ਉੜੀਸਾ: ਪੁਰੀ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਮੰਗੂ ਮੱਠ ਸਾਹਿਬ ਦਾ ਨਵ-ਨਿਰਮਾਣ ਕਰਵਾਇਆ ਜਾਵੇਗਾ ਜਿਸ ਸਬੰਧੀ ਲੋਕ ਇਨਸਾਫ਼ ਪਾਰਟੀ ਦੇ ਆਗੂ ਐਤਵਾਰ ਨੂੰ ਉੜੀਸਾ ਦੇ ਮੁੱਖ ਮੰਤਰੀ ਅਤੇ ਰਾਜਪਾਲ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਪੰਜਾਬ ਤੋਂ ਗਏ 7 ਮੈਂਬਰੀ ਵਫਦ ਨੇ ਗੁਰਦੁਆਰਾ ਪੁਰੀ ਵਿੱਖੇ ਪੁੱਜ ਕੇ ਪੰਜ ਬਾਣੀਆਂ ਦੇ ਪਾਠ ਅਤੇ ਗੁਰਦੁਆਰਾ ਸਾਹਿਬ ਦੀ ਇਮਾਰਤ ਦੇ ਨਵ-ਨਿਰਮਾਣ ਲਈ ਅਰਦਾਸ ਵੀ ਕੀਤੀ।
ਜ਼ਿਕਰਯੋਗ ਹੈ ਕਿ ਬੈਂਸ ਭਰਾਵਾਂ ਦੀ ਅਗਵਾਈ ਵਿੱਚ ਲੋਕ ਇਨਸਾਫ਼ ਪਾਰਟੀ ਦਾ 7 ਮੈਂਬਰੀ ਜੱਥਾ ਸ਼ਨੀਵਾਰ ਨੂੰ ਉੜੀਸਾ ਲਈ ਰਵਾਨਾ ਹੋਇਆ ਸੀ ਜਿਸ ਨੇ ਸ਼ਨੀਵਾਰ ਨੂੰ ਉੜੀਸਾ ਦੇ ਮੁੱਖ ਮੰਤਰੀ ਅਤੇ ਰਾਜਪਾਲ ਨਾਲ ਮੁਲਾਕਾਤ ਕਰਨੀ ਸੀ ਪਰ ਮੌਸਮ ਦੀ ਖਰਾਬੀ ਕਾਰਨ ਵਫਦ ਦੀ ਮੁੱਖ ਮੰਤਰੀ ਅਤੇ ਰਾਜਪਾਲ ਨਾਲ ਮੁਲਾਕਾਤ ਨਹੀਂ ਹੋਈ।
ਇਸ ਮੌਕੇ ਪਾਰਟੀ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਉਹ ਐਤਵਾਰ ਨੂੰ ਰਾਜਪਾਲ ਅਤੇ ਉੱਥੋਂ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਮੰਗ ਕਰਨਗੇ ਕਿ ਉੱਥੋਂ ਦੀ ਸਰਕਾਰ ਉਸ ਗੁਰਦੁਆਰਾ ਸਾਹਿਬ ਦੀ ਇਮਾਰਤ ਦਾ ਨਵ-ਨਿਰਮਾਣ ਕਰੇ ਅਤੇ ਦੋਸ਼ੀਆਂ ਖਿਲਾਫ਼ ਸ਼ਖਤ ਤੋਂ ਸਖ਼ਤ ਕਾਰਵਾਈ ਕਰੇ।