ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੇ ਜਾਮੀਆ ਖੇਤਰ ਵਿੱਚ ਹੋਈ ਗੋਲੀਬਾਰੀ ਬਾਰੇ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਕੇਂਦਰ ਸਰਕਾਰ ਅਜਿਹੀ ਕਿਸੇ ਵੀ ਘਟਨਾ ਨੂੰ ਬਰਦਾਸ਼ਤ ਨਹੀਂ ਕਰੇਗੀ।
ਅਮਿਤ ਸ਼ਾਹ ਨੇ ਵੀਰਵਾਰ ਨੂੰ ਟਵੀਟ ਕੀਤਾ ਕਿ ਅੱਜ ਉਹ ਦਿੱਲੀ ਵਿੱਚ ਗੋਲੀਬਾਰੀ ਦੀ ਘਟਨਾ 'ਤੇ ਦਿੱਲੀ ਪੁਲਿਸ ਕਮਿਸ਼ਨਰ ਨਾਲ ਗੱਲ ਕੀਤੀ ਹੈ ਅਤੇ ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਮਿਤ ਸ਼ਾਹ ਨੇ ਕਿਹਾ ਕਿ ਕੇਂਦਰ ਸਰਕਾਰ ਅਜਿਹੀ ਕਿਸੇ ਵੀ ਘਟਨਾ ਨੂੰ ਬਰਦਾਸ਼ਤ ਨਹੀਂ ਕਰੇਗੀ। ਇਸ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ ਅਤੇ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।
ਉੱਥੇ ਹੀ ਇਸ ਘਟਨਾ 'ਤੇ ਚਿੰਤਾ ਜ਼ਾਹਰ ਕਰਦਿਆਂ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਦਿੱਲੀ ਦੀ ਕਾਨੂੰਨ ਵਿਵਸਥਾ ਵਿਗੜ ਰਹੀ ਹੈ। ਕੇਜਰੀਵਾਲ ਨੇ ਅਮਿਤ ਸ਼ਾਹ ਦੇ ਟਵੀਟ ਨੂੰ ਰੀਟਵੀਟ ਕਰਦਿਆਂ ਲਿਖਿਆ ਕਿ ਦਿੱਲੀ ਵਿੱਚ ਕੀ ਹੋ ਰਿਹਾ ਹੈ? ਦਿੱਲੀ ਦੀ ਕਾਨੂੰਨ ਵਿਵਸਥਾ ਵਿਗੜ ਰਹੀ ਹੈ। ਕ੍ਰਿਪਾ ਕਰਕੇ ਦਿੱਲੀ ਵਿੱਚ ਕਾਨੂੰਨ ਵਿਵਸਥਾ ਦਾ ਧਿਆਨ ਰੱਖੋ।
ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਨੇ ਜਾਮੀਆ ਵਿੱਚ ਹੋਈ ਗੋਲੀਬਾਰੀ ਨੂੰ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ 'ਤੇ ਸਵਾਲ ਖੜ੍ਹੇ ਕੀਤੇ ਹਨ। ਭਾਜਪਾ ਨੇਤਾਵਾਂ 'ਤੇ ਭੜਕਾਉ ਭਾਸ਼ਣ ਦੇਣ ਦੇ ਦੋਸ਼ ਲਾਉਂਦੇ ਹੋਏ ਵਿਰੋਧੀ ਪਾਰਟੀਆਂ ਨੇ ਕਿਹਾ ਕਿ ਭਾਜਪਾ ਮਾਹੌਲ ਖ਼ਰਾਬ ਕਰ ਰਹੀ ਹੈ। 'ਆਪ' ਆਗੂ ਸੰਜੇ ਸਿੰਘ ਦਾ ਕਹਿਣਾ ਹੈ ਕਿ ਭਾਜਪਾ ਦਿੱਲੀ ਵਿੱਚ ਚੋਣਾਂ ਮੁਲਤਵੀ ਕਰਨਾ ਚਾਹੁੰਦੀ ਹੈ।