ਸ਼ਿਮਲਾ: ਹਿਮਾਚਲ ਪ੍ਰਦੇਸ਼ ਦੇ ਡੀ.ਜੀ.ਪੀ ਸੰਜੇ ਕੁੰਡੂ ਨੇ ਤਪੋਵਨ, ਧਰਮਸ਼ਾਲਾ, ਕਾਂਗੜਾ ਵਿਖੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਕੰਪਲੈਕਸ ਦੇ ਗੇਟ ਦੇ ਬਾਹਰ ਖਾਲਿਸਤਾਨੀ ਝੰਡੇ ਲਗਾਏ ਜਾਣ ਤੋਂ ਬਾਅਦ ਸੂਬੇ ਵਿੱਚ ਹਾਈ ਅਲਰਟ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸੂਬੇ ਦੀਆਂ ਸਰਹੱਦਾਂ ਨੂੰ ਸੀਲ ਕਰਨ ਦੇ ਹੁਕਮ ਦਿੱਤੇ ਗਏ ਹਨ। ਪੁਲਿਸ ਵੱਲੋਂ ਸਰਹੱਦ ’ਤੇ ਸਖ਼ਤ ਚੌਕਸੀ ਰੱਖੀ ਜਾ ਰਹੀ ਹੈ। ਇਸ ਦੇ ਨਾਲ ਹੀ ਹੋਟਲਾਂ, ਸਰਾਵਾਂ ਅਤੇ ਭੀੜ-ਭੜੱਕੇ ਵਾਲੇ ਇਲਾਕਿਆਂ 'ਤੇ ਪੁਲਿਸ ਦੀ ਤਿੱਖੀ ਨਜ਼ਰ ਹੈ।
ਡੀਜੀਪੀ ਸੰਜੇ ਕੁੰਡੂ ਨੇ ਸੂਬੇ ਵਿੱਚ ਵਿਸ਼ੇਸ਼ ਸੁਰੱਖਿਆ ਯੂਨਿਟ, ਬੰਬ ਨਿਰੋਧਕ ਦਸਤੇ ਅਤੇ ਕਵਿੱਕ ਰਿਐਕਸ਼ਨ ਟੀਮ ਨੂੰ ਹਾਈ ਅਲਰਟ 'ਤੇ ਰਹਿਣ ਦੇ ਹੁਕਮ ਦਿੱਤੇ ਹਨ। ਇਸ ਟੀਮ ਨੂੰ ਬੱਸ ਅੱਡਿਆਂ, ਕਸਬਿਆਂ, ਸਰਕਾਰੀ ਇਮਾਰਤਾਂ ਅਤੇ ਕੌਮੀ ਇਮਾਰਤਾਂ ਦੀ ਸੁਰੱਖਿਆ ਮਜ਼ਬੂਤ ਕਰਨ ਦੇ ਹੁਕਮ ਦਿੱਤੇ ਗਏ ਹਨ। ਪੁਲਿਸ ਰਿਪੋਰਟ ਅਨੁਸਾਰ ਸਿੱਖ ਫਾਰ ਜਸਟਿਸ ਦੇ ਮੁੱਖੀ ਗੁਰਪਤਵੰਤ ਸਿੰਘ ਪੰਨੂ ਨੂੰ ਮੁੱਖ ਦੋਸ਼ੀ ਬਣਾਇਆ ਗਿਆ ਹੈ। ਪੰਨੂ ਨੇ 6 ਜੂਨ ਨੂੰ ਹਿਮਾਚਲ ਵਿੱਚ ਖਾਲਿਸਤਾਨ ਬਾਰੇ ਰਾਏਸ਼ੁਮਾਰੀ ਵਿੱਚ ਵੋਟ ਪਾਉਣ ਦਾ ਐਲਾਨ ਕੀਤਾ ਹੈ।