ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧਦੇ ਦਾ ਰਹੇ ਹਨ। ਸਿਹਤ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਵਿਡ-19 ਦੇ 1463 ਮਾਮਲੇ ਸਾਹਮਣੇ ਆਏ ਹਨ ਅਤੇ 29 ਲੋਕਾਂ ਦੀ ਮੌਤ ਹੋਈ ਹੈ।
ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 10,815 ਹੋ ਗਈ ਹੈ ਅਤੇ ਦੇਸ਼ ਵਿੱਚ ਕੋਰੋਨਾ ਕਾਰਨ 353 ਮੌਤਾਂ ਹੋਈਆਂ ਹਨ। ਕੁੱਝ ਰਾਹਤ ਦੀ ਖ਼ਬਰ ਇਹ ਹੈ ਕਿ 1190 ਲੋਕਾਂ ਦਾ ਹੁਣ ਤੱਕ ਇਲਾਜ ਵੀ ਕੀਤਾ ਗਿਆ ਹੈ।
ਦੇਸ਼ ਵਿੱਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਵੇਖਦਿਆਂ ਪੀਐਮ ਮੋਦੀ ਨੇ ਲੌਕਡਾਊਨ 3 ਮਈ ਤੱਕ ਵਧਾ ਦਿੱਤਾ ਹੈ। ਮੰਗਲਵਾਰ ਨੂੰ ਦੇਸ਼ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਵਾਇਰਸ ਵਿਰੁੱਧ ਲੜਾਈ ਵਿੱਚ ਸਰਕਾਰ ਦੀ ਮਦਦ ਲਈ ਲੋਕਾਂ ਤੋਂ ਸਮਰਥਨ ਦੀ ਮੰਗ ਕੀਤੀ ਤਾਂ ਜੋ ਮਹਾਂਮਾਰੀ ਨੂੰ ਹਰਾਇਆ ਜਾ ਸਕੇ।
ਪੀਐਮ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਿਯਮਾਂ ਦੀ ਪਾਲਣਾ ਕਰਨ ਜਿਸ ਵਿੱਚ ਬਜ਼ੁਰਗਾਂ ਦੀ ਦੇਖਭਾਲ ਕਰਨਾ, ਸਮਾਜਿਕ ਦੂਰੀ ਦੀ ਪਾਲਣਾ ਕਰਨਾ, ਗ਼ਰੀਬਾਂ ਪ੍ਰਤੀ ਸੰਵੇਦਨਸ਼ੀਲਤਾ ਦਰਸਾਉਣਾ, ਬਾਹਰ ਜਾਣ ਵੇਲੇ ਚਿਹਰੇ ਨੂੰ ਢਕਣਾ ਆਦਿ ਸ਼ਾਮਲ ਹਨ।