ਬਾਰਪੇਟਾ (ਅਸਾਮ) :ਅਸਾਮ ਦੇ ਬਾਰਪੇਟਾ ਜ਼ਿਲ੍ਹੇ ਦੀ ਇਕ ਸਥਾਨਕ ਅਦਾਲਤ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਯਾਨੀ ਸ਼ੁੱਕਰਵਾਰ ਨੂੰ ਫੈਸਲਾ ਸੁਣਾਏਗੀ। ਆਜ਼ਾਦ ਵਿਧਾਇਕ ਮੇਵਾਨੀ ਕੁੱਟਮਾਰ ਦੇ ਇੱਕ ਮਾਮਲੇ ਵਿੱਚ ਪੰਜ ਦਿਨਾਂ ਲਈ ਪੁਲਿਸ ਹਿਰਾਸਤ ਵਿੱਚ ਹੈ। ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਤੋਂ ਬਾਅਦ ਅਦਾਲਤ ਨੇ ਵੀਰਵਾਰ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਜਿਗਨੇਸ਼ ਮੇਵਾਨੀ ਦੇ ਵਕੀਲ ਅੰਗਸੁਮਨ ਬੋਰਾ ਨੇ ਨਿਊਜ਼ ਏਜੰਸੀ ਨੂੰ ਦੱਸਿਆ ਕਿ ਸੈਸ਼ਨ ਜੱਜ ਬਾਰਪੇਟਾ ਨੇ ਜ਼ਮਾਨਤ ਪਟੀਸ਼ਨ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ ਅਤੇ ਅਦਾਲਤ ਸ਼ੁੱਕਰਵਾਰ ਨੂੰ ਆਪਣਾ ਫੈਸਲਾ ਸੁਣਾਏਗੀ।
ਅਸਾਮ ਦੇ ਬਾਰਪੇਟਾ ਜ਼ਿਲ੍ਹੇ ਦੀ ਇੱਕ ਸਥਾਨਕ ਅਦਾਲਤ ਨੇ ਮੰਗਲਵਾਰ ਨੂੰ ਮੇਵਾਨੀ ਨੂੰ ਕੁੱਟਮਾਰ ਦੇ ਇੱਕ ਮਾਮਲੇ ਵਿੱਚ ਪੰਜ ਦਿਨ ਦੀ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ। ਇਸ ਤੋਂ ਪਹਿਲਾਂ ਸੋਮਵਾਰ ਨੂੰ, ਬਾਰਪੇਟਾ ਪੁਲਿਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਕੀਤੇ ਟਵੀਟਾਂ ਨਾਲ ਜੁੜੇ ਇੱਕ ਮਾਮਲੇ ਵਿੱਚ ਜ਼ਮਾਨਤ ਮਿਲਣ ਤੋਂ ਤੁਰੰਤ ਬਾਅਦ ਮੇਵਾਨੀ ਨੂੰ ਇੱਕ ਪੁਲਿਸ ਕਰਮਚਾਰੀ ਨਾਲ ਕੁੱਟਮਾਰ ਕਰਨ ਦੇ ਦੋਸ਼ ਵਿੱਚ ਦੁਬਾਰਾ ਗ੍ਰਿਫਤਾਰ ਕਰ ਲਿਆ।