ਚੰਡੀਗੜ੍ਹ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ਼ਰਧਾਲੂਆਂ ਲਈ ਪਾਕਿਸਤਾਨ 1 ਸਤੰਬਰ ਤੋਂ ਇੱਕ ਮਹੀਨੇ ਤੱਕ ਵੀਜ਼ਾ ਪ੍ਰਕਿਰਿਆ ਸ਼ੁਰੂ ਕਰ ਰਿਹਾ ਹੈ। ਇਸ ਵੀਜ਼ਾ ਪ੍ਰਕਿਰਿਆ 'ਚ ਭਾਰਤ ਦੇ ਸ਼ਰਧਾਲੂਆਂ ਸਣੇ ਦੂਜੇ ਦੇਸ਼ ਵੀ ਸ਼ਾਮਲ ਹੋ ਸਕਦੇ ਹਨ।
ਇਸ ਦੀ ਜਾਣਕਾਰੀ ਪੰਜਾਬ ਦੇ ਰਾਜਪਾਲ ਚੌਧਰੀ ਸਰਵਰ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਸੈਰ ਸਪਾਟਾ ਅਤੇ ਵਿਰਾਸਤ ਕਮੇਟੀ ਨੇ ਆਪਣੀ ਬੈਠਕ ਵਿੱਚ ਇਹ ਫ਼ੈਸਲਾ ਲਿਆ ਹੈ। ਸਰਵਰ ਨੇ ਕਿਹਾ ਕਿ 12 ਨਵੰਬਰ ਨੂੰ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਭਾਰਤ ਅਤੇ ਹੋਰ ਦੇਸ਼ਾਂ ਦੇ ਸਿੱਖ ਸ਼ਰਧਾਲੂਆਂ ਲਈ ਵੀਜ਼ਾ ਪ੍ਰਕਿਰਿਆ 1 ਸਤੰਬਰ ਤੋਂ ਸ਼ੁਰੂ ਹੋ ਜਾਵੇਗੀ ਅਤੇ 30 ਸਤੰਬਰ ਤੱਕ ਕੰਮ ਮੁਕੰਮਲ ਹੋ ਜਾਵੇਗਾ।