ਨਵੀਂ ਦਿੱਲੀ:ਉੱਤਰ ਪ੍ਰਦੇਸ਼ ਵਿੱਚ ਆਲਟ ਨਿਊਜ਼ ਦੇ ਸਹਿ-ਸੰਸਥਾਪਕ ਮੁਹੰਮਦ ਜ਼ੁਬੈਰ ਖ਼ਿਲਾਫ਼ ਕਥਿਤ ਤੌਰ ’ਤੇ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਕੇਸ ਵਿੱਚ ਸੁਪਰੀਮ ਕੋਰਟ ਸ਼ੁੱਕਰਵਾਰ ਨੂੰ ਉਸ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਲਈ ਤਿਆਰ ਹੋ ਗਿਆ ਹੈ। ਜਸਟਿਸ ਇੰਦਰਾ ਬੈਨਰਜੀ ਅਤੇ ਜੇਕੇ ਮਹੇਸ਼ਵਰੀ ਦੀ ਛੁੱਟੀ ਵਾਲੇ ਬੈਂਚ ਨੇ ਵੀਰਵਾਰ ਨੂੰ ਕਿਹਾ ਕਿ ਭਾਰਤ ਦੇ ਚੀਫ਼ ਜਸਟਿਸ ਦੀ ਮਨਜ਼ੂਰੀ ਤੋਂ ਬਾਅਦ ਮਾਮਲੇ ਨੂੰ ਸ਼ੁੱਕਰਵਾਰ ਨੂੰ ਸੁਣਵਾਈ ਲਈ ਸੂਚੀਬੱਧ ਕੀਤਾ ਜਾਵੇਗਾ।
ਜ਼ੁਬੈਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਕੋਲਿਨ ਗੌਂਸਾਲਵੇਸ ਨੇ ਕਿਹਾ ਕਿ ਇਲਾਹਾਬਾਦ ਹਾਈ ਕੋਰਟ ਨੇ ਉਸ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ ਅਤੇ ਉਸ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਇਸ ਮਾਮਲੇ 'ਤੇ ਤੁਰੰਤ ਸੁਣਵਾਈ ਦੀ ਬੇਨਤੀ ਕਰਦੇ ਹੋਏ, ਉਸਨੇ ਕਿਹਾ, ਉਸਦੀ ਜਾਨ ਨੂੰ ਖ਼ਤਰਾ ਹੈ ਕਿਉਂਕਿ ਉੱਥੇ ਦੇ ਲੋਕ ਉਸਨੂੰ ਧਮਕੀਆਂ ਦੇ ਰਹੇ ਹਨ। ਹਿੰਦੂ ਸ਼ੇਰ ਸੈਨਾ ਦੇ ਸੀਤਾਪੁਰ ਜ਼ਿਲ੍ਹਾ ਪ੍ਰਧਾਨ ਭਗਵਾਨ ਸ਼ਰਨ ਵੱਲੋਂ 1 ਜੂਨ ਨੂੰ ਜ਼ੁਬੈਰ ਵਿਰੁੱਧ ਭਾਰਤੀ ਦੰਡਾਵਲੀ ਦੀ ਧਾਰਾ 295ਏ (ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੇ ਇਰਾਦੇ ਨਾਲ ਜਾਣਬੁੱਝ ਕੇ ਅਤੇ ਖਤਰਨਾਕ ਕੰਮ) ਅਤੇ ਸੂਚਨਾ ਤਕਨਾਲੋਜੀ ਐਕਟ ਦੀ ਧਾਰਾ-67 ਤਹਿਤ ਐਫਆਈਆਰ ਦਰਜ ਕੀਤੀ ਗਈ ਸੀ।