ਨਵੀਂ ਦਿੱਲੀ: ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ 1984 ਦੇ ਸਿੱਖ ਕਤਲੇਆਮ ਬਾਰੇ ਵੱਡਾ ਬਿਆਨ ਦਿੱਤਾ ਹੈ। ਬੁੱਧਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਇੰਦਰ ਕੁਮਾਰ ਗੁਜਰਾਲ ਦੇ ਜਨਮਦਿਨ ਮੌਕੇ ਆਯੋਜਿਤ ਸਮਾਗਮ 'ਚ ਸੰਬੋਧਨ ਦੌਰਾਣ ਉਨ੍ਹਾਂ ਇਹ ਗੱਲ ਕਹੀ।
ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਜੇਕਰ ਤਤਕਾਲੀ ਗ੍ਰਹਿ ਮੰਤਰੀ ਨਰਸਿਮ੍ਹਾ ਰਾਓ ਨੇ ਇੰਦਰ ਕੁਮਾਰ ਗੁਜਰਾਲ ਦੀ ਸਲਾਹ 'ਤੇ ਅਮਲ ਕੀਤਾ ਹੁੰਦਾ ਅਤੇ ਤਤਪਰਤਾ ਦਿਖਾਈ ਹੁੰਦੀ ਤਾਂ ਕਤਲੇਆਮ ਨੂੰ ਰੋਕਿਆ ਜਾ ਸਕਦਾ ਸੀ।
ਡਾ. ਮਨਮੋਹਨ ਸਿੰਘ ਨੇ ਕਿਹਾ, “ਜਦੋਂ '84 ਦੀ ਮੰਦਭਾਗੀ ਘਟਨਾ ਵਾਪਰੀ ਤਾਂ ਇੰਦਰ ਕੁਮਾਰ ਗੁਜਰਾਲ ਤਤਕਾਲੀ ਗ੍ਰਹਿ ਮੰਤਰੀ ਨਰਸਿਮ੍ਹਾ ਰਾਓ ਕੋਲ ਗਏ ਅਤੇ ਉਨ੍ਹਾਂ ਨੂੰ ਦੱਸਿਆ ਕਿ ਸਥਿਤੀ ਇੰਨ੍ਹੀ ਨਾਜ਼ੁਕ ਹੈ ਕਿ ਸਰਕਾਰ ਨੂੰ ਛੇਤੀ ਤੋਂ ਛੇਤੀ ਫੌਜ ਬੁਲਾ ਲੈਣੀ ਚਾਹੀਦੀ ਹੈ। ਜੇਕਰ ਇਹ ਸਲਾਹ ਮੰਨ ਲਈ ਜਾਂਦੀ, ਤਾਂ ਸ਼ਾਇਦ '84 ਕਤਲੇਆਮ ਨੂੰ ਰੋਕਿਆ ਜਾ ਸਕਦਾ ਸੀ। ''
ਬੁੱਧਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਇੰਦਰ ਕੁਮਾਰ ਗੁਜਰਾਲ ਦਾ ਜਨਮਦਿਨ ਸੀ। ਇਸ ਮੌਕੇ ਦੇਸ਼ ਭਰ ਵਿੱਚ ਕਈ ਪ੍ਰੋਗਰਾਮ ਆਯੋਜਿਤ ਕੀਤੇ ਗਏ। ਦਿੱਲੀ ਵਿਚ ਹੋਏ ਸਮਾਗਮ ਦੌਰਾਣ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਸਮੇਤ ਕਈ ਆਗੂਆਂ ਨੇ ਹਿੱਸਾ ਲਿਆ। ਇਸ ਤੋਂ ਪਹਿਲਾਂ ਸਾਰੇ ਨੇਤਾਵਾਂ ਨੇ ਇੰਦਰ ਕੁਮਾਰ ਗੁਜਰਾਲ ਨੂੰ ਯਾਦ ਕੀਤਾ ਅਤੇ ਸੋਸ਼ਲ ਮੀਡੀਆ ਰਾਹੀਂ ਸ਼ਰਧਾਂਜਲੀ ਭੇਟ ਕੀਤੀ।