ਚੰਡੀਗੜ੍ਹ: ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜੂਰੀ ਰਾਗੀ ਪਦਮਸ੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਕੋਰੋਨਾ ਵਾਇਰਸ ਦੀ ਚਪੇਟ ਵਿੱਚ ਆ ਗਏ ਹਨ। ਉਨ੍ਹਾਂ ਦਾ ਤਬਾਦਲਾ 30 ਮਾਰਚ ਨੂੰ ਸ੍ਰੀ ਗੁਰੂ ਰਾਮਦਾਸ ਹਸਪਤਾਲ (ਐਸਜੀਆਰਡੀ) ਤੋਂ ਗੁਰੂ ਨਾਨਕ ਦੇਵ ਹਸਪਤਾਲ (ਜੀਐਨਡੀਐਚ) ਕੀਤਾ ਗਿਆ ਸੀ। ਉਦੋਂ ਉਨ੍ਹਾਂ 'ਚ ਕੋਰੋਨਾ ਵਾਇਰਸ ਦੇ ਲੱਛਣ ਪਾਏ ਗਏ ਸਨ। ਇਹ ਜਾਣਕਾਰੀ ਸਰਕਾਰੀ ਮੈਡੀਕਲ ਕਾਲਜ ਦੀ ਪ੍ਰਿੰਸੀਪਲ ਡਾ. ਸੁਜਾਤਾ ਸ਼ਰਮਾ ਵੱਲੋਂ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ ਭਾਈ ਨਿਰਮਲ ਸਿੰਘ ਨੂੰ ਖੰਘ, ਬੁਖਾਰ ਦੇ ਨਾਲ-ਨਾਲ ਸਾਹ ਲੈਣ 'ਚ ਵੀ ਕਾਫ਼ੀ ਤਕਲੀਫ ਸੀ। ਹਸਪਤਾਲ ਦੇ ਡਾਕਟਰਾਂ ਵੱਲੋਂ ਉਨ੍ਹਾਂ ਦੀ ਸਕਰੀਨਿੰਗ ਕਰ ਟੈਸਟਿੰਗ ਲਈ ਬਲੱਡ ਸੈਂਪਲ ਲੈ ਕੇ ਜਾਂਚ ਲਈ ਭੇਜ ਦਿੱਤਾ ਸੀ। ਜਾਣਕਾਰੀ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਚਾਲਿਤ ਸ੍ਰੀ ਗੁਰੂ ਰਾਮ ਦਾਸ ਮੈਡੀਕਲ ਕਾਲਜ 'ਚ ਉਹ ਕੁਝ ਦਿਨ ਇਲਾਜ ਅਧੀਨ ਰਹੇ। ਇਸ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਨੂੰ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਰੈਫ਼ਰ ਕਰ ਦਿੱਤਾ। ਇੱਥੇ ਉਨ੍ਹਾਂ ਦੀ ਰਿਪੋਰਟ ਪੌਜ਼ੀਟਿਵ ਆਈ ਹੈ।