ਉਨਾਓ: ਭਾਜਪਾ ਸੰਸਦ ਮੈਂਬਰ ਸਾਕਸ਼ੀ ਮਹਾਰਾਜ ਨੇ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਹੈ ਅਤੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਇੱਕ ਪਾਕਿਸਤਾਨੀ ਨੰਬਰ ਤੋਂ ਬੰਬ ਧਮਾਕੇ ਵਿੱਚ ਜਾਨ ਤੋਂ ਮਾਰਨ ਦੀ ਧਮਕੀ ਦੇਣ ਵਾਲਾ ਫੋਨ ਆਇਆ ਹੈ।
ਸਦਰ ਕੋਤਵਾਲੀ ਦੇ ਇੰਚਾਰਜ ਇੰਸਪੈਕਟਰ ਦਿਨੇਸ਼ ਚੰਦਰ ਮਿਸ਼ਰਾ ਨੂੰ ਦਿੱਤੀ ਸ਼ਿਕਾਇਤ ਵਿੱਚ ਉਨਾਓ ਤੋਂ ਸੰਸਦ ਮੈਂਬਰ ਨੇ ਕਿਹਾ ਕਿ ਉਨ੍ਹਾਂ ਨੂੰ ਪਾਕਿਸਤਾਨ ਦੇ ਕਿਸੇ ਅੱਤਵਾਦੀ ਸੰਗਠਨ ਦੇ 2 ਫੋਨ ਆਏ ਜੋ ਉਸ ਦੀ ਰਿਹਾਇਸ਼ ਦੇ ਨਾਲ-ਨਾਲ ਉਨ੍ਹਾਂ ਨੂੰ ਉਡਾਉਣ ਦੀ ਧਮਕੀ ਦੇ ਰਹੇ ਸਨ।
ਲਿਖਤੀ ਸ਼ਿਕਾਇਤ ਦੇ ਅਨੁਸਾਰ, ਕਾਲ ਕਰਨ ਵਾਲੇ ਨੇ ਦਾਅਵਾ ਕੀਤਾ ਕਿ ਕਸ਼ਮੀਰ ਜਲਦੀ ਹੀ ਪਾਕਿਸਤਾਨ ਦਾ ਹਿੱਸਾ ਬਣ ਜਾਵੇਗਾ ਅਤੇ ਉਸ ਨੇ ਅਯੁੱਧਿਆ ਵਿਖੇ ਰਾਮ ਮੰਦਰ ਦੇ ਨੀਂਹ ਪੱਥਰ ਸਮਾਗਮ ਲਈ ਵੀ ਭੱਦੀ ਸ਼ਬਦਾਵਲੀ ਦੀ ਵਰਤੋਂ ਕੀਤੀ।
ਫੋਨ ਕਰਨ ਵਾਲੇ ਨੇ ਕਿਹਾ ਕਿ ਉਹ ਅਤੇ ਉਸ ਦੇ ਮੁਜਾਹਿਦੀਨ ਭਾਜਪਾ ਸਾਂਸਦ 'ਤੇ ਨਜ਼ਰ ਰੱਖ ਰਹੇ ਹਨ। ਸੰਸਦ ਮੈਂਬਰ ਨੇ ਸ਼ਿਕਾਇਤ ਵਿੱਚ ਇਹ ਵੀ ਕਿਹਾ ਕਿ ਫੋਨ ਕਰਨ ਵਾਲੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਆਰਐਸਐਸ ਦੇ ਮੁਖੀ ਮੋਹਨ ਭਾਗਵਤ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਵੀ ਗਾਲ਼ਾਂ ਕੱਢੀਆਂ। ਸੰਸਦ ਮੈਂਬਰ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਦੀ ਸੁਰੱਖਿਆ ਲਈ ਤੁਰੰਤ ਕਦਮ ਚੁੱਕੇ ਜਾਣ।
ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਐਸ.ਪੀ. ਰੋਹਨ ਪੀ ਕਨਯ ਨੇ ਸਰਕਲ ਅਫ਼ਸਰ ਯਾਦਵਿੰਦਰ ਯਾਦਵ ਅਤੇ ਕੋਤਵਾਲੀ ਇੰਚਾਰਜ ਨੂੰ ਮਾਮਲੇ ਦੀ ਜਾਂਚ ਕਰਨ ਅਤੇ ਨਿਗਰਾਨੀ ਟੀਮਾਂ ਦੀ ਮਦਦ ਲੈਣ ਦੇ ਨਿਰਦੇਸ਼ ਦਿੱਤੇ। ਐਸਪੀ ਨੇ ਕਿਹਾ ਕਿ ਮਾਮਲੇ ਸਬੰਧੀ ਰਿਪੋਰਟ ਦਰਜ ਕਰ ਲਈ ਗਈ ਹੈ।
ਐਸਪੀ ਨੇ ਅੱਗੇ ਕਿਹਾ ਕਿ ਸੰਸਦ ਮੈਂਬਰ ਦੀ ਵਾਈ ਸ਼੍ਰੇਣੀ ਦੀ ਸੁਰੱਖਿਆ ਹੈ ਅਤੇ ਪੁਲਿਸ ਵੀ ਉਨ੍ਹਾਂ ਦੀ ਰਿਹਾਇਸ਼ 'ਤੇ ਤਾਇਨਾਤ ਹੈ ਪਰ ਧਮਕੀ ਮਿਲਣ ਦੇ ਮੱਦੇਨਜ਼ਰ ਉਨ੍ਹਾਂ ਦੇ ਸੁਰੱਖਿਆ ਕਵਰ ਦੀ ਸਮੀਖਿਆ ਕੀਤੀ ਜਾਵੇਗੀ।