ਨਵੀਂ ਦਿੱਲੀ: ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ 'ਚ ਦਿੱਲੀ ਦੇ ਦਰਿਆਗੰਜ ਵਿੱਚ ਹਿੰਸਾ ਭੜਕਾਉਣ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤੇ ਗਏ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ਤਿਹਾੜ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ।
ਜੇਲ੍ਹ ਤੋਂ ਰਿਹਾਅ ਹੋਏ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ - ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ
ਦਿੱਲੀ ਦੀ ਇੱਕ ਅਦਾਲਤ ਤੋਂ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ਮਿਲੀ ਜ਼ਮਾਨਤ ਤੋਂ ਬਾਅਦ ਵੀਰਵਾਰ ਰਾਤ ਉਨ੍ਹਾਂ ਨੂੰ ਤਿਹਾੜ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ।
ਚੰਦਰਸ਼ੇਖਰ ਆਜ਼ਾਦ ਨੂੰ ਦਿੱਲੀ ਦੀ ਇੱਕ ਅਦਾਲਤ ਨੇ ਪਿਛਲੇ ਦਿਨੀਂ ਜ਼ਮਾਨਤ ਦੇ ਦਿੱਤੀ ਸੀ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਚੰਦਰਸ਼ੇਖਰ ਆਜ਼ਾਦ ਨੇ ਕਿਹਾ ਕਿ ਸਾਡਾ ਅਦੋਲਨ ਇਸੇ ਤਰ੍ਹਾਂ ਹੀ ਜਾਰੀ ਰਹੇਗਾ ਜਦੋਂ ਤੱਕ ਇਹ ਕਾਨੂੰਨ ਵਾਪਿਸ ਨਹੀਂ ਲਿਆ ਜਾਂਦਾ। ਚੰਦਰਸ਼ੇਖਰ ਆਜ਼ਾਦ ਨੇ ਕਿਹਾ ਕਿ ਉਹ ਸ਼ੁਕਰਵਾਰ ਨੂੰ ਦੁਪਹਿਰ 1 ਵਜੇ ਜਾਮਾ ਮਸਜਿਦ ਜਾਣਗੇ ਅਤੇ ਬਾਅਦ ਵਿਚ ਰਵਿਦਾਸ ਮੰਦਰ, ਗੁਰਦੁਆਰੇ ਅਤੇ ਇੱਕ ਚਰਚ ਵੀ ਜਾਣਗੇ।
ਜ਼ਿਕਰਯੋਗ ਹੈ ਕਿ ਆਜ਼ਾਦ ਨੂੰ ਬੀਤੀ 21 ਦਸੰਬਰ ਨੂੰ ਨਾਗਰਿਕਤਾ ਸੋਧ ਕਾਨੂੰਨ ਅਤੇ ਰਾਸ਼ਟਰੀ ਨਾਗਰਿਕਤਾ ਰਜਿਸਟਰ ਦੇ ਵਿਰੋਧ 'ਚ ਦਿੱਲੀ ਦੇ ਦਰਿਆਗੰਜ 'ਚ ਹਿੰਸਾ ਭੜਕਾਉਣ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਅਦਾਲਤ ਨੇ ਉਨ੍ਹਾਂ ਨੂੰ 16 ਫਰਵਰੀ ਤੱਕ ਦਿੱਲੀ 'ਚ ਕੋਈ ਵੀ ਵਿਰੋਧ ਪ੍ਰਦਰਸ਼ਨ ਨਾ ਕਰਨ ਦਾ ਹੁਕਮ ਦਿੱਤਾ ਹੈ।ਨਾਗਰਿਕਤਾ ਸੋਧ ਕਾਨੂੰਨ ਅਤੇ ਨੈਸ਼ਨਲ ਰਜਿਸਟਰ ਆਫ਼ ਸਿਟੀਜ਼ਨਜ਼ ਨੂੰ ਲੈ ਕੇ ਦਿੱਲੀ ਭਾਰਤ ਦੇ ਕਈ ਸੂਬਿਆਂ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਥੇ ਹੀ ਬਿਤੇ ਦਿਨੀਂ ਦਿੱਲੀ ਵਿੱਚ ਪ੍ਰਦਰਸ਼ਨ ਦੌਰਾਨ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ਜਾਮਾ ਮਸਜਿਦ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ।