ਨਵੀਂ ਦਿੱਲੀ: ਹਿਮਾਚਲ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣਾਂ (Assembly elections in Himachal Pradesh) ਤੋਂ ਪਹਿਲਾਂ ਸੀਨੀਅਰ ਕਾਂਗਰਸ ਆਗੂ ਆਨੰਦ ਸ਼ਰਮਾ ਨੇ ਐਤਵਾਰ ਨੂੰ ਪਾਰਟੀ ਦੀ ਸੂਬਾ ਇਕਾਈ ਸਟੀਅਰਿੰਗ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ (Anand Sharma resigned from the steering committee) ਦੇ ਦਿੱਤਾ ਹੈ। ਉਨ੍ਹਾਂ ਦੇ ਇਸ ਕਦਮ ਨੂੰ ਕਾਂਗਰਸ ਲਈ ਵੱਡੇ ਝਟਕੇ ਵਜੋਂ ਦੇਖਿਆ ਜਾ ਰਿਹਾ ਹੈ। ਸੂਤਰਾਂ ਮੁਤਾਬਿਕ ਸ਼ਰਮਾ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਲਿਖੇ ਪੱਤਰ ਵਿੱਚ ਕਿਹਾ ਹੈ ਕਿ ਉਨ੍ਹਾਂ ਦੇ ਸਵੈ-ਮਾਣ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ ਅਤੇ ਉਨ੍ਹਾਂ ਨੇ ਪਾਰਟੀ ਦੀ ਹਿਮਾਚਲ ਇਕਾਈ ਦੀ ਸਟੀਅਰਿੰਗ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।
ਸ਼ਰਮਾ ਤੋਂ ਪਹਿਲਾਂ ਜੀ23 ਗਰੁੱਪ ਦੇ ਇੱਕ ਹੋਰ ਆਗੂ ਗੁਲਾਮ ਨਬੀ ਆਜ਼ਾਦ ਨੇ ਜੰਮੂ-ਕਸ਼ਮੀਰ ਵਿੱਚ ਕਾਂਗਰਸ ਦੀ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸ਼ਰਮਾ ਨੇ ਕਾਂਗਰਸ ਪ੍ਰਧਾਨ ਨੂੰ ਕਿਹਾ ਹੈ ਕਿ ਸਲਾਹ-ਮਸ਼ਵਰੇ ਦੀ ਪ੍ਰਕਿਰਿਆ ਵਿਚ ਉਨ੍ਹਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ। ਹਾਲਾਂਕਿ ਉਨ੍ਹਾਂ ਨੇ ਭਰੋਸਾ ਦਿੱਤਾ ਹੈ ਕਿ ਉਹ ਸੂਬੇ 'ਚ ਪਾਰਟੀ ਉਮੀਦਵਾਰਾਂ ਲਈ ਪ੍ਰਚਾਰ ਕਰਦੇ ਰਹਿਣਗੇ। ਸ਼ਰਮਾ, ਸਾਬਕਾ ਕੇਂਦਰੀ ਮੰਤਰੀ ਅਤੇ ਰਾਜ ਸਭਾ ਵਿੱਚ ਕਾਂਗਰਸ ਦੇ ਉਪ ਨੇਤਾ, ਨੂੰ 26 ਅਪ੍ਰੈਲ ਨੂੰ ਹਿਮਾਚਲ ਪ੍ਰਦੇਸ਼ ਵਿੱਚ ਪਾਰਟੀ ਦੀ ਸਟੀਅਰਿੰਗ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ।