ਨਵੀਂ ਦਿੱਲੀ: ਦਿੱਲੀ ਦੇ ਸਾਰੇ ਸਕੂਲ 29 ਨਵੰਬਰ ਤੋਂ ਖੁੱਲ੍ਹਣਗੇ। ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ (Delhi Education Minister Manish Sisodia) ਨੇ ਟਵੀਟ ਕਰਕੇ ਇਸ ਦਾ ਐਲਾਨ ਕੀਤਾ ਹੈ। ਦਿੱਲੀ ਵਿੱਚ ਪ੍ਰਦੂਸ਼ਣ ਕਾਰਨ 13 ਨਵੰਬਰ ਨੂੰ 14 ਨਵੰਬਰ ਤੋਂ ਅਗਲੇ ਹੁਕਮਾਂ ਤੱਕ ਸਾਰੇ ਸਕੂਲ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਸਨ।
ਇਸ ਤੋਂ ਪਹਿਲਾਂ 13 ਨਵੰਬਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਨੇ ਸ਼ਹਿਰ ਵਿੱਚ ਗੰਭੀਰ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਐਮਰਜੈਂਸੀ ਮੀਟਿੰਗ ਬੁਲਾਈ ਸੀ। ਮੀਟਿੰਗ ਵਿੱਚ ਕੇਜਰੀਵਾਲ ਸਰਕਾਰ ਨੇ ਫ਼ੈਸਲਾ ਕੀਤਾ ਕਿ 14 ਨਵੰਬਰ ਤੋਂ ਸਕੂਲ ਇੱਕ ਹਫ਼ਤੇ ਲਈ ਬੰਦ ਰਹਿਣਗੇ। ਸਾਰੇ ਸਰਕਾਰੀ ਕਰਮਚਾਰੀਆਂ ਨੂੰ ਘਰ ਤੋਂ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ। ਇਸ ਦੇ ਨਾਲ ਹੀ ਨਿੱਜੀ ਦਫ਼ਤਰਾਂ ਨੂੰ ਵੀ ਐਡਵਾਈਜ਼ਰੀ ਜਾਰੀ ਕੀਤੀ ਗਈ। ਕੇਜਰੀਵਾਲ ਨੇ ਉਦੋਂ ਕਿਹਾ ਸੀ ਕਿ ਉਹ ਦਿੱਲੀ 'ਚ ਲਾਕਡਾਊਨ ਲਗਾਉਣ 'ਤੇ ਵੀ ਵਿਚਾਰ ਕਰ ਰਹੇ ਹਨ।
ਦੀਵਾਲੀ ਤੋਂ ਬਾਅਦ ਦਿੱਲੀ 'ਚ ਪ੍ਰਦੂਸ਼ਣ ਦੀ ਸਥਿਤੀ (Delhi Pollution Level) ਲਗਾਤਾਰ ਵਿਗੜਦੀ ਜਾ ਰਹੀ ਹੈ। ਸਰਕਾਰ ਪ੍ਰਦੂਸ਼ਣ ਨੂੰ ਕੰਟਰੋਲ (pollution control) ਕਰਨ ਲਈ ਕਈ ਕਦਮ ਚੁੱਕ ਰਹੀ ਹੈ। ਦਿੱਲੀ ਦੇ ਸਿੱਖਿਆ ਡਾਇਰੈਕਟੋਰੇਟ ਆਫ ਐਜੂਕੇਸ਼ਨ (Delhi Directorate of Education) ਨੇ ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਸਕੂਲਾਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਸਨ। ਨਾਲ ਹੀ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਬੱਚਿਆਂ ਦੀ ਆਨਲਾਈਨ ਸਿੱਖਿਆ ਅਤੇ ਬੋਰਡ ਪ੍ਰੀਖਿਆ ਪਹਿਲਾਂ ਵਾਂਗ ਹੀ ਜਾਰੀ ਰਹੇਗੀ।