ਰਾਏਗੰਜ/ਕਾਲੀਗੰਜ (ਪੱਛਮੀ ਬੰਗਾਲ):ਪੁਲਿਸ ਨੇ ਸ਼ਨੀਵਾਰ ਨੂੰ ਪੱਛਮੀ ਬੰਗਾਲ ਦੇ ਉੱਤਰੀ ਦਿਨਾਜਪੁਰ ਜ਼ਿਲ੍ਹੇ ਵਿੱਚ ਇੱਕ 17 ਸਾਲਾ ਲੜਕੀ ਨਾਲ ਕਥਿਤ ਬਲਾਤਕਾਰ ਅਤੇ ਕਤਲ ਮਾਮਲੇ ਵਿੱਚ ਇੱਕ 20 ਸਾਲਾ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਇਸ ਘਟਨਾ ਖ਼ਿਲਾਫ਼ ਸਥਾਨਕ ਲੋਕਾਂ ਵੱਲੋਂ ਕੀਤੇ ਗਏ ਰੋਸ ਨੇ ਹਿੰਸਕ ਰੂਪ ਧਾਰਨ ਕਰ ਲਿਆ ਸੀ। ਜਿਸ ਕਾਰਨ ਪੁਲਿਸ ਨੂੰ ਤਾਕਤ ਦੀ ਵਰਤੋਂ ਕਰਨੀ ਪਈ। ਪੁਲਿਸ ਸੁਪਰਡੈਂਟ ਮੁਹੰਮਦ ਸਨਾ ਅਖਤਰ ਨੇ ਦੱਸਿਆ ਕਿ ਇਸ 17 ਸਾਲਾ ਲੜਕੀ ਦੀ ਲਾਸ਼ ਸ਼ੁੱਕਰਵਾਰ ਨੂੰ ਕਾਲੀਆਗੰਜ ਥਾਣਾ ਖੇਤਰ 'ਚ ਇੱਕ ਨਹਿਰ 'ਚੋਂ ਮਿਲੀ। ਉਸ ਨੇ ਦੱਸਿਆ ਕਿ ਲੜਕੀ ਮੁਖ ਮੁਲਜ਼ਮ ਨੂੰ ਜਾਣਦੀ ਸੀ।
ਮੁਲਜ਼ਮ ਖਿਲਾਫ਼ ਇਸ ਐਕਟ ਤਹਿਤ ਮਾਮਲਾ ਕੀਤਾ ਗਿਆ ਦਰਜ:ਅਖਤਰ ਨੇ ਦੱਸਿਆ ਕਿ ਲੜਕੀ ਦੀ ਮਾਂ ਤੋਂ ਮਿਲੀ ਸ਼ਿਕਾਇਤ ਦੇ ਆਧਾਰ 'ਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 302 (ਕਤਲ) ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਅਖਤਰ ਨੇ ਦੱਸਿਆ ਕਿ ਮੁੱਢਲੀ ਪੋਸਟਮਾਰਟਮ ਰਿਪੋਰਟ 'ਚ ਸਰੀਰ 'ਤੇ ਕੋਈ ਸੱਟ ਦੇ ਨਿਸ਼ਾਨ ਨਹੀਂ ਮਿਲੇ ਹਨ। ਉਸ ਨੇ ਦੱਸਿਆ ਕਿ ਲਾਸ਼ ਨੇੜੇ ਜ਼ਹਿਰ ਦੀ ਇੱਕ ਸ਼ੀਸ਼ੀ ਮਿਲੀ ਹੈ। ਉਨ੍ਹਾਂ ਕਿਹਾ ਕਿ ਅਸੀਂ ਘਟਨਾ ਦੀ ਹਰ ਪਹਿਲੂ ਤੋਂ ਜਾਂਚ ਕਰ ਰਹੇ ਹਾਂ। ਅਧਿਕਾਰੀਆਂ ਨੇ ਦੱਸਿਆ ਕਿ ਭਾਰਤ-ਬੰਗਲਾਦੇਸ਼ ਸਰਹੱਦ ਤੋਂ ਕਰੀਬ 18 ਕਿਲੋਮੀਟਰ ਅਤੇ ਕੋਲਕਾਤਾ ਤੋਂ 320 ਕਿਲੋਮੀਟਰ ਉੱਤਰ ਵਿੱਚ ਸਥਿਤ ਕਾਲੀਆਗੰਜ ਵਿੱਚ ਸਥਾਨਕ ਲੋਕਾਂ ਨੇ ਇਸ ਘਟਨਾ ਦਾ ਵਿਰੋਧ ਕੀਤਾ।
ਪ੍ਰਦਰਸ਼ਨ ਨੇ ਹਿੰਸਕ ਰੂਪ ਧਾਰਨ ਕਰ ਲਿਆ: ਉਨ੍ਹਾਂ ਦੱਸਿਆ ਕਿ ਪ੍ਰਦਰਸ਼ਨ ਨੇ ਹਿੰਸਕ ਰੂਪ ਧਾਰਨ ਕਰ ਲਿਆ। ਜਿਸ ਤੋਂ ਬਾਅਦ ਪੁਲਿਸ ਨੂੰ ਭੀੜ ਨੂੰ ਕਾਬੂ ਕਰਨ ਲਈ ਅੱਥਰੂ ਗੈਸ ਦੇ ਗੋਲੇ ਛੱਡਣੇ ਪਏ ਅਤੇ ਲਾਠੀਆਂ ਦੀ ਵਰਤੋਂ ਕਰਨੀ ਪਈ। ਇਸ ਤੋਂ ਪਹਿਲਾਂ ਕਿ ਸਥਿਤੀ ਕਾਬੂ ਵਿੱਚ ਹੁੰਦੀ, ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਭੜਕੀ ਭੀੜ ਨੇ ਕਈ ਦੁਕਾਨਾਂ ਅਤੇ ਈ-ਰਿਕਸ਼ਾ ਨੂੰ ਅੱਗ ਲਗਾ ਦਿੱਤੀ। ਅਧਿਕਾਰੀਆਂ ਮੁਤਾਬਕ ਸਥਾਨਕ ਲੋਕਾਂ ਨੇ ਸੜਕਾਂ 'ਤੇ ਟਾਇਰ ਸਾੜ ਕੇ ਆਵਾਜਾਈ ਰੋਕ ਦਿੱਤੀ ਅਤੇ ਪੁਲਸ ਮੁਲਾਜ਼ਮਾਂ 'ਤੇ ਪਥਰਾਅ ਕੀਤਾ। ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ਏ.ਬੀ.ਵੀ.ਪੀ.) ਨੇ ਕਾਲੀਆਗੰਜ ਥਾਣੇ ਦਾ ਘਿਰਾਓ ਕੀਤਾ ਜਦਕਿ ਭਾਜਪਾ ਦੀ ਸੂਬਾ ਇਕਾਈ ਦੇ ਪ੍ਰਧਾਨ ਸੁਕਾਂਤ ਮਜੂਮਦਾਰ ਪੀੜਤ ਪਰਿਵਾਰ ਲਈ ਇਨਸਾਫ ਦੀ ਮੰਗ ਨੂੰ ਲੈ ਕੇ ਪੁਲਸ ਸੁਪਰਡੈਂਟ ਦਫਤਰ ਦੇ ਬਾਹਰ ਧਰਨੇ 'ਤੇ ਬੈਠੇ।