ਨਵੀਂ ਦਿੱਲੀ: ਖੇਤੀ ਕਾਨੂੰਨਾਂ ਨੂੰ ਲੈਕੇ ਜਿਥੇ ਕਿਸਾਨ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਅਤੇ ਨਾਲ ਹੀ ਪਾਰਲੀਮੈਂਟ ਸੈਸ਼ਨ ਦੇ ਚੱਲਦਿਆਂ ਸੰਯੁਕਤ ਕਿਸਾਨ ਮੋਰਚਾ ਵਲੋਂ ਕਈ ਤਰ੍ਹਾਂ ਦੀਆਂ ਰਣਨੀਤੀਆਂ ਉਲੀਕੀਆਂ ਜਾ ਰਹੀਆਂ ਹਨ । ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਵੀ ਖੇਤੀ ਕਾਨੂੰਨਾਂ ਨੂੰ ਲੈਕੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੁਖਬੀਰ ਸਿੰਘ ਬਾਦਲ, ਬਲਵਿੰਦਰ ਸਿੰਘ ਭੁੰਦੜ, ਹਰਸਿਮਰਤ ਕੌਰ ਬਾਦਲ ਅਤੇ ਬਸਪਾ ਤੋਂ ਸਤੀਸ਼ ਕੁਮਾਰ ਮਿਸ਼ਰਾ ਸ਼ਾਮਲ ਸਨ।
ਇਸ ਮੌਕੇ ਅਕਾਲੀ ਦਲ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਕਿ ਕਿਸਾਨ ਲੰਬੇ ਸਮੇਂ ਤੋਂ ਆਪਣੇ ਹੱਕਾਂ ਲਈ ਸੰਘਰਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਵਲੋਂ ਦੇਸ਼ ਦੇ ਕਿਸਾਨਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਕਿ ਦੇਸ਼ ਦਾ ਢਿੱਡ ਭਰਨ ਵਾਲਾ ਕਿਸਾਨ ਸੜਕਾਂ 'ਤੇ ਰੁਲਣ ਲਈ ਮਜ਼ਬੂਰ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜ ਸੌ ਤੋਂ ਵੱਧ ਕਿਸਾਨ ਇਸ ਸੰਘਰਸ਼ 'ਚ ਆਪਣੀ ਜਾਨ ਗੁਆ ਚੁੱਕੇ ਹਨ, ਪਰ ਦੇਸ਼ ਦੇ ਪਧਾਨ ਮੰਤਰੀ ਵਲੋਂ ਕੋਈ ਸਾਰ ਨਹੀਂ ਲਈ ਜਾ ਰਹੀ।
ਇਸ ਦੇ ਨਾਲ ਹੀ ਸੁਖਬੀਰ ਬਾਦਲ ਦਾ ਕਹਿਣਾ ਕਿ ਜਿਥੇ ਕੇਂਦਰ ਸਰਕਾਰ ਕਿਸਾਨਾਂ ਦੀ ਵੈਰੀ ਬਣੀ ਹੋਈ ਹੈ,ਉਥੇ ਹੀ ਪੰਜਾਬ ਦੀ ਕਾਂਗਰਸ ਸਰਕਾਰ ਨੇ ਵੀ ਕਿਸਾਨਾਂ ਦਾ ਪੱਲਾ ਨਹੀਂ ਫੜਿਆ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਕੁਰਸੀ ਦੀ ਲੜਾਈ ਲੜ ਰਹੀ ਹੈ ਅਤੇ ਕਿਸਾਨਾਂ ਦੀ ਉਨ੍ਹਾਂ ਨੂੰ ਬਿਲਕੁਲ ਸਾਰ ਨਹੀਂ ਹੈ।