ਅੰਬਾਲਾ: ਕੇਂਦਰ ਸਰਕਾਰ ਵੱਲੋਂ ਬਣਾਏ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨ 26 ਤੋਂ 28 ਨਵੰਬਰ ਤੱਕ ਦੇ ਲਈ ਦਿੱਲੀ ਕੂਚ ਲਈ ਰਵਾਨਾ ਹੋ ਗਏ ਹਨ। ਵੀਰਵਾਰ ਨੂੰ ਕਿਸਾਨਾਂ ਦੇ ਇਸ ਅੰਦੋਲਨ ਨੂੰ ਰੋਕਣ ਲਈ ਦਿੱਲੀ- ਹਰਿਆਣਾ ਹੱਦ ਉੱਤੇ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਤੈਨਾਤੀ ਕੀਤੀ ਗਈ। ਨਾਲ ਹੀ ਬੈਰਿਕੇਡਿੰਗ ਲਾ ਕੇ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ।
ਖੇਤੀ ਕਾਨੂੰਨਾਂ ਵਿਰੁੱਧ ਅੱਜ ਪੰਜਾਬ ਦੇ ਕਿਸਾਨ ਦਿੱਲੀ ਵੱਲ ਕੂਚ ਕਰ ਰਹੇ ਹਨ। ਇਸ ਦੇ ਮੱਧੇਨਜ਼ਰ ਈਟੀਵੀ ਭਾਰਤ ਦੀ ਟੀਮ ਨੇ ਹਰਿਆਣਾ ਪੰਜਾਬ ਦੇ ਸੱਦੋਪੁਰ ਬਾਰਡਰ ਦਾ ਜਾਇਜ਼ਾ ਲਿਆ ਅਤੇ ਉੱਥੇ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ। ਇੱਥੇ ਮੌਜੂਦ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਕਿਸਾਨ ਆਗੂ ਹਰਿੰਦਰ ਸਿੰਘ ਨੇ ਕਿਹਾ ਕਿ ਖੇਤੀ ਦੇ ਤਿੰਨ ਕਾਨੂੰਨ ਕਿਸਾਨ ਹਤੈਸ਼ੀ ਨਹੀਂ ਹਨ। ਇਸ ਨੂੰ ਲੈ ਕੇ ਕਿਸਾਨ ਦਿੱਲੀ ਪਹੁੰਚ ਕੇ ਜੰਤਰ-ਮੰਤਰ ਉੱਤੇ ਧਰਨਾ ਪ੍ਰਦਰਸ਼ਨ ਕਰਨਗੇ ਅਤੇ ਆਪਣੀ ਗੱਲ ਨੂੰ ਕੇਂਦਰ ਸਰਕਾਰ ਤੱਕ ਪਹੁੰਚਾਉਣਗੇ।
'ਸ਼ਾਂਤਮਾਈ ਧਰਨੇ ਨੂੰ ਨਾ ਰੋਕੇ ਸਰਕਾਰ'
ਕਿਸਾਨ ਆਗੂ ਹਰਿੰਦਰ ਸਿੰਘ ਨੇ ਕਿਹਾ ਕਿ ਕਿਸਾਨ ਆਪਣਾ ਅੰਦੋਲਨ ਸ਼ਾਤਮਈ ਢੰਗ ਨਾਲ ਕਰਨਾ ਚਾਹੁੰਦੇ ਹਨ ਪਰ ਸਰਕਾਰਾ ਲਗਾਤਾਰ ਕਿਸਾਨਾਂ ਨੂੰ ਉਨ੍ਹਾਂ ਦੀ ਮੰਗਾਂ ਨੂੰ ਲੈ ਕੇ ਰੋਕਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਸਰਕਾਰ ਚਾਹੇ ਕਿੰਨੀ ਵੀ ਕੋਸ਼ਿਸ਼ ਕਰ ਲਵੇ ਪਰ ਕਿਸਾਨਾਂ ਦੇ ਇਸ ਅੰਦੋਲਨ ਨੂੰ ਰੋਕ ਨਹੀਂ ਪਾਏਗੀ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸਾਨੂੰ ਉਮੀਦ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਡੀ ਮੰਗਾਂ ਨੂੰ ਮੰਨਣਗੇ ਅਤੇ ਖੇਤੀ ਦੇ ਤਿੰਨ ਕਾਨੂੰਨਾਂ ਨੂੰ ਵਾਪਸ ਲੈਣਗੇ।