ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰਾਜਧਾਨੀ ਦਿੱਲੀ ਵਿੱਚ ਕੋਵਿਡ-19 ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਸਾਰੀਆਂ ਰਾਜਨੀਤਿਕ ਪਾਰਟੀਆਂ ਦੀ ਅੱਜ ਬੈਠਕ ਬੁਲਾਈ ਹੈ। ਇਸ ਬੈਠਕ ਲਈ ਭਾਜਪਾ, ਕਾਂਗਰਸ, ਆਪ ਅਤੇ ਬਸਪਾ ਨੂੰ ਸੱਦਾ ਦਿੱਤਾ ਗਿਆ ਹੈ।
ਦਿੱਲੀ ਵਿੱਚ ਕੋਵਿਡ-19 ਪੀੜਤਾਂ ਦੀ ਗਿਣਤੀ 39 ਹਜ਼ਾਰ ਤੋਂ ਪਾਰ ਪਹੁੰਚ ਚੁੱਕੀ ਹੈ ਤੇ 1200 ਤੋਂ ਵੱਧ ਜਾਨਾਂ ਜਾ ਚੁੱਕੀਆਂ ਹਨ। ਗ੍ਰਹਿ ਮੰਤਰਾਲੇ ਦੇ ਇੱਕ ਅਧਿਕਾਰੀ ਮੁਤਾਬਕ ਸ਼ਾਹ ਰਾਜਨੀਤਿਕ ਪਾਰਟੀਆਂ ਨਾਲ ਕੋਵਿਡ-19 ਨਾਲ ਨਜਿੱਠਣ ਦੇ ਉਪਾਵਾਂ ਬਾਰੇ ਚਰਚਾ ਕਰਨਗੇ।
ਇਹ ਵੀ ਪੜ੍ਹੋ: ਭਾਰਤ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 3 ਲੱਖ 21 ਹਜ਼ਾਰ ਪਹੁੰਚੀ, 9,195 ਮੌਤਾਂ
ਦੱਸ ਦਈਏ ਕਿ ਬੀਤੇ ਦਿਨ ਹੀ ਗ੍ਰਹਿ ਮੰਤਰੀ ਨੇ ਮਹਾਂਮਾਰੀ ਨਾਲ ਨਜਿੱਠਣ ਲਈ ਰਣਨੀਤੀ ਨੂੰ ਮਜ਼ਬੂਤ ਬਣਾਉਣ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ, ਉਪਰਾਜਪਾਲ ਅਨਿਲ ਬੈਜਲ ਨਾਲ ਬੈਠਕ ਕੀਤੀ।
ਬੈਜਲ ਅਤੇ ਕੇਜਰੀਵਾਲ ਦੇ ਨਾਲ ਮੀਟਿੰਗ ਤੋਂ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਉਪਾਵਾਂ ਦਾ ਐਲਾਨ ਕਰਦਿਆਂ ਅਮਿਤ ਸ਼ਾਹ ਨੇ ਕਿਹਾ ਕਿ ਸ਼ਹਿਰ ਵਿਚ ਅਗਲੇ ਦੋ ਦਿਨਾਂ ਦੀ ਕੋਵਿਡ -19 ਦੀ ਜਾਂਚ ਦੀ ਗਿਣਤੀ ਦੁੱਗਣੀ ਕੀਤੀ ਜਾਵੇਗੀ ਅਤੇ ਉਸ ਤੋਂ ਬਾਅਦ ਇਸ ਨੂੰ ਤਿੰਨ ਗੁਣਾ ਕੀਤਾ ਜਾਵੇਗਾ।