ਚੰਡੀਗੜ੍ਹ:‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਸਮੇਤ ਸੱਤ ਜਣਿਆਂ ਨੂੰ ਡਿਬਰੂਗੜ੍ਹ ਦੀ ਕੇਂਦਰੀ ਜੇਲ੍ਹ ਭੇਜ ਦਿੱਤਾ ਗਿਆ ਹੈ। ਪੰਜਾਬ ਵਿੱਚ ਮੰਗਲਵਾਰ ਦੁਪਹਿਰ ਤੱਕ ਮੋਬਾਈਲ ਇੰਟਰਨੈਟ, ਐਸਐਮਐਸ ਅਤੇ ਡੋਂਗਲ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਸਨ। ਦੱਸ ਦਈਏ ਕਿ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਅਤੇ ਉਸ ਦੇ ਡਰਾਈਵਰ ਨੇ ਐਤਵਾਰ ਦੇਰ ਰਾਤ ਪੁਲਿਸ ਸਾਹਮਣੇ ਆਤਮ ਸਮਰਪਣ ਕਰ ਦਿੱਤਾ ਸੀ। ਇਸ ਤੋਂ ਬਾਅਦ ਪਤਾ ਲੱਗਾ ਕਿ ਪੁਲਿਸ ਨੇ ਦੋਵਾਂ ਨੂੰ ਸੋਮਵਾਰ ਨੂੰ ਬਾਬਾ ਬਕਾਲਾ ਅਦਾਲਤ 'ਚ ਪੇਸ਼ ਕਰਨਾ ਸੀ ਪਰ ਉਨ੍ਹਾਂ ਨੂੰ ਅਦਾਲਤ 'ਚ ਪੇਸ਼ ਨਹੀਂ ਕੀਤਾ ਗਿਆ। ਇਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਬਾਬਾ ਬਕਾਲਾ ਅਦਾਲਤ ਪੁੱਜੇ।
ਪੰਜਾਬ ਤੋਂ ਬਾਹਰ ਦੀ ਅਦਾਲਤ: ਪਿਤਾ ਤਰਸੇਮ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਹੈ ਕਿ ਉਸ ਦੇ ਭਰਾ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਹੈ, ਪਰ ਪੁਲਿਸ ਉਸ ਨੂੰ ਇੱਥੇ ਅਦਾਲਤ ਵਿੱਚ ਨਹੀਂ ਲੈ ਕੇ ਗਈ। ਜਾਣਕਾਰੀ ਮਿਲੀ ਹੈ ਕਿ ਪੁਲਿਸ ਉਸ ਦੇ ਭਰਾ ਹਰਜੀਤ ਸਿੰਘ ਨੂੰ ਪੰਜਾਬ ਤੋਂ ਬਾਹਰ ਦੀ ਅਦਾਲਤ 'ਚ ਪੇਸ਼ ਕਰੇਗੀ। ਤਰਸੇਮ ਸਿੰਘ ਨੇ ਦੱਸਿਆ ਕਿ ਪੁਲਿਸ ਅੱਗੇ ਆਤਮ ਸਮਰਪਣ ਕਰਨ ਤੋਂ ਪਹਿਲਾਂ ਉਸ ਦੇ ਭਰਾ ਨੇ ਉਸ ਨੂੰ ਫੋਨ ’ਤੇ ਸੂਚਿਤ ਕੀਤਾ ਸੀ ਕਿ ਉਹ ਪੁਲਿਸ ਅੱਗੇ ਆਤਮ ਸਮਰਪਣ ਕਰਨ ਜਾ ਰਿਹਾ ਹੈ।