਇਕਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪ੍ਰੰਤੂ ‘ਆਪ’ ਵਿਧਾਇਕ ਹੱਥਾਂ ਵਿੱਚ ਤੱਖਤੀਆਂ ਸਮੇਤ ਵਿਧਾਨ ਸਭਾ ਕੰਪਲੈਕਸ ਅੰਦਰ ਜਾਣ ਵਿੱਚ ਕਾਮਯਾਬ ਹੋ ਗਏ।
ਸਮੇਂ ਤੋਂ ਪਹਿਲਾਂ ਮੰਡੀਆਂ ਕਿਉਂ ਬੰਦ ਕਰ ਰਹੀ ਹੈ ਚੰਨੀ ਸਰਕਾਰ: ‘ਆਪ’ ਦਾ ਸਵਾਲ