ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬੁੱਧਵਾਰ ਨੂੰ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦੇਣ ਲਈ ਰਾਜ ਘਾਟ ਪਹੁੰਚੇ। ਸਤੇਂਦਰ ਜੈਨ ਅਤੇ ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ ਦੇ ਮੱਦੇਨਜ਼ਰ ਉਨ੍ਹਾਂ ਨੇ ਮੰਗਲਵਾਰ ਨੂੰ ਐਲਾਨ ਕੀਤਾ ਸੀ ਕਿ ਉਹ ਬੁੱਧਵਾਰ ਸਿਰਫ਼ ਧਿਆਨ ਕਰਨਗੇ ਅਤੇ ਹੋਲੀ ਨਹੀਂ ਮਨਾਉਣਗੇ।
ਹੋਲੀ ਨਾ ਖੇਡਣ ਦਾ ਫੈਸਲਾ ਲਿਆ:ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦੇਸ਼ ਦੇ ਹਾਲਾਤ ਬਹੁਤ ਚਿੰਤਾਜਨਕ ਹਨ, ਜਿਨ੍ਹਾਂ ਨੇ ਸਿੱਖਿਆ ਅਤੇ ਸਿਹਤ ਲਈ ਹੁਣ ਤੱਕ ਵਧੀਆ ਕੰਮ ਕੀਤੇ ਹਨ, ਉਨ੍ਹਾਂ ਨੂੰ ਹੀ ਜੇਲ੍ਹ ਭੇਜਿਆ ਗਿਆ ਹੈ। ਅਜਿਹੇ 'ਚ ਉਨ੍ਹਾਂ ਨੇ ਇਸ ਵਾਰ ਹੋਲੀ ਨਾ ਖੇਡਣ ਦਾ ਫੈਸਲਾ ਕੀਤਾ ਹੈ। ਹੋਲੀ 'ਤੇ ਦੇਸ਼ ਲਈ ਧਿਆਨ ਕਰਨਗੇ। ਇਸ ਦੇ ਨਾਲ ਹੀ, ਅਸੀਂ ਪ੍ਰਮਾਤਮਾ ਅੱਗੇ ਅਰਦਾਸ ਕਰਾਂਗੇ ਕਿ ਦੇਸ਼ ਦੇ ਹਾਲਾਤ ਬਦਲਣ। ਇਸ ਤੋਂ ਇਲਾਵਾ ਉਨ੍ਹਾਂ ਨੇ ਦਿੱਲੀ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਹੋਲੀ ਮਨਾਉਣ ਤੋਂ ਬਾਅਦ ਦੇਸ਼ ਦੇ ਮੌਜੂਦਾ ਹਾਲਾਤਾਂ ਨੂੰ ਦੇਖ ਕੇ ਧਿਆਨ ਕਰਨ।
ਦੇਸ਼ ਦੀ ਸਥਿਤੀ ਬਹੁਤ ਚਿੰਤਾਜਨਕ :ਦੱਸ ਦੇਈਏ ਕਿ ਮੰਗਲਵਾਰ ਨੂੰ ਅਰਵਿੰਦ ਕੇਜਰੀਵਾਲ ਨੇ ਆਪਣੀ ਰਿਹਾਇਸ਼ ਤੋਂ ਡਿਜੀਟਲ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਟਵੀਟ ਕੀਤਾ ਅਤੇ ਲਿਖਿਆ ਕਿ ਜਿਸ ਦੇਸ਼ ਦਾ ਪ੍ਰਧਾਨ ਮੰਤਰੀ ਚੰਗੀ ਸਿੱਖਿਆ ਅਤੇ ਚੰਗਾ ਇਲਾਜ ਦੇਣ ਵਾਲਿਆਂ ਨੂੰ ਜੇਲ੍ਹ ਵਿੱਚ ਸੁੱਟਦਾ ਹੈ ਅਤੇ ਦੇਸ਼ ਨੂੰ ਲੁੱਟਣ ਵਾਲਿਆਂ ਦਾ ਸਮਰਥਨ ਕਰਦਾ ਹੈ, ਉਸ ਦੇਸ਼ ਦੀ ਸਥਿਤੀ ਬਹੁਤ ਚਿੰਤਾਜਨਕ ਹੈ। ਆਮ ਲੋਕਾਂ ਲਈ ਕੰਮ ਕਰਨ ਅਤੇ ਉਨ੍ਹਾਂ ਦੀ ਗੱਲ ਸੁਣਨ ਵਾਲਾ ਕੋਈ ਨਹੀਂ ਬਚਿਆ।