ਉਨਾ: ਕੇਂਦਰੀ ਵਿੱਤ ਰਾਜ ਮੰਤਰੀ ਅਨੁਰਾਗ ਠਾਕੁਰ ਨੇ ਮੰਗਲਵਾਰ ਨੂੰ ਹਿਮਾਚਲ ਦੇ ਉਨਾ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਹਰੋਲੀ ਅਤੇ ਗਗਰੇਟ ਵਿਧਾਨਸਭਾ ਹਲਕਿਆਂ ਵਿੱਚ ਕਈ ਯੋਜਨਾਵਾਂ ਦਾ ਉਦਘਾਟਨ ਕੀਤਾ।
ਕਿਸਾਨਾਂ ਨੂੰ ਗੁੰਮਰਾਹ ਕਰ ਰਹੀ ਪੰਜਾਬ ਸਰਕਾਰ: ਅਨੁਰਾਗ ਠਾਕੁਰ
ਉਨਾ ਦੌਰੇ ਉੱਤੇ ਪਹੁੰਚੇ ਅਨੁਰਾਗ ਠਾਕੁਰ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਵਿੱਚ ਕਾਂਗਰਸ ਸਰਕਾਰ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਕਾਂਗਰਸ ਸ਼ਾਸਤ ਰਾਜ ਵਿੱਚ ਕਿਸਾਨਾਂ ਨੂੰ ਵਿਰੋਧ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ।
ਇਸ ਦੌਰਾਨ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਖੇਤੀ ਸੁਧਾਰ ਬਿੱਲ ਦਾ ਵਿਰੋਧ ਕਰ ਰਹੀ ਰਾਜਨੀਤਕ ਪਾਰਟੀਆਂ 'ਤੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਜਿੱਥੇ-ਜਿੱਥੇ ਕਾਂਗਰਸ ਦੀ ਸਰਕਾਰ ਹੈ ਉੱਥੇ ਹੀ ਕਿਸਾਨਾਂ ਨੂੰ ਵਿਰੋਧ ਕਰਨ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸੀ ਆਗੂ ਰਾਹੁਲ ਗਾਧੀ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਸਮਝਾਉਣ ਦੀ ਬਜਾਏ ਗੁੰਮਰਾਹ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਫਾਇਦੇ ਦੱਸਣ ਦੀ ਬਜਾਏ ਆਪ ਫਾਇਦਾ ਚੁੱਕਣ ਵਿੱਚ ਲੱਗੀ ਹੋਈ ਹੈ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਾਂਗਰਸ 2022 ਦੀਆਂ ਚੋਣਾਂ ਨੂੰ ਵੇਖ ਰਹੀ ਹੈ, ਜਦਕਿ ਪ੍ਰਧਾਨ ਮੰਤਰੀ ਮੋਦੀ 2022 ਤੱਕ ਕਿਸਾਨਾਂ ਦੀ ਆਮਦਨੀ ਦੁਗਣੀ ਕਰਨ ਬਾਰੇ ਦੇਖ ਰਹੇ ਹਨ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਅਤੇ ਕੈਪਟਨ ਅਮਰਿੰਦਰ ਸਿੰਘ ਆਪਣੇ ਚੋਣ ਮਨੋਰਥ ਪੱਤਰ ਵਿੱਚ ਮੰਡੀ ਐਕਟ ਵਿੱਚ ਬਦਲਾਅ ਕਰਨ ਦੀ ਗੱਲ ਕਰਦੇ ਰਹੇ ਸੀ, ਪਰ ਮੋਦੀ ਸਰਕਾਰ ਨੇ ਹੁਣ ਇਹ ਕਰ ਕੇ ਦਿਖਾ ਦਿੱਤਾ ਹੈ ਜਿਸ ਕਾਰਨ ਹੁਣ ਕਾਂਗਰਸ ਕਿਸਾਨਾਂ ਨੂੰ ਭੜਕਾਉਣ ਦਾ ਕੰਮ ਕਰ ਰਹੀ ਹੈ।